JatinderPannu7ਕਿਸਾਨਾਂ ਨਾਲ ਦੁਸ਼ਮਣੀ ਵਾਲੇ ਤਾਜ਼ਾ ਕਦਮਾਂ ਵਿੱਚੋਂ ਇੱਕ ਖੁਰਾਕ ਏਜੰਸੀ ਐੱਫ ਸੀ ਆਈ ਦਾ ...
(22 ਮਾਰਚ 2021)
(ਸ਼ਬਦ: 1100)


ਜੇ ਆਮ ਹਾਲਾਤ ਵਿੱਚ ਕੋਈ ਬੰਦਾ ਇਹ ਕਹਿ ਦੇਵੇ ਕਿ ‘ਜੈ ਜਵਾਨ
, ਜੈ ਕਿਸਾਨ’ ਦੇ ਨਾਅਰੇ ਲਾਉਣ ਵਾਲੇ ਭਾਰਤ ਵਿੱਚ ਕਿਸਾਨ ਦੀ ਕੀਮਤ ‘ਮਰੀ ਕੁੱਤੀ’ ਦੇ ਬਰਾਬਰ ਵੀ ਨਹੀਂ ਤਾਂ ਕਈ ਲੋਕ ਭੜਕ ਪੈਣਗੇ, ਪਰ ਕਮਾਲ ਦੀ ਗੱਲ ਹੈ ਕਿ ਇੱਡੀ ਵੱਡੀ ਗੱਲ ਉੱਤੇ ਕੋਈ ਖੰਘਿਆ ਹੀ ਨਹੀਂਇੱਦਾਂ ਦੀ ਗੱਲ ਕਹਿਣ ਵਾਲਾ ਬੰਦਾ ਵੀ ਸਧਾਰਨ ਨਹੀਂ, ਭਾਰਤ ਦੇ ਇੱਕ ਉੱਤਰ-ਪੂਰਬੀ ਰਾਜ ਮੇਘਾਲਿਆ ਦਾ ਗਵਰਨਰ ਹੈ, ਜਿਸ ਨੇ ਕਿਹਾ ਹੈ ਕਿ ‘ਇਸ ਦੇਸ਼ ਵਿੱਚ ਕੁੱਤੀ ਮਰੀ ਤੋਂ ਸ਼ੋਕ ਸੰਦੇਸ਼ ਜਾਰੀ ਹੋ ਜਾਂਦੇ ਹਨ, ਪਰ ਢਾਈ ਸੌ ਕਿਸਾਨ ਮਾਰੇ ਜਾਣ ਉੱਤੇ ਸ਼ੋਕ ਸੰਦੇਸ਼ ਤਕ ਜਾਰੀ ਨਹੀਂ ਕੀਤਾ ਗਿਆ ਤਾਂ ਇਹ ਦੁੱਖ ਦੀ ਗੱਲ ਹੈਭਾਰਤ ਦੀ ਸਰਕਾਰ ਨੂੰ ਚਲਾ ਰਹੀ ਪਾਰਟੀ ਭਾਜਪਾ ਤੇ ਉਸ ਦੇ ਪਿੱਛੇ ਖੜ੍ਹੇ ਆਰ ਐੱਸ ਐੱਸ ਦੇ ਆਗੂਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਸਰਕਾਰ ਦੇ ਖਿਲਾਫ ਭੜਕਾਇਆ ਜਾਂਦਾ ਹੈ ਕੀ ਉਨ੍ਹਾਂ ਦੇ ਇਸ ਗਵਰਨਰ ਨੂੰ ਵੀ ਵਿਰੋਧੀਆਂ ਨੇ ਭੜਕਾ ਦਿੱਤਾ ਹੈ ਕਿ ਉਹ ਇੱਡਾ ਅਹੁਦਾ ਦੇਣ ਵਾਲੀ ਸਰਕਾਰ ਦੇ ਵਤੀਰੇ ਖਿਲਾਫ ਬੋਲ ਪਿਆ ਹੈ? ਗਵਰਨਰ ਨੂੰ ਕਿਸੇ ਨੇ ਭੜਕਾਇਆ ਨਹੀਂ, ਉਸ ਦੇ ਅੰਦਰਲਾ ਇੱਕ ਇਨਸਾਨ ਬੋਲਿਆ ਹੈ, ਜਿਵੇਂ ਪਹਿਲਾਂ ਭਾਰਤੀ ਜਨਤਾ ਪਾਰਟੀ ਦਾ ਲੀਡਰ ਸੁਰਜੀਤ ਕੁਮਾਰ ਜਿਆਣੀ ਬੋਲ ਪਿਆ ਸੀ ਕਿ ‘ਭਾਜਪਾ ਆਗੂ ਬਾਅਦ ਵਿੱਚ, ਪਹਿਲਾਂ ਮੈਂ ਕਿਸਾਨ ਹਾਂ’, ਪਰ ਅਗਲੇ ਦਿਨ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਮਗਰੋਂ ਉਹ ਕਿਸਾਨ ਤੋਂ ਪਹਿਲਾਂ ਭਾਜਪਾ ਆਗੂ ਹੋ ਗਿਆ ਸੀਇਸ ਵਾਰੀ ਇੱਡੀ ਵੱਡੀ ਗੱਲ ਕਹਿਣ ਵਾਲਾ ਗਵਰਨਰ ‘ਜਿਆਣਪੁਣਾ’ ਕਰਨ ਵਾਲਾ ਨਹੀਂ ਜਾਪਦਾ, ਉਹ ਟਿਕਾਊ ਬੰਦਾ ਹੈ

ਸਚਾਈ ਇਹ ਹੈ ਕਿ ਕਿਸਾਨਾਂ ਨੂੰ ਕਿਸੇ ਵੱਲੋਂ ਭੜਕਾਇਆ ਨਹੀਂ ਗਿਆ, ਸਰਕਾਰ ਵੱਲੋਂ ਸਤਾਇਆ ਗਿਆ ਹੈ ਤੇ ਸਤਾਉਣ ਦਾ ਇਹ ਅਮਲ ਅੱਜ ਵੀ ਜਾਰੀ ਹੈਪਿਛਲੇ ਦਸਾਂ ਦਿਨਾਂ ਦੇ ਕੇਂਦਰ ਸਰਕਾਰ ਦੀਆਂ ਏਜੰਸੀਆਂ, ਖਾਸ ਤੌਰ ਉੱਤੇ ਐੱਫ ਸੀ ਆਈ (ਫੂਡ ਕਾਰਪੋਰੇਸ਼ਨ ਆਫ ਇੰਡੀਆ) ਦੇ ਪੈਂਤੜੇ ਪਹਿਲਾਂ ਤੋਂ ਸਹਿਕ ਰਹੇ ਕਿਸਾਨਾਂ ਦੀ ਹੋਰ ਸੰਘੀ ਘੁੱਟਣ ਵਾਲੇ ਹਨਇਨ੍ਹਾਂ ਮੰਦੇ ਫੈਸਲਿਆਂ ਦਾ ਵਿਰੋਧ ਵੀ ਬਥੇਰਾ ਹੁੰਦਾ ਪਿਆ ਹੈਸਿਰਫ ਕਿਸਾਨ ਇਸਦਾ ਵਿਰੋਧ ਨਹੀਂ ਕਰਦੇ, ਆੜ੍ਹਤੀਏ ਵੀ ਵਿਰੋਧ ਕਰਦੇ ਹਨ ਅਤੇ ਮੰਡੀਆਂ ਵਿਚਲੇ ਮਜ਼ਦੂਰ ਵੀ ਕਰਦੇ ਪਏ ਹਨਸਰਕਾਰ ਲੋਕਤੰਤਰੀ ਢੰਗ ਨਾਲ ਇਸ ਵਿਰੋਧ ਦੀ ਆਵਾਜ਼ ਨੂੰ ਸੁਣਨ ਦੀ ਬਜਾਏ ਅਗਲੇ ਮਾਰੂ ਕਦਮ ਚੁੱਕਣ ਲੱਗੀ ਹੋਈ ਹੈ

ਕਿਸਾਨਾਂ ਨਾਲ ਦੁਸ਼ਮਣੀ ਵਾਲੇ ਤਾਜ਼ਾ ਕਦਮਾਂ ਵਿੱਚੋਂ ਇੱਕ ਖੁਰਾਕ ਏਜੰਸੀ ਐੱਫ ਸੀ ਆਈ ਦਾ ਇਹ ਨਵਾਂ ਫੈਸਲਾ ਹੈ ਕਿ ਹਰ ਕਿਸਾਨ ਆਪਣੀ ਜ਼ਮੀਨ ਮਾਲਕੀ ਦੀ ਜਮ੍ਹਾਂਬੰਦੀ ਦੀ ਨਕਲ ਐੱਫ ਸੀ ਆਈ ਦੀ ਵੈੱਬਸਾਈਟ ਉੱਤੇ ਅਪਲੋਡ ਕਰੇ ਤੇ ਨਾਲ ਬੈਂਕ ਖਾਤਾ ਦੱਸੇ, ਤਾਂ ਕਿ ਉਸ ਦੀ ਵੇਚੀ ਫਸਲ ਦੇ ਪੈਸੇ ਸਿੱਧੇ ਬੈਂਕ ਖਾਤੇ ਵਿੱਚ ਜਾ ਸਕਣਵੇਖਣ ਨੂੰ ਇਹ ਕਿਸਾਨ ਹਿਤੈਸ਼ੀ ਫੈਸਲਾ ਜਾਪਦਾ ਹੈ, ਪਰ ਅਸਲ ਵਿੱਚ ਕਿਸਾਨਾਂ ਦੀ ਵੱਡੀ ਗਿਣਤੀ ਦੀ ਫਸਲ ਵਿਕਣ ਤੋਂ ਰੋਕਣ ਤਕ ਜਾ ਸਕਦਾ ਹੈਬਹੁਤ ਸਾਰੇ ਛੋਟੇ ਕਿਸਾਨਾਂ ਕੋਲ ਆਪਣੀ ਜ਼ਮੀਨ ਥੋੜ੍ਹੀ ਹੈ ਅਤੇ ਦੂਸਰਿਆਂ ਦੀ ਜ਼ਮੀਨ ਠੇਕੇ ਜਾਂ ਹਿੱਸੇ ਉੱਤੇ ਲੈ ਕੇ ਖੇਤੀ ਕਰਦੇ ਹਨਉਹ ਆਪਣੀ ਫਸਲ ਨਹੀਂ ਵੇਚ ਸਕਣਗੇ, ਕਿਉਂਕਿ ਉਨ੍ਹਾਂ ਕੋਲ ਜ਼ਮੀਨ ਦੀ ਮਾਲਕੀ ਕੋਈ ਨਹੀਂ ਤੇ ਜ਼ਮੀਨ ਮਾਲਕ ਦੇ ਖਾਤੇ ਵਿੱਚ ਫਸਲ ਲਿਖਵਾ ਕੇ ਵੇਚਣ ਲਈ ਤਰਲਾ ਕੱਢਣਗੇ ਤਾਂ ਇਸਦੇ ਬਦਲੇ ਜ਼ਮੀਨਾਂ ਵਾਲੇ ਮਾਲਕਾਂ ਵਿੱਚੋਂ ਕੁਝ ਇਹੋ ਜਿਹੇ ਹੋਣਗੇ, ਜਿਹੜੇ ਇਸ ਮਜਬੂਰੀ ਵਿੱਚ ਕਿਸਾਨ ਦੀ ਛਿੱਲ ਲਾਹੁਣਗੇਕਈ ਕਿਸਾਨਾਂ ਕੋਲ ਐੱਨ ਆਰ ਆਈ ਭਰਾਵਾਂ ਦੀ ਜ਼ਮੀਨ ਹੈ, ਐੱਨ ਆਰ ਆਈ ਇਸ ਵਕਤ ਭਾਰਤ ਵਿੱਚ ਨਹੀਂ ਅਤੇ ਜਦ ਤਕ ਜ਼ਮੀਨ ਦੇ ਮਾਲਕ ਐੱਨ ਆਰ ਆਈ ਉਸ ਫਸਲ ਨੂੰ ਆਪਣੇ ਖਾਤੇ ਵਿੱਚ ਲਿਖਾਉਣ ਲਈ ਇੱਥੇ ਨਾ ਆਉਣਗੇ, ਕਿਸਾਨ ਦੀ ਫਸਲ ਵਿਕਣ ਦਾ ਕੋਈ ਰਾਹ ਨਹੀਂ ਲੱਭ ਸਕੇਗਾਤੀਸਰੀ ਗੱਲ ਇਹ ਕਿ ਪੰਜਾਬ ਦੇ ਬਹੁਤ ਸਾਰੇ ਪਰਿਵਾਰਾਂ ਵਿੱਚ ਬਾਪੂ ਦੇ ਜਿਉਂਦੇ ਹੁੰਦੇ ਤੋਂ ਸਾਰੀ ਜ਼ਮੀਨ ਦੀ ਜ਼ਬਾਨੀ ਵੰਡ ਹੁੰਦੀ ਹੈ, ਕਾਗਜ਼ਾਂ ਵਿੱਚ ਜ਼ਮੀਨ ਬਾਪੂ ਦੇ ਨਾਂਅ ਰਹਿੰਦੀ ਹੈ ਤੇ ਬਾਪੂ ਦਾ ਕਈ ਵਾਰ ਬੈਂਕ ਖਾਤਾ ਨਹੀਂ ਹੁੰਦਾ, ਉਨ੍ਹਾਂ ਦੀ ਫਸਲ ਵੇਚਣ ਲਈ ਵੀ ਕਈ ਸਮੱਸਿਆਵਾਂ ਆਉਣਗੀਆਂਕਈ ਪਰਿਵਾਰਾਂ ਨੇ ਪੜਦਾਦੇ ਦੇ ਵਕਤ ਤੋਂ ਅੱਗੇ ਆਪਣੇ ਨਾਂਅ ਇੰਤਕਾਲ ਅਜੇ ਨਹੀਂ ਕਰਵਾਏ, ਉਹ ਵੀ ਫਸ ਜਾਣਗੇਖੜ੍ਹੇ ਪੈਰ ਇਹੋ ਜਿਹੀ ਕਾਗਜ਼ੀ ਕਾਰਵਾਈ ਲਈ ਤਹਿਸੀਲਾਂ ਵੱਲ ਭੱਜਣਗੇ ਤਾਂ ਉਨ੍ਹਾਂ ਦੀ ਮਜਬੂਰੀ ਕਾਰਨ ਉੱਥੋਂ ਵਾਲੀਆਂ ਗਿਰਝਾਂ ਉਨ੍ਹਾਂ ਦੀ ਚਮੜੀ ਉਧੇੜਨ ਵਾਸਤੇ ਸਰਗਰਮ ਹੋ ਜਾਣਗੀਆਂਐੱਫ ਸੀ ਆਈ ਦਾ ਇਹ ਫੈਸਲਾ ਕਿਸਾਨਾਂ ਦਾ ਰਗੜਾ ਕੱਢ ਦੇਵੇਗਾ

ਇਸੇ ਖਰੀਦ ਏਜੰਸੀ ਐੱਫ ਸੀ ਆਈ ਨੇ ਜ਼ਮੀਨਾਂ ਦੀਆਂ ਜਮ੍ਹਾਂਬੰਦੀਆਂ ਦੇ ਹੁਕਮ ਕਰਨ ਪਿੱਛੋਂ ਇੱਕ ਕਦਮ ਹੋਰ ਵੀ ਚੁੱਕ ਲਿਆ ਹੈ, ਜਿਹੜਾ ਕਿਸਾਨਾਂ ਦਾ ਨਹਾਉਣ ਕਰ ਦੇਵੇਗਾਇਸ ਵਕਤ ਕਣਕ ਦੀ ਫਸਲ ਪੱਕਣ ਲਈ ਤਿਆਰ ਹੈ ਤਾਂ ਐੱਫ ਸੀ ਆਈ ਨੇ ਫਸਲ ਖਰੀਦ ਲਈ ਨਵੇਂ ਗਰੇਡਾਂ ਦੀ ਸਿਫਾਰਸ਼ ਭੇਜ ਦਿੱਤੀ ਹੈ, ਜਿਸ ਮੁਤਾਬਕ ਨਮੀ ਦੀ ਜਿਹੜੀ ਮਾਤਰਾ ਪਹਿਲਾਂ ਕਣਕ ਵਾਸਤੇ ਚੌਦਾਂ ਫੀਸਦੀ ਹੁੰਦੀ ਸੀ, ਉਹ ਘਟਾ ਕੇ ਬਾਰਾਂ ਫੀਸਦੀ ਕੀਤੀ ਜਾਵੇਗੀ, ਜਿਸ ਨਾਲ ਫਸਲ ਖਰੀਦਣ ਵਾਲੇ ਅਧਿਕਾਰੀਆਂ ਤੇ ਵਪਾਰੀਆਂ ਨੂੰ ਕਿਸਾਨਾਂ ਦੀ ਬਾਂਹ ਮਰੋੜਨ ਦਾ ਮੌਕਾ ਮਿਲੇਗਾ ਤੇ ਕੁਰੱਪਸ਼ਨ ਹੋਰ ਵਧੇਗੀਦੂਸਰੀ ਸਿਫਾਰਸ਼ ਇਹ ਹੈ ਕਿ ਇਸ ਵਿੱਚ ਛੋਟੇ ਰੋੜੇ, ਆਮ ਬੋਲੀ ਵਿੱਚ ਰੋੜ, ਸਿਰਫ ਅੱਧੀ ਫੀਸਦੀ ਹੋਣ ਤਾਂ ਫਸਲ ਦੀ ਖਰੀਦ ਹੋਵੇਗੀਇਸ ਤੋਂ ਪਹਿਲਾਂ ਪੌਣਾ ਫੀਸਦੀ ਤਕ ਦਾ ਪੱਧਰ ਸੀਇਸ ਨਾਲ ਕਿਸਾਨਾਂ ਨੂੰ ਫਸਲ ਵਿੱਚ ਇੱਕ ਚੌਥਾਈ ਰੋੜ ਦਾ ਪੱਧਰ ਘਟਾ ਕੇ ਹੋਰ ਖੂੰਜੇ ਲਾਇਆ ਜਾਵੇਗਾਤੀਸਰਾ ਫੈਸਲਾ ਇਹ ਹੈ ਕਿ ਫਸਲ ਵਿੱਚ ਘਾਹ-ਫੂਸ ਆਦਿ ਅੱਗੇ ਤੋਂ ਸਿਰਫ ਜ਼ੀਰੋ ਪੁਆਇੰਟ ਚਾਰ ਫੀਸਦੀ ਪ੍ਰਵਾਨ ਹੋ ਸਕਣਗੇ, ਜਦ ਕਿ ਪਹਿਲੇ ਪੱਧਰ ਮੁਤਾਬਕ ਇਹ ਵਧੇਰੇ ਰੱਖਿਆ ਹੁੰਦਾ ਸੀਚੌਥੀ ਸਿਫਾਰਸ਼ ਇਹ ਹੈ ਕਿ ਕਣਕ ਵਿੱਚ ਟੁੱਟੇ ਹੋਏ ਦਾਣੇ ਵੀ ਚਾਰ ਫੀਸਦੀ ਤੋਂ ਵੱਧ ਹੋਏ ਤਾਂ ਫਸਲ ਨਹੀਂ ਖਰੀਦੀ ਜਾਣੀ, ਜਦ ਕਿ ਪਹਿਲੇ ਸਟੈਂਡਰਡ ਮੁਤਾਬਕ ਇਹ ਛੇ ਫੀਸਦੀ ਹੁੰਦੇ ਸਨਇਹੋ ਜਿਹੇ ਫੈਸਲਿਆਂ ਨਾਲ ਜਿਹੜੇ ਸਟੈਂਡਰਡ ਨਵੇਂ ਮਿਥੇ ਜਾ ਰਹੇ ਹਨ, ਉਨ੍ਹਾਂ ਬਾਰੇ ਐਨ ਉਦੋਂ ਦੱਸਿਆ ਜਾ ਰਿਹਾ ਹੈ, ਜਦੋਂ ਕਣਕ ਤਿਆਰ ਹੋਈ ਜਾਪਦੀ ਹੈਪਿਛਲੇ ਸਾਲ ਹੀ ਇੱਡੀ ਸਖਤੀ ਕਰਨ ਬਾਰੇ ਦੱਸ ਦਿੱਤਾ ਹੁੰਦਾ ਤਾਂ ਕਿਸਾਨ ਕੋਈ ਹੋਰ ਫਸਲ ਬੀਜਣ ਬਾਰੇ ਸੋਚ ਸਕਦੇ ਸਨ, ਅੱਜ ਖੜ੍ਹੇ ਪੈਰ ਉਹ ਪੱਕੀ ਹੋਈ ਫਸਲ ਦਾ ਕੀ ਕਰਨਗੇ, ਉਨ੍ਹਾਂ ਨੂੰ ਕੋਈ ਦੱਸਣ ਵਾਲਾ ਨਹੀਂ ਹੈ

ਗੱਲ ਇੰਨੇ ਫੈਸਲਿਆਂ ਨਾਲ ਵੀ ਮੁੱਕਣ ਵਾਲੀ ਨਹੀਂ, ਸਗੋਂ ਹੋਰ ਅੱਗੇ ਉਸ ਹੱਦ ਤਕ ਜਾਂਦੀ ਹੈ, ਜਿਸ ਬਾਰੇ ਕਿਹਾ ਗਿਆ ਹੈ ਕਿ ਖਰੀਦਣ ਵਾਲੀਆਂ ਪ੍ਰਾਈਵੇਟ ਏਜੰਸੀਆਂ ਦੀ ਮੰਗ ਉੱਤੇ ਇਹੋ ਜਿਹੇ ਫੈਸਲੇ ਕਰਨੇ ਪੈ ਸਕਦੇ ਹਨਪੰਜਾਬੀ ਦੇ ਇੱਕ ਪ੍ਰਮੁੱਖ ਅਖਬਾਰ ਨੇ ਖਰੀਦ ਏਜੰਸੀ ਐੱਫ ਸੀ ਆਈ ਦੀਆਂ ਇੱਦਾਂ ਦੀਆਂ ਸਿਫਾਰਸ਼ਾਂ ਬਾਰੇ ਜਿਹੜਾ ਖੁਲਾਸਾ ਕੀਤਾ ਹੈ, ਉਸ ਨੂੰ ਜਿਸ ਕਿਸੇ ਨੇ ਵੀ ਪੜ੍ਹਿਆ ਹੈ, ਉਹ ਸਮਝ ਗਿਆ ਕਿ ਗੱਲ ਸਿਰਫ ਫਸਲਾਂ ਖਰੀਦਣ ਦੀ ਨਾ ਹੋ ਕੇ ਕਿਸਾਨਾਂ ਨੂੰ ਸਬਕ ਸਿਖਾਉਣ ਤਕ ਜਾਂਦੀ ਹੈਭਾਰਤ ਸਰਕਾਰ ਨੂੰ ਚਲਾਉਣ ਵਾਲਿਆਂ ਤੇ ਉਨ੍ਹਾਂ ਦੇ ਪਿੱਛੇ ਖੜ੍ਹੀ ‘ਤਾਕਤ’ ਵਾਲਿਆਂ ਦਾ ਵਾਰ-ਵਾਰ ਇਹ ਰਟ ਲਾਉਣਾ ਕਿ ਕਿਸਾਨਾਂ ਨੂੰ ਭੜਕਾਇਆ ਜਾ ਰਿਹਾ ਹੈ, ਅਸਲ ਵਿੱਚ ਕਿਸਾਨਾਂ ਦਾ ਕਚੂਮਰ ਕੱਢਣ ਦੇ ਅਗਲੇ ਕਦਮਾਂ ਲਈ ਦੇਸ਼ ਦੇ ਆਮ ਲੋਕਾਂ ਨੂੰ ਮਾਨਸਿਕ ਤੌਰ ਉੱਤੇ ਤਿਆਰ ਕਰਨ ਵਾਲੀ ਨੀਤੀ ਨੂੰ ਜ਼ਾਹਰ ਕਰਦਾ ਹੈਫਿਰ ਇੱਦਾਂ ਦੇ ਦੇਸ਼ ਵਿੱਚ ਜੇ ਇਹ ਕਿਹਾ ਜਾ ਰਿਹਾ ਹੈ ਕਿ ‘ਜੈ ਜਵਾਨ ਤੇ ਜੈ ਕਿਸਾਨ’ ਵਾਲੇ ਦੇਸ਼ ਵਿੱਚ ਅੱਜ ਕਿਸਾਨਾਂ ਦੀ ਕਦਰ ‘ਮਰੀ ਕੁੱਤੀ’ ਜਿੰਨੀ ਨਹੀਂ ਰਹਿ ਗਈ ਤਾਂ ਕਹਿਣ ਵਾਲਿਆਂ ਦਾ ਕਸੂਰ ਨਹੀਂ, ਹਕੂਮਤਾਂ ਦੇ ਸੁਖ ਮਾਨਣ ਵਾਲਿਆਂ ਦੀਆਂ ਨੀਤੀਆਂ ਦਾ ਉਹ ਪ੍ਰਗਟਾਵਾ ਹੈ, ਜਿਹੜਾ ਸੌ ਪਰਦੇ ਪਾੜ ਕੇ ਵੀ ਬਾਹਰ ਆਈ ਜਾਂਦਾ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2661)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਜਤਿੰਦਰ ਪਨੂੰ

ਜਤਿੰਦਰ ਪਨੂੰ

Jalandhar, Punjab, India.
Phone: (91 - 98140 - 68455)
Email: (pannu_jatinder@yahoo.co.in)

More articles from this author