GSGurdit7ਅੱਜ ਸਾਡੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਉੱਤੇ ਇੱਕ ਹੀ ਸਮੇਂ ...
(19 ਨਵੰਬਰ 2018)

 

ਅੱਜ ਦੇ ਸਮੇਂ ਕੋਈ ਵਿਰਲਾ ਹੀ ਸਰਕਾਰੀ ਅਧਿਆਪਕ ਮਿਲਦਾ ਹੈ ਜਿਸਦੇ ਆਪਣੇ ਬੱਚੇ ਵੀ ਕਿਸੇ ਸਰਕਾਰੀ ਸਕੂਲ ਵਿੱਚ ਪੜ੍ਹਦੇ ਹੋਣ। ਇਸ ਤੋਂ ਆਮ ਲੋਕ ਇਹੀ ਸਮਝਦੇ ਹਨ ਕਿ ਸਰਕਾਰੀ ਅਧਿਆਪਕ ਚੰਗੀ ਤਰ੍ਹਾਂ ਪੜ੍ਹਾਉਂਦੇ ਨਹੀਂ ਹੋਣਗੇ, ਤਾਂ ਹੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਤੋਂ ਦੂਰ ਰੱਖਦੇ ਹੋਣਗੇ। ਨਤੀਜੇ ਵਜੋਂ ਹਰ ਸਰਕਾਰੀ ਅਧਿਆਪਕ ਨੂੰ ਹੀ ਕੰਮਚੋਰ ਅਤੇ ਵਿਹਲੜ ਸਮਝ ਲਿਆ ਜਾਂਦਾ ਹੈ ਜਿਵੇਂ ਕਿ ਉਹ ਮੁਫ਼ਤ ਦੀ ਹੀ ਤਨਖਾਹ ਲੈ ਰਿਹਾ ਹੋਵੇ। ਪਰ ਅਸਲੀਅਤ ਵਿੱਚ ਇਹ ਗੁੰਝਲ ਇੰਨੀ ਸਿੱਧੀ-ਸਾਦੀ ਨਹੀਂ ਹੈ। ਸਾਨੂੰ ਧਿਆਨ ਨਾਲ ਵੇਖਣ ਦੀ ਲੋੜ ਹੈ ਕਿ ਕੀ ਅਸੀਂ ਆਪਣੇ ਸਰਕਾਰੀ ਸਕੂਲਾਂ ਵਿੱਚ ਉਹ ਢਾਂਚਾ ਉਪਲਬਧ ਕਰਵਾ ਰਹੇ ਹਾਂ ਜਿਸ ਢਾਂਚੇ ਨਾਲ ਨਿੱਜੀ ਸਕੂਲ ਸਫਲ ਹੋ ਰਹੇ ਹਨ? ਜਦੋਂ ਤੱਕ ਸਾਡੇ ਸਰਕਾਰੀ ਸਕੂਲ ਸਮੇਂ ਦੇ ਹਾਣ ਦੇ ਨਹੀਂ ਹੋਣਗੇ ਤਾਂ ਅਸੀਂ ਕਿਸੇ ਨੂੰ ਮਜਬੂਰ ਕਰਕੇ ਉੱਥੇ ਨਹੀਂ ਭੇਜ ਸਕਦੇ। ਇਸੇ ਕਾਰਨ ਅੱਜਕੱਲ ਅਮੀਰ ਲੋਕਾਂ ਦੇ ਨਾਲ-ਨਾਲ ਆਮ ਦਰਮਿਆਨੇ ਲੋਕ ਵੀ ਸਰਕਾਰੀ ਸਕੂਲਾਂ ਤੋਂ ਦੂਰ ਹੋ ਰਹੇ ਹਨ। ਪਰ ਸਾਡੀਆਂ ਸਰਕਾਰਾਂ ਆਪਣੀ ਗਲਤੀ ਮੰਨਣ ਦੀ ਥਾਂ ਅਧਿਆਪਕਾਂ ਨੂੰ ਦੋਸ਼ੀ ਠਹਿਰਾ ਕੇ ਹੀ ਸੁਰਖੁਰੂ ਹੋਣਾ ਚਾਹੁੰਦੀਆਂ ਹਨ। ਅਧਿਆਪਕਾਂ ਦੇ ਵੱਧ ਤੋਂ ਵੱਧ ਸਿਖਲਾਈ ਸੈਮੀਨਾਰ ਲਗਾ ਕੇ ਜਾਂ ਦੂਰ-ਦੁਰਾਡੇ ਬਦਲੀਆਂ ਕਰਕੇ ਸਕੂਲਾਂ ਵਿੱਚ ਸੁਧਾਰ ਨਹੀਂ ਹੋਣਾ ਕਿਉਂਕਿ ਸਮੱਸਿਆ ਦੀ ਜੜ੍ਹ ਕਿਤੇ ਹੋਰ ਹੈ।

ਅਸਲ ਵਿੱਚ ਸਾਡਾ ਸਕੂਲੀ ਢਾਂਚਾ ਸਮੇਂ ਦੇ ਹਾਣ ਦਾ ਨਹੀਂ ਰਿਹਾ। ਜੇ ਅਸੀਂ ਅਜੇ ਵੀ ਇਸ ਪੁਰਾਣੇ ਢਾਂਚੇ ਨਾਲ ਹੀ ਚਿੰਬੜੇ ਰਹਾਂਗੇ ਤਾਂ ਸਮੱਸਿਆਵਾਂ ਸਾਨੂੰ ਇੰਜ ਹੀ ਚਿੰਬੜੀਆਂ ਰਹਿਣਗੀਆਂ। ਅੱਜ ਤੋਂ 30-40 ਸਾਲ ਪਹਿਲਾਂ ਇਹ ਮਾਣਤਾ ਹੁੰਦੀ ਸੀ ਕਿ ਹਰ ਪਿੰਡ ਵਿੱਚ ਇੱਕ ਆਪਣਾ ਸਕੂਲ ਹੋਣਾ ਹੀ ਚਾਹੀਦਾ ਹੈ। ਇਸ ਦਾ ਕਾਰਨ ਇਹ ਸੀ ਕਿ ਉਦੋਂ ਆਵਾਜਾਈ ਦੇ ਆਧੁਨਿਕ ਸਾਧਨ ਨਹੀਂ ਹੁੰਦੇ ਸਨ ਅਤੇ ਬੱਚਿਆਂ ਨੂੰ ਦੂਰ-ਦੁਰਾਡੇ ਦੇ ਸਕੂਲਾਂ ਵਿੱਚ ਪਹੁੰਚਣ ਵਿੱਚ ਮੁਸ਼ਕਲ ਹੁੰਦੀ ਸੀ। ਪਰ ਅੱਜ ਦੇ ਸਮੇਂ ਜਦੋਂ ਪ੍ਰਾਈਵੇਟ ਸਕੂਲਾਂ ਵਾਲੇ ਤਾਂ 50-50 ਕਿਲੋਮੀਟਰ ਤੋਂ ਬੱਚਿਆਂ ਨੂੰ ਆਪਣੀਆਂ ਵੈਨਾਂ ਵਿੱਚ ਬਿਠਾ ਕੇ ਲਿਜਾ ਸਕਦੇ ਹਨ ਤਾਂ ਸਰਕਾਰੀ ਸਕੂਲਾਂ ਵਿੱਚ ਇਹ ਢਾਂਚਾ ਕਿਉਂ ਨਾ ਵਿਕਸਤ ਕੀਤਾ ਜਾਵੇ? ਹੁਣ ਸਾਡੀ ਕੀ ਮਜਬੂਰੀ ਹੈ ਕਿ ਹਰ ਛੋਟੇ ਜਿਹੇ ਪਿੰਡ ਵਿੱਚ 20-30 ਬੱਚਿਆਂ ਵਾਸਤੇ ਸਹੂਲਤਾਂ ਵਿਹੂਣੇ ਛੋਟੇ-ਛੋਟੇ ਸਕੂਲ ਖੋਲ੍ਹੇ ਜਾਣ? ਕਿਉਂ ਨਾ 5-7 ਪਿੰਡਾਂ ਨੂੰ ਜੋੜ ਕੇ ਵੱਡੇ ਅਤੇ ਪੂਰੀਆਂ ਸਹੂਲਤਾਂ ਵਾਲੇ ਸਰਕਾਰੀ ਸਕੂਲ ਖੋਲ੍ਹੇ ਜਾਣ? ਉਹਨਾਂ ਸਕੂਲਾਂ ਵਿੱਚ ਵੱਡੇ ਪਬਲਿਕ ਸਕੂਲਾਂ ਵਾਂਗੂੰ ਹਰ ਕੰਮ ਲਈ ਵੱਖਰੇ-ਵੱਖਰੇ ਕਰਮਚਾਰੀ ਹੋਣ ਜਿਵੇਂ ਕਿ ਪ੍ਰਿੰਸੀਪਲ, ਵਿਸ਼ਾ ਅਧਿਆਪਕ, ਕਲਰਕ, ਨਿਰਮਾਣ ਅਧਿਕਾਰੀ, ਸਿਹਤ ਅਧਿਕਾਰੀ, ਕੰਪਿਊਟਰ ਚਾਲਕ, ਖੇਡ ਕੋਚ, ਮਾਲੀ, ਸਫਾਈ ਸੇਵਕ, ਰਸੋਈਏ, ਚੌਕੀਦਾਰ ਆਦਿ। ਸਕੂਲਾਂ ਵਿੱਚ ਵਿਸ਼ਵ ਪੱਧਰ ਦੀਆਂ ਸਹੂਲਤਾਂ ਹੋਣ ਜਿਵੇਂ ਕਿ ਆਡੀਓ-ਵਿਜ਼ੂਅਲ ਸਹੂਲਤਾਂ ਵਾਲੇ ਜਮਾਤ ਕਮਰੇ, ਖੇਡ ਮੈਦਾਨ, ਸਾਇੰਸ ਲੈਬੌਰਟਰੀਆਂ ਅਤੇ ਲਾਇਬ੍ਰੇਰੀਆਂ ਆਦਿ। ਦੂਰ ਦੇ ਬੱਚਿਆਂ ਨੂੰ ਲਿਆਉਣ ਲਈ ਚੰਗੇ ਟਰਾਂਸਪੋਰਟ ਦੇ ਸਾਧਨ ਹੋਣ ਜਿਵੇਂ ਕਿ ਪ੍ਰਾਈਵੇਟ ਸਕੂਲਾਂ ਦੇ ਹੁੰਦੇ ਹਨ। ਸਾਰੇ ਬੱਚੇ ਸੋਹਣੀਆਂ ਵਰਦੀਆਂ ਪਾ ਕੇ ਅਤੇ ਪੂਰੀ ਤਰ੍ਹਾਂ ਤਿਆਰ ਹੋ ਕੇ ਸਕੂਲ ਪਹੁੰਚਣ ਤਾਂ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚਲਾ ਫਰਕ ਮਾਪਿਆਂ ਨੂੰ ਮਹਿਸੂਸ ਹੀ ਨਾ ਹੋਵੇ। ਸਾਰੇ ਅਧਿਆਪਕ ਰੈਗੂਲਰ ਹੋਣ, ਬਰਾਬਰ ਅਤੇ ਉੱਚ ਗ੍ਰੇਡ ਦੀਆਂ ਤਨਖਾਹਾਂ ਲੈਂਦੇ ਹੋਣ ਅਤੇ ਉਹਨਾਂ ਨੂੰ ਪੜ੍ਹਾਈ ਤੋਂ ਇਲਾਵਾ ਇੱਕ ਵੀ ਫਾਲਤੂ ਕੰਮ ਨਾ ਦਿੱਤਾ ਜਾਵੇ।

ਛੋਟੇ ਸਕੂਲਾਂ ਦੀਆਂ ਛੋਟੀਆਂ ਜਮਾਤਾਂ ਵਿੱਚ ਤਾਂ ਇਹ ਹੁੰਦਾ ਹੈ ਕਿ ਇੱਕ ਹੀ ਅਧਿਆਪਕ ਨੂੰ ਕਈ-ਕਈ ਜਮਾਤਾਂ ਪੜ੍ਹਾਉਣੀਆਂ ਪੈਂਦੀਆਂ ਹਨ। ਅਧਿਆਪਕ ਭਾਗ ਦੇ ਸਵਾਲ ਕਰਵਾ ਰਿਹਾ ਹੁੰਦਾ ਹੈ ਪਰ ਕੁੱਝ ਬੱਚਿਆਂ ਨੂੰ ਘਟਾਉ ਅਤੇ ਗੁਣਾ ਵੀ ਨਹੀਂ ਆਉਂਦੇ ਹੁੰਦੇ ਅਤੇ ਉਹ ਬੱਸ ਮੂੰਹ ਵੱਲ ਹੀ ਵੇਖਦੇ ਰਹਿੰਦੇ ਹਨ। ਜੇਕਰ ਅਧਿਆਪਕ ਕਮਜ਼ੋਰ ਬੱਚਿਆਂ ਵੱਲ ਵੱਧ ਧਿਆਨ ਦਿੰਦਾ ਹੈ ਤਾਂ ਹੁਸ਼ਿਆਰ ਬੱਚੇ ਆਪਣੀ ਵਾਰੀ ਨੂੰ ਉਡੀਕਦੇ ਰਹਿੰਦੇ ਹਨ। ਪਰ ਜੇਕਰ ਸਕੂਲ ਵੱਡੇ ਹੋਣ ਤਾਂ ਹਰ ਜਮਾਤ ਦੇ ਸੈਕਸ਼ਨ ਵੀ ਵੱਖ-ਵੱਖ ਪੱਧਰਾਂ ਮੁਤਾਬਿਕ ਹੀ ਬਣਾਏ ਜਾ ਸਕਦੇ ਹਨ। ਅਧਿਆਪਕ ਨੂੰ ਪਤਾ ਹੋਵੇ ਕਿ ਉਹ ਕਿਹੜੇ ਪੱਧਰ ਵਾਲੇ ਸੈਕਸ਼ਨ ਵਿੱਚ ਜਾ ਰਿਹਾ ਹੈ ਅਤੇ ਉੱਥੇ ਕੀ-ਕੀ ਪੜ੍ਹਾਉਣ ਦੀ ਲੋੜ ਹੈ। ਉਹ ਜਿਹੜੇ ਵੀ ਸੈਕਸ਼ਨ ਵਿੱਚ ਜਾਵੇ ਉਸ ਸੈਕਸ਼ਨ ਦੇ ਪੱਧਰ ਮੁਤਾਬਿਕ ਹੀ ਪੜ੍ਹਾਵੇ ਅਤੇ ਉਸ ਸੈਕਸ਼ਨ ਦੇ ਸਾਰੇ ਬੱਚੇ ਉਸ ਨੂੰ ਸਮਝਣ ਦੇ ਸਮਰੱਥ ਵੀ ਹੋਣ। ਕਿਸੇ ਵੀ ਅਧਿਆਪਕ ਕੋਲ ਜਮਾਤ ਵਿੱਚ ਕੋਈ ਮੋਬਾਈਲ ਫੋਨ ਨਾ ਹੋਵੇ ਕਿਉਂਕਿ ਉਸ ਨੂੰ ਕਿਸੇ ਡਾਕ ਆਦਿ ਦੀ ਕੋਈ ਫ਼ਿਕਰ ਹੀ ਨਾ ਹੋਵੇ। ਹਰ ਤਰ੍ਹਾਂ ਦੀ ਡਾਕ ਅਤੇ ਰਿਕਾਰਡ ਦਾ ਕੰਮ ਸਿਰਫ ਕਲਰਕਾਂ ਅਤੇ ਪ੍ਰਬੰਧਕਾਂ ਨੇ ਹੀ ਕਰਨਾ ਹੋਵੇ। ਅਧਿਆਪਕਾਂ ਨੇ ਆਪਣਾ ਪੂਰਾ ਸਮਾਂ ਸਿਰਫ ਆਪਣੀਆਂ ਜਮਾਤਾਂ ਵਿੱਚ ਹੀ ਗੁਜ਼ਾਰਨਾ ਹੋਵੇ। ਉਸ ਤੋਂ ਬਾਅਦ ਹਰ ਅਧਿਆਪਕ ਤੋਂ ਨਤੀਜਾ ਮੰਗਿਆ ਜਾਵੇ ਜਿਸ ਨੂੰ ਵੱਖ-ਵੱਖ ਤਰ੍ਹਾਂ ਦੇ ਮਾਹਰਾਂ ਵੱਲੋਂ ਚੈੱਕ ਕੀਤਾ ਜਾਵੇ। ਵਧੀਆ ਨਤੀਜਾ ਸਿਰਫ ਲਿਖਤੀ ਪੇਪਰਾਂ ਵਿੱਚੋਂ ਪ੍ਰਾਪਤ ਅੰਕਾਂ ਨੂੰ ਹੀ ਨਾ ਮੰਨਿਆ ਜਾਵੇ ਸਗੋਂ ਇਹ ਵੇਖਿਆ ਜਾਵੇ ਕਿ ਬੱਚਿਆਂ ਨੂੰ ਭਵਿੱਖ ਦੇ ਕਿਹੋ ਜਿਹੇ ਨਾਗਰਿਕ ਬਣਾਇਆ ਜਾ ਰਿਹਾ ਹੈ। ਜੋ ਵੀ ਅਧਿਆਪਕ ਸਾਰਥਕ ਨਤੀਜੇ ਦੇਣ ਤੋਂ ਅਸਮਰੱਥ ਹੋਵੇ ਉਸ ਨੂੰ ਜਾਂ ਤਾਂ ਘਰ ਭੇਜ ਦਿੱਤਾ ਜਾਵੇ ਅਤੇ ਜਾਂ ਫਿਰ ਕਿਸੇ ਹੋਰ ਵਿਭਾਗ ਵਿੱਚ ਬਦਲ ਦਿੱਤਾ ਜਾਵੇ।

ਜਦੋਂ ਅਸੀਂ ਇੱਕ ਹੀ ਕਰਮਚਾਰੀ ਨੂੰ ਵੀਹ ਤਰ੍ਹਾਂ ਦੇ ਕੰਮ ਸੌਂਪ ਦਿਆਂਗੇ ਤਾਂ ਉਹ ਕਿਸੇ ਵੀ ਕੰਮ ਨੂੰ ਪੂਰਾ ਨਹੀਂ ਕਰੇਗਾ ਅਤੇ ਹਰ ਕੰਮ ਦੀ ਅਪੂਰਨਤਾ ਲਈ ਆਪਣੇ ਦੂਸਰੇ ਕੰਮਾਂ ਨੂੰ ਜ਼ਿੰਮੇਵਾਰ ਠਹਿਰਾਏਗਾ। ਜੇਕਰ ਉਹ ਇਮਾਨਦਾਰ ਵੀ ਹੋਏਗਾ, ਫਿਰ ਵੀ ਉਹ ਸਾਰੇ ਕੰਮਾਂ ਨਾਲ ਇਨਸਾਫ਼ ਨਹੀਂ ਕਰ ਸਕੇਗਾ। ਮਿਸਾਲ ਦੇ ਤੌਰ ’ਤੇ, ਅੱਜ ਸਾਡੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਉੱਤੇ ਇੱਕ ਹੀ ਸਮੇਂ ਬੱਚਿਆਂ ਨੂੰ ਪੜ੍ਹਾਉਣ, ਖਾਣੇ ਦਾ ਪ੍ਰਬੰਧ ਕਰਨ, ਖੇਡਾਂ ਦਾ ਪ੍ਰਬੰਧ ਕਰਨ, ਸਾਰੇ ਦਫ਼ਤਰੀ ਕੰਮ, ਈ-ਪੰਜਾਬ ਦਾ ਆਨਲਾਈਨ ਰਿਕਾਰਡ ਬਣਾਉਣ, ਵਜ਼ੀਫ਼ੇ ਦੇ ਆਨਲਾਈਨ ਫਾਰਮ ਭਰਨ, ਬੱਚਿਆਂ ਦੇ ਖਾਤੇ ਖੁੱਲ੍ਹਵਾਉਣ, ਆਧਾਰ ਕਾਰਡ ਨੂੰ ਖਾਤਿਆਂ ਨਾਲ ਜੋੜਨ, ਗਰਾਂਟਾਂ ਖਰਚਣ, ਉਸਾਰੀ ਆਦਿ ਦਾ ਸਮਾਨ ਖਰੀਦਣ, ਗਰਾਂਟਾਂ ਦਾ ਰਿਕਾਰਡ ਬਣਾਉਣ, ਟੁੱਟ-ਭੱਜ ਦੀ ਮੁਰੰਮਤ ਕਰਨ, ਵੋਟਾਂ ਬਣਾਉਣ, ਮਰਦਮਸ਼ੁਮਾਰੀ ਕਰਨ ਅਤੇ ਕਈ ਤਰ੍ਹਾਂ ਦੇ ਸਰਵੇਖਣ ਕਰਨ ਦੀਆਂ ਜ਼ਿੰਮੇਵਾਰੀਆਂ ਪਈਆਂ ਹੋਈਆਂ ਹਨ। ਉਹ ਖ਼ੁਦ ਹੀ ਸਫਾਈ ਸੇਵਕ, ਚੌਕੀਦਾਰ, ਮਾਲੀ, ਕਲਰਕ, ਡਾਕੀਆ, ਕੰਪਿਊਟਰ ਆਪਰੇਟਰ ਅਤੇ ਹੋਰ ਪਤਾ ਨਹੀਂ ਕੀ-ਕੀ ਬਣੇ ਰਹਿੰਦੇ ਹਨ। ਕੀ ਇੰਨੇ ਕੰਮ ਕਰਨ ਤੋਂ ਬਾਅਦ ਕੋਈ ਪੜ੍ਹਾਉਣ ਦੇ ਕਾਬਲ ਰਹਿ ਸਕਦਾ ਹੈ? ਇਸਦਾ ਸਭ ਤੋਂ ਵੱਧ ਘਾਟਾ ਬੱਚਿਆਂ ਨੂੰ ਹੀ ਪੈਂਦਾ ਹੈ ਕਿਉਂਕਿ ਅਫ਼ਸਰਸ਼ਾਹੀ ਤਾਂ ਅਧਿਆਪਕਾਂ ਤੋਂ ਧੱਕੇ ਨਾਲ ਵੀ ਆਪਣੇ ਕੰਮ ਪੂਰੇ ਕਰਵਾ ਲੈਂਦੀ ਹੈ ਪਰ ਬੱਚੇ ਤਾਂ ਅਧਿਆਪਕ ਨੂੰ ਉਡੀਕਦੇ ਹੀ ਰਹਿ ਜਾਂਦੇ ਹਨ। ਇੰਜ ਇੱਕ ਇਮਾਨਦਾਰ ਅਧਿਆਪਕ ਤਾਂ ਬੁਰੀ ਤਰ੍ਹਾਂ ਨਪੀੜਿਆ ਜਾਂਦਾ ਹੈ ਅਤੇ ਪਰੇਸ਼ਾਨ ਰਹਿਣ ਲੱਗਦਾ ਹੈ, ਇੱਕ ਔਸਤ ਅਧਿਆਪਕ ਬਾਕੀ ਕੰਮ ਤਾਂ ਕਰ ਲੈਂਦਾ ਹੈ ਪਰ ਪੜ੍ਹਾਈ ਉੱਤੇ ਪੂਰਾ ਸਮਾਂ ਨਹੀਂ ਦੇ ਸਕਦਾ ਅਤੇ ਇੱਕ ਕੰਮਚੋਰ ਅਧਿਆਪਕ ਕਿਸੇ ਵੀ ਕੰਮ ਨੂੰ ਸਹੀ ਢੰਗ ਨਾਲ ਨਹੀਂ ਕਰਦਾ ਕਿਉਂਕਿ ਉਸ ਕੋਲ ਬਹੁਤ ਸਾਰੇ ਬਹਾਨੇ ਹੁੰਦੇ ਹਨ। ਇੰਜ ਇਹ ਤਿੰਨੇ ਹੀ ਕਿਸਮ ਦੇ ਕਰਮਚਾਰੀ ਮਿਆਰੀ ਨਤੀਜੇ ਨਹੀਂ ਦੇ ਸਕਦੇ।

ਸਾਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਜੇਕਰ ਸਾਡੇ ਸਾਰੇ ਅਧਿਆਪਕ ਇਮਾਨਦਾਰ ਨਹੀਂ ਤਾਂ ਸਾਰੇ ਕੰਮਚੋਰ ਵੀ ਨਹੀਂ ਹੋਣਗੇ। ਅਸਲ ਵਿੱਚ ਬਹੁਤੇ ਅਧਿਆਪਕ ਤਾਂ ਮਿਹਨਤੀ ਅਤੇ ਨਿਸ਼ਠਾਵਾਨ ਹੀ ਹੁੰਦੇ ਹਨ ਪਰ ਉਹ ਉੱਚ ਅਧਿਕਾਰੀਆਂ ਤੋਂ ਡਰਦੇ ਹੋਣ ਕਾਰਨ ਸਿਰਫ਼ ਦਫ਼ਤਰੀ ਕੰਮਾਂ ਨੂੰ ਹੀ ਪਹਿਲ ਦੇ ਆਧਾਰ ਉੱਤੇ ਕਰਦੇ ਹਨ। ਇੰਜ ਇਹ ਦਫਤਰੀ ਕੰਮ ਹੀ ਪੜ੍ਹਾਈ ਦੇ ਸਭ ਤੋਂ ਵੱਡੇ ਦੁਸ਼ਮਣ ਬਣ ਜਾਂਦੇ ਹਨ। ਛੋਟੇ ਸਕੂਲਾਂ ਵਿੱਚ ਇਹ ਸਮੱਸਿਆ ਕਦੇ ਹੱਲ ਹੋ ਹੀ ਨਹੀਂ ਸਕਣੀ ਕਿਉਂਕਿ 20-30 ਬੱਚਿਆਂ ਵਾਸਤੇ ਇੰਨੇ ਕਰਮਚਾਰੀ ਦਿੱਤੇ ਹੀ ਨਹੀਂ ਜਾ ਸਕਦੇ। ਇਸਦਾ ਇੱਕੋ-ਇੱਕ ਹੱਲ ਵੱਡੇ ਸਕੂਲ ਹੀ ਹਨ। ਸਾਡੇ ਕੋਲ ਕਾਬਲ ਅਧਿਆਪਕਾਂ ਦੀ ਕੋਈ ਘਾਟ ਨਹੀਂ ਹੈ ਪਰ ਉਹਨਾਂ ਦੀ ਕਾਬਲੀਅਤ ਉਦੋਂ ਹੀ ਭਵਿੱਖ ਸਿਰਜ ਸਕਦੀ ਹੈ ਜਦੋਂ ਉਹ ਸਭ ਪਾਸਿਉਂ ਧਿਆਨ ਹਟਾ ਕੇ ਕੇਵਲ ਆਪਣੇ ਵਿਦਿਆਰਥੀਆਂ ਨੂੰ ਹੀ ਸਮਾਂ ਦੇਣ।

ਅਸਲ ਵਿੱਚ ਸਾਡੇ ਕੋਲ ‘ਬੁਲਟ ਟਰੇਨ’ ਤਾਂ ਹੈ ਪਰ ਅਸੀਂ ਉਸ ਨੂੰ ਟੁੱਟੀਆਂ-ਭੱਜੀਆਂ ਪੁਰਾਣੀਆਂ ਰੇਲਵੇ ਲਾਈਨਾਂ ਉੱਤੇ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਸਾਨੂੰ ਆਪਣੀਆਂ ਰੇਲਵੇ ਲਾਈਨਾਂ ਨੂੰ ਬੁਲਟ ਟਰੇਨ ਦੇ ਕਾਬਲ ਬਣਾਉਣ ਦੀ ਲੋੜ ਹੈ ਅਰਥਾਤ ਸਾਨੂੰ ਆਪਣੇ ਸਕੂਲੀ ਢਾਂਚੇ ਨੂੰ ਮੁੜ ਤੋਂ ਵਿਉਂਤਣ ਦੀ ਲੋੜ ਹੈ। ਇਸ ਨਾਲ ਸਰਕਾਰੀ ਸਕੂਲਾਂ ਉੱਤੇ ਲੋਕਾਂ ਦਾ ਭਰੋਸਾ ਬੱਝੇਗਾ ਅਤੇ ਉਹ ਮਹਿੰਗੇ ਪ੍ਰਾਈਵੇਟ ਸਕੂਲਾਂ ਵੱਲ ਨਹੀਂ ਭੱਜਣਗੇ? ਫਿਰ ਸਰਕਾਰੀ ਅਧਿਆਪਕਾਂ ਦੇ ਬੱਚੇ ਤਾਂ ਕੀ, ਵੱਡੇ-ਵੱਡੇ ਅਫਸਰਾਂ, ਅਮੀਰ ਲੋਕਾਂ ਅਤੇ ਅਤੇ ਸਿਆਸਤਦਾਨਾਂ ਦੇ ਬੱਚੇ ਵੀ ਸਰਕਾਰੀ ਸਕੂਲਾਂ ਵਿੱਚ ਹੀ ਪੜ੍ਹਨ ਲਈ ਆਉਣਗੇ। ਪਰ ਹੁਣ ਵੇਖਣਾ ਇਹ ਹੈ ਕਿ ਕੀ ਸਾਡੀ ਸਰਕਾਰ ਸੱਚਮੁੱਚ ਹੀ ਇਸ ਮਾਮਲੇ ਵਿੱਚ ਗੰਭੀਰ ਹੈ। ਕਿਉਂਕਿ ਅਜੇ ਤੱਕ ਤਾਂ ਸਰਕਾਰ ਜੰਗਲ ਦੀ ਅੱਗ ਨੂੰ ਫੂਕਾਂ ਮਾਰ ਕੇ ਬੁਝਾਉਣ ਦੀ ਕੋਸ਼ਿਸ਼ ਹੀ ਕਰ ਰਹੀ ਹੈ।

*****

(1396)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਜੀ. ਐੱਸ. ਗੁਰਦਿੱਤ

ਜੀ. ਐੱਸ. ਗੁਰਦਿੱਤ

Phone: (91 - 94171 - 93193)
Email: (gurditgs@gmail.com)

More articles from this author