“ਭਾਰਤ ਨੇ ਵੀ ਇਸ ਅਹਿਦ (ਸਮਝੌਤੇ) ਉੱਤੇ ਸਹੀ ਪਾਈ ਹੋਈ ਹੈ। ਸਿੱਟੇ ਵਜੋਂ ਮੋਦੀ ਸਰਕਾਰ ...”
(1 ਅਪਰੈਲ 2021)
(ਸ਼ਬਦ: 1180)
ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਵੱਡੇ ਲਹਿਲਹਾਉਂਦੇ ਸਟਰਾਬਰੀ, ਬਦਾਮਾਂ ਦੇ ਫਾਰਮ ਹਾਊਸਾਂ ਦੇ ਹੇਠਾਂ, ਹਜ਼ਾਰਾਂ ਛੋਟੇ ਕਿਸਾਨਾਂ ਦੇ ਖੂਹਾਂ, ਫਾਰਮ ਹਾਊਸਾਂ ਦੇ ਕਬਰਸਤਾਨ ਹਨ। ਇਹ ਛੋਟੇ ਕਿਸਾਨ ਕਿੱਧਰ ਗਏ? ਇਹਨਾਂ ਦੇ ਖੇਤਾਂ ਦੀ ਮਾਲਕੀ ਕਿਵੇਂ ਖੋਹੀ ਗਈ? ਇਹ ਅਮਰੀਕੀ ਇਤਿਹਾਸ ਦੇ ਪੰਨਿਆਂ ਵਿੱਚ ਦਰਜ਼ ਹੈ। ਸੋਹਣੇ ਸੋਹਣੇ, ਛੋਟੇ ਛੋਟੇ, ਫਾਰਮ ਹਾਊਸਾਂ ਵਿੱਚ ਹੱਸਦੇ ਖੇਡਦੇ ਟੱਬਰਾਂ ਵਾਲੇ ਇਹ ਕਿਸਾਨ ਹੁਣ ਕਿਧਰੇ, ਕਿਸੇ ਸ਼ਹਿਰ ਵਿੱਚ ਵਸਦੇ ਹੋਣਗੇ, ਜਾਂ ਅਮਰੀਕਾ ਦੇ ਸ਼ਹਿਰਾਂ ਦੇ ਬਾਹਰ ਬਾਹਰ ਬਣੀਆਂ ਝੁੱਗੀਆਂ ਝੌਂਪੜੀਆਂ ਵਿੱਚ ਆਪਣੇ ਜੀਵਨ ਦਾ ਨਿਰਬਾਹ ਕਰ ਰਹੇ ਹੋਣਗੇ ਕਿਉਂਕਿ ਉਹਨਾਂ ਦੇ ਖੇਤ, ਵੱਡੀ ਪੱਧਰ ਦੇ ਖੇਤੀ ਦਾ ਕਿੱਤਾ ਕਰਨ ਵਾਲੀਆਂ ਕਾਰਪੋਰੇਸ਼ਨਾਂ, ਖੇਤੀ ਉਦਯੋਗਾਂ ਦੇ ਮਾਲਕਾਂ ਨੇ, ਵੱਡੀਆਂ-ਛੋਟੀਆਂ ਰਕਮਾਂ ਦੇ ਕੇ ਹਥਿਆ ਲਏ ਹਨ।
ਅਮਰੀਕਾ ਵਿੱਚ ਇਸ ਵੇਲੇ 2, 50, 000 ਵੱਖੋ-ਵੱਖਰੀ ਕਿਸਮ ਦੇ ਫੈਕਟਰੀ ਫਾਰਮ (ਖੇਤੀ ਉਦਯੋਗ) ਹਨ। 1930 ਵਿੱਚ ਅਮਰੀਕਾ ਵਿੱਚ ਸੂਰਾਂ ਦਾ ਮਾਸ ਕੱਟਣ ਵਾਲੀਆਂ ਵੱਡੀਆਂ ਫੈਕਟਰੀਆਂ ਦੀ ਸ਼ੁਰੂਆਤ ਹੋਈ। ਇਹ ਸੂਰ ਵੱਡੇ ਖੇਤਾਂ ਵਿੱਚ ਪਾਲਣੇ ਆਰੰਭੇ ਗਏ, ਜਿਹਨਾਂ ਨੂੰ ਕਿ ਪਹਿਲਾਂ ਕਿਸਾਨ ਆਪਣੇ ਵਾੜਿਆਂ ਵਿੱਚ ਪਾਲਦੇ ਸਨ ਅਤੇ ਖੇਤੀ ਦੇ ਨਾਲ-ਨਾਲ ਉਹਨਾਂ ਦਾ ਸਹਾਇਕ ਧੰਦਾ ਸਨ ਅਤੇ ਚੰਗੀ ਕਮਾਈ ਦਾ ਸਾਧਨ ਸਨ। 1950 ਵਿੱਚ ਵੱਡੇ ਪੋਲਟਰੀ ਫਾਰਮ ਬਣੇ ਅਤੇ 1970 ਦੇ ਸ਼ੁਰੂ ਵਿੱਚ ਅਮਰੀਕੀ ਸਰਕਾਰ ਦੇ ਸਕੱਤਰ ਨੇ ਵੱਡੀ ਪੱਧਰ ਉੱਤੇ ਖੇਤੀ ਦਾ ਮੰਤਰ ਦਿੱਤਾ ‘ਵੱਡੇ ਬਣੋ ਜਾਂ ਛੱਡੋ’ ਭਾਵ ਖੇਤੀ ਦੇ ਵੱਡੇ ਫਾਰਮ ਹਾਊਸ ਬਣਾਓ ਜਾਂ ਖੇਤੀ ਖੇਤਰ ਵਿੱਚੋਂ ਬਾਹਰ ਹੋਵੋ। ਇੱਥੋਂ ਹੀ ਅਮਰੀਕਾ ਦੇ ਛੋਟੇ ਕਿਸਾਨਾਂ ਦੀ ਤਬਾਹੀ ਦੀ ਦਾਸਤਾਨ ਸ਼ੁਰੂ ਹੁੰਦੀ ਹੈ।
ਇਸ ਸਮੇਂ ਦੌਰਾਨ ਵੱਡੇ ਧੰਨ ਕੁਬੇਰ (ਭਾਰਤੀ ਅੰਡਾਨੀ, ਅੰਬਾਨੀ ਵਰਗੇ) ਅਮਰੀਕਾ ਵਿੱਚ ਖੇਤੀ ਖੇਤਰ ਵੱਲ ਤੁਰੇ। ਉਹਨਾਂ ਕਿਸਾਨਾਂ ਦੀਆਂ ਜ਼ਮੀਨਾਂ, ਲਾਲਚ ਦੇ ਕੇ ਖਰੀਦੀਆਂ, ਗਹਿਣੇ ਧਰੀਆਂ ਅਤੇ ਇਹਨਾਂ ਖੇਤਾਂ ਵਿੱਚ ਅਗਲੇ ਇੱਕ ਦਹਾਕੇ ਵਿੱਚ ਇੰਨੀ ਪੈਦਾਵਾਰ ਕੀਤੀ ਕਿ ਅੰਨ-ਦਾਣੇ ਦੇ ਖੇਤਰ ਵਿੱਚ ਅਮਰੀਕਾ ਨੱਕੋ-ਨੱਕ ਭਰ ਗਿਆ। ਇਹ ਉਹੋ ਸਮਾਂ ਹੀ ਸੀ ਜਦੋਂ ਫਿਰ ਅਮਰੀਕਾ ਵਿੱਚ ਪਰਿਵਾਰਿਕ ਫਾਰਮ ਹਾਊਸਾਂ ਦੇ ਮਾਲਕ ਕਰਜ਼ਾਈ ਹੋ ਗਏ। ਜ਼ਮੀਨਾਂ ਦੀਆਂ ਕੀਮਤਾਂ ਡਿਗੀਆਂ ਤੇ ਕਿਸਾਨ ਇਸ ਕਿੱਤੇ ਵਿੱਚੋਂ ਬਾਹਰ ਆਉਣੇ ਸ਼ੁਰੂ ਹੋ ਗਏ। 1990 ਵਿੱਚ ਅੱਧੇ ਕਿਸਾਨ ਖੇਤੀ ਕਿੱਤਾ ਛੱਡ ਗਏ ਅਤੇ ਹੁਣ ਹਾਲਤ ਇਹ ਹੈ ਕਿ 25 ਫੀਸਦੀ ਤੋਂ ਵੀ ਘੱਟ ਮੱਧ ਵਰਗੀ ਕਿਸਾਨ ਖੇਤੀ ਸੈਕਟਰ ਵਿੱਚ ਡਟੇ ਰਹਿ ਸਕੇ ਹਨ।
ਛੋਟੇ ਫਾਰਮ ਹਾਊਸਾਂ ਦੇ ਅਮਰੀਕੀ ਖੇਤੀ ਖੇਤਰ ਵਿੱਚੋਂ ਲਗਭਗ ਅਲੋਪ ਹੋਣ ਨਾਲ ਸਥਾਨਕ ਪੱਧਰ ਦੇ ਛੋਟੇ ਦੁਕਾਨਦਾਰ, ਕਾਰੋਬਾਰੀਏ, ਰੈਸਟੋਰੈਂਟ, ਡਾਕਟਰ ਅਤੇ ਸਰਵਿਸ ਮਕੈਨਿਕਾਂ ਦੇ ਕੰਮਾਂਕਾਰਾਂ ਉੱਤੇ ਵੱਡਾ ਅਸਰ ਪਿਆ। ਉਹਨਾਂ ਦੀ ਆਮਦਨ ਘਟੀ ਅਤੇ ਬਹੁਤੇ ਲੋਕ ਦੁਕਾਨਾਂ ਆਦਿ ਬੰਦ ਕਰਕੇ ਹੋਰ ਕੰਮਾਂ ਦੀ ਭਾਲ ਵਿੱਚ ਸ਼ਹਿਰਾਂ ਵੱਲ ਤੁਰ ਗਏ। ਇੰਜ ਸਥਾਨਕ ਭਾਈਚਾਰਾ ਲਗਭਗ ਖੇਰੂੰ-ਖੇਰੂੰ ਹੋ ਗਿਆ, ਜਿਸਦਾ ਲੋਕ ਮਨਾਂ ਉੱਤੇ ਭਿਆਨਕ ਅਸਰ ਵੇਖਣ ਨੂੰ ਮਿਲਿਆ। ਅਮਰੀਕਾ ਦੇ ਧੰਨ ਕੁਬੇਰ ਜ਼ਮੀਨ ਖਰੀਦਦੇ ਗਏ। ਉਹਨਾਂ ਕੋਲ ਟਰੈਕਟਰ ਸਨ, ਕੰਬਾਈਨਾਂ ਸਨਾ ਉਹ ਘੱਟ ਮਨੁੱਖੀ ਸ਼ਕਤੀ ਦੀ ਵਰਤੋਂ ਕਰਦੇ ਸਨ। ਕੰਪਿਊਟਰਾਂ ਰਾਹੀਂ ਟਰੈਕਟਰ, ਕੰਬਾਈਨਾਂ ਚਲਾਉਂਦੇ ਸਨ ਅਤੇ ਹੁਣ ਵੀ ਇੰਜ ਹੀ ਖੇਤੀ ਕਰਦੇ ਜਾਂ ਕਰਾਉਂਦੇ ਹਨ। ਜ਼ਮੀਨ ਖਰੀਦਣ ਵੇਲੇ ਉਹ ਕਿਸਾਨ ਨੂੰ ਕਹਿੰਦੇ ਸਨ ਕਿ ਉਹ ਖੇਤਾਂ ਵਿੱਚ ਕੰਮ ਕਰ ਸਕਦਾ ਹੈ। ਉਹ ਉਸ ਨੂੰ ਨੌਕਰੀ ਦਿੰਦੇ ਸਨ। ਪਰ ਉਸਦੇ ਕੰਮ ਦੇ ਘੰਟੇ ਆਪ ਤੈਅ ਕਰਦੇ ਸਨ। ਇੰਜ ਉਹ ਸੱਭੋ ਕੁਝ ਉੱਤੇ ਕੰਟਰੋਲ ਕਰਦੇ ਗਏ। ਇੰਜ ਵਸਦਾ ਰਸਦਾ ਫਾਰਮ ਹਾਊਸ ਦਿਨਾਂ ਵਿੱਚ ਹੀ ਗਾਇਬ ਹੋ ਜਾਂਦਾ। ਧੰਨ ਕੁਬੇਰਾਂ ਦੀਆਂ ਇਹ ਕੰਪਨੀਆਂ ਇਹ ਪ੍ਰਚਾਰਦੀਆਂ ਹਨ ਕਿ ਉਹ ਲੋਕਾਂ ਲਈ ਖੇਤਾਂ ਵਿੱਚ ਜਾਂ ਆਪਣੇ ਕਾਰੋਬਾਰਾਂ ਵਿੱਚ ਨੌਕਰੀ ਪੈਦਾ ਕਰਦੀਆਂ ਹਨ, ਪਰ ਉੱਥੇ ‘ਕਿਸਾਨ ਪਰਿਵਾਰ’ ਵਿੱਚੋਂ ਕਿੰਨੇ ਲੋਕ ਕੰਮ ਕਰਨਗੇ, ਜਿਹੜੇ ਕਿ ਰਲ ਮਿਲਕੇ ਇੱਕ ਕਮਿਊਨਿਟੀ ਬਣਦੇ ਸਨ। ਕੰਮ ਇੱਕ ਕਰੇਗਾ ਤਾਂ ਬਾਕੀ ਕਿੱਥੇ ਰਹਿਣਗੇ ਤੇ ਕਿੱਥੇ ਜਾਣਗੇ? ਇੰਜ ਵਸੇ ਹੋਏ ਅਮਰੀਕਾ ਦੇ ਪਿੰਡ ਖਤਮ ਹੋ ਗਏ ਹਨ ਅਤੇ ਅਮਰੀਕਾ ਦਾ ਪੇਂਡੂ ਸੱਭਿਆਚਾਰ ਖੇਤੀ ਉਦਯੋਗ ਦੀ ਭੇਟ ਚੜ੍ਹ ਰਿਹਾ ਹੈ।
ਪਿੰਡਾਂ ਵਿੱਚ ਗਰੀਬੀ ਅਤੇ ਗਰੀਬਾਂ ਦਾ ਵਾਧਾ ਹੋਇਆ ਹੈ। ਅਮਰੀਕਾ ਸਰਕਾਰ ਦੀਆਂ ਨੀਤੀਆਂ ਨਾਲ ਸਥਾਨਕ ਕਿਸਾਨਾਂ ਨੂੰ ਵੱਡਾ ਧੱਕਾ ਲੱਗਾ ਹੈ। ਅਮਰੀਕਾ ਸਰਕਾਰ ਨੇ ਵੱਡੇ ਧੰਨ ਕੁਬੇਰਾਂ ਅੱਗੇ ਹਥਿਆਰ ਸੁੱਟ ਕੇ ਅੰਤਰਰਾਸ਼ਟਰੀ ਕਾਰਪੋਰੇਸ਼ਨਾਂ ਹੱਥ ਉਦਯੋਗਾਂ, ਖੇਤੀ ਉਦਯੋਗ ਦੀ ਵਾਗਡੋਰ ਫੜਾ ਦਿੱਤੀ, ਜਿਹਨਾਂ ਨੇ ਪਸ਼ੂਆਂ ਪੰਛੀਆਂ ਦੇ ਮਾਸ ਦੇ ਕਾਰੋਬਾਰ ਤੋਂ ਲੈ ਕੇ ਘਰਾਂ ਵਿੱਚ ਵਰਤੀ ਜਾਣ ਵਾਲੀ ਹਰ ਚੀਜ਼ ਉੱਤੇ ਆਪਣਾ ਏਕਾ ਅਧਿਕਾਰ ਜਮ੍ਹਾਂ ਲਿਆ। ਮੌਲਜ਼, ਮਾਰਟ ਖੋਲ੍ਹ ਦਿੱਤੇ। ਵੱਡੇ ਚਮਕਦਾਰ ਸ਼ੋਅ ਰੂਮ ਸਥਾਪਤ ਕਰ ਦਿੱਤੇ। ਅਰਥਾਤ ਮੰਡੀ ਉੱਤੇ ਪੂਰਾ ਕਬਜ਼ਾ ਕਰ ਲਿਆ, ਜਿਸ ਨਾਲ ਪ੍ਰਚੂਨ ਦੁਕਾਨਾਦਾਰ ਤੇ ਛੋਟਾ ਦਸਤਕਾਰ ਰੁਲ ਗਿਆ ਅਤੇ ਆਮ ਲੋਕ ਇਹਨਾਂ ਵੱਡੇ ਕਾਰੋਬਾਰੀਆਂ ਦੇ ਰਹਿਮੋ-ਕਰਮ ਉੱਤੇ ਰਹਿ ਗਏ। ਇਹ ਸਭ ਕੁਝ ਸਰਕਾਰੀ ਸਹਿਯੋਗ ਅਤੇ ਲੋਕਾਂ ਵਲੋਂ ਦਿੱਤੇ ਟੈਕਸ ਦੀ ਵਰਤੋਂ ਨਾਲ ਹੋਇਆ। ਇੰਜ ਏਕਾ ਅਧਿਕਾਰ ਹੋਣ ਨਾਲ ਧੰਨ ਕੁਬੇਰਾਂ ਦਾ ਸਰਕਾਰ ਉੱਤੇ ਕੰਟਰੋਲ ਹੀ ਨਹੀਂ ਵਧਿਆ ਸਗੋਂ ਲੋਕਤੰਤਰੀ ਤਾਣੇ-ਬਾਣੇ ਲਈ ਜਿਹੜੇ ਸੰਵਿਧਾਨਿਕ ਨਿਯਮ, ਕਾਨੂੰਨ ਲੋਕ ਹਿਤ ਵਿੱਚ ਬਣੇ ਹੋਏ ਸਨ, ਉਹ ਵੀ ਉਹਨਾਂ ਵਲੋਂ ਪ੍ਰਭਾਵਤ ਹੋਣ ਲੱਗੇ। ਕੰਮ ਦੇ ਘੰਟੇ ਵਧੇ। ਨੌਕਰੀ ਦੀ ਸੁਰੱਖਿਆ ਘਟੀ ਅਤੇ ਕੁਦਰਤੀ ਸੋਮਿਆਂ ਦੀ ਦੁਰਵਰਤੋਂ ਵਿੱਚ ਵਾਧਾ ਲਗਾਤਾਰ ਵੇਖਣ ਨੂੰ ਮਿਲਿਆ।
ਛੋਟੀ ਖੇਤੀ, ਛੋਟੇ ਕਿਸਾਨ ਦੀ ਉਪਜ ਅਤੇ ਸਥਾਨਕ ਮੰਡੀ ਵਿੱਚ ਆਮ ਲੋਕਾਂ ਨੂੰ ਜਿਹੜੀਆਂ ਚੀਜ਼ਾਂ ਸਸਤੇ ਭਾਅ ਉੱਤੇ ਮਿਲਦੀਆਂ ਸਨ, ਉਹਨਾਂ ਵਿੱਚ ਕਮੀ ਦੇਖੀ ਜਾਣ ਲੱਗੀ ਹੈ। ਪਿਛਲੇ 40 ਸਾਲ ਵਿੱਚ ਅਮਰੀਕਾ ਵਿੱਚ ਖਾਣ ਵਾਲੀਆਂ ਚੀਜ਼ਾਂ ਉੱਤੇ 200 ਫੀਸਦੀ ਦਾ ਵਾਧਾ ਵੇਖਣ ਨੂੰ ਮਿਲਿਆ ਹੈ। ਜਦਕਿ ਹੇਠਲੇ ਤਬਕੇ ਦੇ 90 ਫੀਸਦੀ ਲੋਕਾਂ ਦੀ ਆਮਦਨੀ ਸਿਰਫ 25 ਫੀਸਦੀ ਵਧੀ ਹੈ। ਇਸ ਨਾਲ ਅਮਰੀਕਾ ਵਿੱਚ ਪੇਂਡੂ ਗਰੀਬੀ, ਬੱਚਿਆਂ ਵਿੱਚ ਭੁੱਖਮਰੀ ਅਤੇ ਮੁਫਤ ਭੋਜਨ ਘਰਾਂ (ਫੂਡ ਇਨਸਿਕੋਅਰ ਹੋਮ) ਦੀ ਗਿਣਤੀ ਵਧੀ ਹੈ। ਸ਼ਕਤੀਸ਼ਾਲੀ ਅਮਰੀਕਾ ਨੇ ਪਿਛਲੇ ਵਰ੍ਹਿਆਂ ਵਿੱਚ ਫਸਲਾਂ ਦੀ ਘੱਟੋ-ਘੱਟ ਕੀਮਤ (ਐੱਮ.ਐੱਸ.ਪੀ.) ਅਤੇ ਹੋਰ ਕਿਸਾਨੀ ਬਰਾਬਰੀ ਸਕੀਮਾਂ ਨੂੰ ਖਤਮ ਕਰ ਦਿੱਤਾ ਹੈ ਅਤੇ ਖੇਤੀ ਖੇਤਰ ਵਿੱਚ ‘ਠੇਕਾ ਖੇਤੀ’ ਦੀ ਝੰਡੀ ਗੱਡ ਦਿੱਤੀ ਹੈ, ਜਿਹੜੀ ਵੱਡੇ ਖੇਤੀ ਕਾਰਪੋਰੇਸ਼ਨਾਂ ਤੋਂ ਬਿਨਾਂ ਸਾਰੇ ਹੋਰ ਕਿਸਾਨਾਂ ਲਈ ਵੱਡਾ ਨੁਕਸਾਨ ਹੈ।
ਅਮਰੀਕਾ ਵਿੱਚ ਅਸਲ ਵਿੱਚ ਕਾਰਪੋਰੇਟ ਖੇਤੀ ਨੇ ਖੇਤਾਂ ਤੋਂ ਕਾਂਟੇ ਤਕ ਆਪਣਾ ਕੰਟਰੋਲ ਕੀਤਾ ਹੋਇਆ ਹੈ। ਖੇਤਾਂ ਦੀ ਥੋਕ ਉਪਜ ਉੱਤੇ ਉਹ ਕਾਬਜ਼ ਹੈ। ਕਿਉਂਕਿ ਖੇਤੀ ਦਾ ਸਾਰਾ ਕਾਰੋਬਾਰ, ਮੰਗ ਤੇ ਪੂਰਤੀ ਦਾ ਕੰਟਰੋਲ, ਕਾਰਪੋਰੇਟ ਹੱਥ ਹੈ, ਇਸ ਲਈ ਉਹ ਹੀ ਹਰ ਚੀਜ਼ ਦੀ ਕੀਮਤ ਤਹਿ ਕਰਦੀ ਹੈ। ਛੋਟੇ ਕਾਰੋਬਾਰੀਏ ਤੇ ਖੇਤੀ ਕਰ ਰਹੇ ਕਿਸਾਨਾਂ ਨੂੰ ਮਾਰਕੀਟ ਵਿੱਚੋਂ ਕਿਵੇਂ ਭਜਾਉਣਾ ਹੈ, ਉਸਦਾ ਫੈਸਲਾ ਵੀ ਉਹ ਹੀ ਕਰਦੀ ਹੈ। ਪਰ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਅਮਰੀਕਾ ਦੀ ਸਰਕਾਰ ਇਹਨਾਂ ਕਾਰਪੋਰੇਟ ਘਰਾਣਿਆਂ ਦੀ ਪਿਛਲੱਗ ਵਜੋਂ ਕੰਮ ਕਰਦੀ ਹੈ। ਫੂਡ ਸਟੈਂਡਰਡ ਦੇ ਨਾਮ ਉੱਤੇ ਅਮਰੀਕੀ ਘਰਾਣਿਆਂ ਵਲੋਂ ਜਿਸ ਢੰਗ ਨਾਲ ਦੇਸ਼ ਦੀ ਸਮੁੱਚੀ ਖੇਤੀ ਤੇ ਖੇਤ ਹਥਿਆਏ ਗਏ, ਉਸ ਤੋਂ ਉਤਸ਼ਾਹਿਤ ਹੋ ਕੇ ਅਮਰੀਕਾ ਦੇ ਬਰਤਾਨੀਆ ਵਿੱਚ ਐਂਬੈਸਡਰ ਵੁੱਡੀ ਜੌਹਨਸਨ ਨੇ ਬਰਤਾਨੀਆ ਵਿੱਚ ਵੀ ਅਮਰੀਕਾ ਵਾਲਾ ਖੇਤੀ ਪੈਟਰਨ ਅਪਨਾਉਣ ਲਈ ਸੁਝਾਅ ਦਿੱਤਾ। ਇਸੇ ਕਿਸਮ ਦਾ ਸੁਝਾਅ ਵਰਲਡ ਟਰੇਡ ਆਰਗੇਨਾਈਜੇਸ਼ਨ (ਡਬਲਯੂ ਟੀ ਓ) ਅਤੇ ਵਰਲਡ ਬੈਂਕ (ਵਿਸ਼ਵ ਬੈਂਕ) ਵਲੋਂ ਦਿੱਤਾ ਜਾ ਰਿਹਾ ਹੈ। ਇਹ ਇਕੱਲਾ ਸੁਝਾਅ ਹੀ ਨਹੀਂ ਦਿੱਤਾ ਜਾ ਰਿਹਾ ਸਗੋਂ ਵਿਸ਼ਵ ਸਰਕਾਰਾਂ ਨੂੰ ਸਹਾਇਤਾ ਸ਼ਰਤਾਂ ਅਧੀਨ ਮਜਬੂਰ ਕੀਤਾ ਜਾ ਰਿਹਾ ਹੈ ਕਿ ਉਹ ਖੇਤੀ ਦਾ ਇਹ ਮਾਡਲ ਆਪੋ ਆਪਣੇ ਦੇਸ਼ ਵਿੱਚ ਲਾਗੂ ਕਰੇ। ਭਾਰਤ ਨੇ ਵੀ ਇਸ ਅਹਿਦ (ਸਮਝੌਤੇ) ਉੱਤੇ ਸਹੀ ਪਾਈ ਹੋਈ ਹੈ। ਸਿੱਟੇ ਵਜੋਂ ਮੋਦੀ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ।
ਜਿਸ ਢੰਗ ਨਾਲ ਅਮਰੀਕਾ ਦੀਆਂ ਵੱਡੀਆਂ ਖੇਤੀ ਗਿਰਝਾਂ ਨੇ ਛੋਟੇ ਕਿਸਾਨਾਂ ਨੂੰ ਖਾਧਾ, ਉਹ ਭਾਰਤੀ ਮੱਧ ਵਰਗੀ ਲੋਕਾਂ ਲਈ ਤਬਾਹੀ ਦੀ ਇੱਕ ਉਦਾਹਰਣ ਹੈ। ਇਹ ਅੱਖਾਂ ਖੋਲ੍ਹਣ ਦਾ ਵੇਲਾ ਹੈ। ਇਹ ਤਿੰਨੇ ਕਾਲੇ ਕਾਨੂੰਨ ਭਾਰਤ ਦੀ ਮੱਧਵਰਗੀ ਜਨਤਾ ਨੂੰ ਅਸਲੋਂ ਭੈੜੇ ਹਾਲਾਤ ਵਿੱਚ ਲੈ ਆਉਣਗੇ ਤੇ ਭਾਰਤ ਦੇ ਪਿੰਡਾਂ ਦੇ ਪਿੰਡ ਉੱਜੜ ਜਾਣਗੇ, ਜਾਂ ਬੁਰੀ ਤਰ੍ਹਾਂ ਪ੍ਰਭਾਵਤ ਹੋਣਗੇ। ਪੰਜਾਬ, ਹਰਿਆਣਾ ਅਤੇ ਦੇਸ਼ ਦੇ ਬਾਕੀ ਸੂਬਿਆਂ ਦੀ ਛੋਟੀ ਕਿਸਾਨੀ ਉੱਤੇ ਤਾਂ ਇਸਦੀ ਵੱਡੀ ਮਾਰ ਪਵੇਗੀ।
ਭਾਰਤ ਦੀ ਮੋਦੀ ਸਰਕਾਰ ਦੇ ਸ਼ਕਤੀਸ਼ਾਲੀ ਵਿੱਤ ਮੰਤਰੀ ਸਵਰਗੀ ਅਰੁਨ ਜੇਤਲੀ ਨੇ ਕਾਂਗਰਸ ਸਰਕਾਰ ਵੇਲੇ ਕਾਰਪੋਰੇਟ ਹੱਥ ਖੇਤੀ ਫੜਾਉਣ ਦਾ ਸਖਤ ਵਿਰੋਧ ਕੀਤਾ ਸੀ। ਪਰ ਅੱਜ ਉਹੀ ਮੋਦੀ ਸਰਕਾਰ, ਕਿਹੜੀ ਮਜਬੂਰੀ ਵਿੱਚ ਖੇਤੀ ਨੂੰ ਅੰਬਾਨੀਆਂ, ਅਡਾਨੀਆਂ ਹੱਥ ਫੜਾ ਰਹੀ ਹੈ, ਇਹ ਕਿਸੇ ਤੋਂ ਲੁਕਿਆ ਛੁਪਿਆ ਨਹੀਂ ਹੈ।
*****
ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)
(2682)
(ਸਰੋਕਾਰ ਨਾਲ ਸੰਪਰਕ ਲਈ: