JatinderPannu7ਜਦੋਂ ਆਈ ਐੱਸ ਆਈ ਐੱਸ ਵਾਲੇ ਇਰਾਕ ਅਤੇ ਸੀਰੀਆ ਤੋਂ ਭੱਜ ਕੇ ...
(30 ਅਗਸਤ 2021)

 

ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਚੜ੍ਹਤ ਦਾ ਦੌਰ ਇੰਨੀ ਛੇਤੀ ਸਾਡੇ ਭਾਰਤ ਦੇ ਲੋਕਾਂ ਲਈ ਵੀ ਚਿੰਤਾ ਦਾ ਸਬੱਬ ਬਣ ਜਾਵੇਗਾ, ਇਹ ਗੱਲ ਕਦੀ ਕਿਸੇ ਨੇ ਨਹੀਂ ਸੀ ਸੋਚੀਅਮਰੀਕਾ ਦੀ ਹਕੂਮਤ ਆਪਣੇ ਨਿਊ ਯਾਰਕ ਸ਼ਹਿਰ ਦੇ ਵਰਲਡ ਟਰੇਡ ਸੈਂਟਰ ਦੇ ਦੋ ਟਾਵਰਾਂ ਉੱਤੇ ਜਹਾਜ਼ ਮਾਰੇ ਜਾਣ ਦੀ ਘਟਨਾ ਪਿੱਛੋਂ ਜਦੋਂ ਅਫਗਾਨਿਸਤਾਨ ਵਿੱਚ ਤਾਲਿਬਾਨ ਨੂੰ ਕੁੱਟਣ ਲਈ ਨਿਕਲੀ ਤਾਂ ਨਾ ਖੁਦ ਉਸ ਨੂੰ ਪਤਾ ਸੀ ਕਿ ਉਹ ਮੁਸੀਬਤ ਦੇ ਲੰਮੇ ਚੱਕਰ ਵਿੱਚ ਫਸਣ ਲੱਗੀ ਹੈ, ਨਾ ਉਸ ਦੀ ਹਿਮਾਇਤ ਕਰਨ ਵਾਲਿਆਂ ਨੂੰ ਇਸਦਾ ਇਹਸਾਸ ਸੀ ਉਦੋਂ ਭਾਰਤ ਦੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਇਹ ਕਹਿਣ ਨੂੰ ਦੇਰ ਨਹੀਂ ਸੀ ਕੀਤੀ ਕਿ ਭਾਰਤ ਦਾ ਬੱਚਾ-ਬੱਚਾ ਇਸ ਜੰਗ ਵਿੱਚ ਅਮਰੀਕੀ ਰਾਸ਼ਟਰਪਤੀ ਜਾਰਜ ਬੁੱਸ਼ ਦੇ ਨਾਲ ਖੜ੍ਹਾ ਹੈ, ਉਹ ਚਾਹੁਣ ਤਾਂ ਸਾਡੇ ਹਵਾਈ ਅੱਡੇ ਵੀ ਵਰਤ ਸਕਦੇ ਹਨ ਅਤੇ ਵਾਜਪਾਈ ਦੀ ਪੇਸ਼ਕਸ਼ ਵਾਂਗ ਬੁੱਸ਼ ਨੇ ਵੀ ਕਾਹਲੀ ਵਿੱਚ ਪਾਕਿਸਤਾਨ ਦੇ ਹਵਾਈ ਅੱਡੇ ’ਤੇ ਛਾਉਣੀਆਂ ਵਰਤਣ ਦਾ ਮਨਾ ਬਣਾ ਕੇ ਭੁੱਲ ਕੀਤੀ ਸੀਪਾਕਿਸਤਾਨ ਦੀ ਉਦੋਂ ਵਾਲੀ ਸਰਕਾਰ ਵੀ ਅਤੇ ਉਸ ਤੋਂ ਬਾਅਦ ਦੀ ਹਰ ਸਰਕਾਰ ਵੀ ਆਪਣੀਆਂ ਛਾਉਣੀਆਂ ਅਤੇ ਹਵਾਈ ਅੱਡੇ ਦੇਣ ਦੇ ਬਹਾਨੇ ਅਮਰੀਕਾ ਨੂੰ ਬੇਵਕੂਫ ਬਣਾ ਕੇ ਨਾਲੇ ਡਾਲਰਾਂ ਦੀਆਂ ਪੰਡਾਂ ਲੈਂਦੀ ਰਹੀ ਤੇ ਨਾਲੇ ਉਨ੍ਹਾਂ ਦੇ ਦੁਸ਼ਮਣ ਤਾਲਿਬਾਨ ਨੂੰ ਲੁਕਾਉਂਦੀ, ਬਚਾਉਂਦੀ ਅਤੇ ਪਾਲਦੀ ਰਹੀਜਦੋਂ ਉਹ ਫਸ ਗਏ ਤਾਂ ਉਨ੍ਹਾਂ ਨੇ ਆਪਣੇ ਕੋਲ ਲੁਕਾਏ ਓਸਾਮਾ ਬਿਨ ਲਾਦੇਨ ਨੂੰ ਮਾਰਨ ਲਈ ਅਮਰੀਕਾ ਨੂੰ ਸਹਿਮਤੀ ਦੇ ਦਿੱਤੀ, ਪਰ ਅਮਰੀਕਾ ਦੇ ਦੂਸਰੇ ਸਭ ਤੋਂ ਅਹਿਮ ਦੁਸ਼ਮਣ ਮੁੱਲਾਂ ਉਮਰ ਦਾ ਆਪਣੇ ਫੌਜੀ ਹਸਪਤਾਲ ਵਿੱਚ ਇਲਾਜ ਕਰਾਉਂਦੀ ਰਹੀ ਤੇ ਉਸ ਦੇ ਮਰਨ ਮਗਰੋਂ ਦੋ ਸਾਲ ਅਮਰੀਕਾ ਸਣੇ ਦੁਨੀਆ ਤੋਂ ਉਸ ਦੀ ਮੌਤ ਦੀ ਖਬਰ ਵੀ ਲੁਕਾਈ ਰੱਖੀਇਹੀ ਨਹੀਂ, ਜਦੋਂ ਇੱਕ ਵਾਰੀ ਇਸ ਸਮੱਸਿਆ ਦੇ ਹੱਲ ਲਈ ਅਮਰੀਕਾ ਨੇ ਤਾਲਿਬਾਨ ਦੇ ਇੱਕ ਧੜੇ ਦੇ ਆਗੂ ਮੁੱਲਾਂ ਬਿਰਾਦਰ ਨਾਲ ਗੱਲਬਾਤ ਚਲਾਈ ਤਾਂ ਪਾਕਿਸਤਾਨ ਸਰਕਾਰ ਨੇ ਮੁੱਲਾਂ ਬਿਰਾਦਰ ਨੂੰ ਅਚਾਨਕ ਗ੍ਰਿਫਤਾਰ ਕਰ ਕੇ ਉਨ੍ਹਾਂ ਦੀ ਕੋਸ਼ਿਸ਼ ਫੇਲ ਵੀ ਕਰ ਦਿੱਤੀ ਸੀਅਮਰੀਕਾ ਅਤੇ ਤਾਲਿਬਾਨ ਦਾ ਤਾਜ਼ਾ ਸਮਝੌਤਾ ਵੀ ਉਦੋਂ ਹੀ ਸਿਰੇ ਚੜ੍ਹ ਸਕਿਆ ਸੀ, ਜਦੋਂ ਇਸਦੀ ਵਾਰਤਾ ਦੇ ਸਾਰੇ ਚੱਕਰਾਂ ਵਿੱਚ ਪਾਕਿਸਤਾਨ ਨੂੰ ਸ਼ਾਮਲ ਕੀਤਾ ਗਿਆ ਤੇ ਸਭ ਨੂੰ ਇਹ ਵੀ ਪਤਾ ਹੈ ਕਿ ਇਸ ਵਕਤ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਬਹਾਨੇ ਅਸਲ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਮੋਹਰਿਆਂ ਦਾ ਕਬਜ਼ਾ ਕਰਾਇਆ ਗਿਆ ਹੈਅੱਗੋਂ ਪਾਕਿਸਤਾਨ ਦੀ ਖੇਡ ਖਰਾਬ ਕਰਨ ਵਾਲੀ ਨਵੀਂ ਤਾਕਤ ਅਫਗਾਨਿਸਤਾਨ ਵਿੱਚ ਉੱਠ ਖੜੋਤੀ ਹੈ, ਜਿਸ ਤੋਂ ਅਮਰੀਕਾ ਦੇ ਨਾਲ ਭਾਰਤ ਦੀ ਚਿੰਤਾ ਵੀ ਹੋਰ ਵਧੇਗੀ

ਬੀਤੀ ਛੱਬੀ ਅਗਸਤ ਦੀ ਸ਼ਾਮ ਨੂੰ ਅਫਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ ਕੋਲ ਜਦੋਂ ਬੰਬ ਧਮਾਕੇ ਹੋਏ ਅਤੇ ਇੱਕ ਸੌ ਤੋਂ ਵੱਧ ਲੋਕ ਮਾਰੇ ਗਏ ਤਾਂ ਆਪਣਾ ਪੱਲਾ ਸਾਫ ਦੱਸਣ ਦੇ ਲਈ ਪਹਿਲਾ ਬਿਆਨ ਤਾਲਿਬਾਨ ਨੇ ਦਿੱਤਾ ਕਿ ਉਨ੍ਹਾਂ ਕੁਝ ਨਹੀਂ ਕੀਤਾਕੁਝ ਦੇਰ ਬਾਅਦ ਆਈ ਐੱਸ ਕੇ (ਇਸਲਾਮਿਕ ਸਟੇਟ ਆਫ ਖੁਰਾਸਾਨ) ਦਾ ਬਿਆਨ ਆ ਗਿਆ ਕਿ ਇਹ ਵਾਰਦਾਤ ਉਨ੍ਹਾਂ ਕੀਤੀ ਹੈ ਤਾਂ ਇਸ ਤੋਂ ਕਈ ਕੁਝ ਅਚਾਨਕ ਹੋਰ ਚੇਤੇ ਕਰਨਾ ਪੈ ਗਿਆਦੁਨੀਆ ਇਹ ਜਾਣਦੀ ਹੈ ਕਿ ਓਸਾਮਾ ਬਿਨ ਲਾਦੇਨ ਦੀ ਸ਼ਾਗਿਰਦੀ ਵਿੱਚ ਅੱਤਵਾਦ ਦੀ ਪੜ੍ਹਾਈ ਪੜ੍ਹੇ ਅਬੂ ਬਕਰ ਅਲ ਬਗਦਾਦੀ ਨੇ ਸਾਲ 2014 ਵਿੱਚ ਆਪਣੇ ਆਪ ਨੂੰ ਖਲੀਫਾ ਐਲਾਨਿਆ ਅਤੇ ਇਸਲਾਮਿਕ ਸਟੇਟ ਆਫ ਇਰਾਕ ਅਤੇ ਸੀਰੀਆ (ਆਈ ਐੱਸ ਆਈ ਐੱਸ) ਵਾਲੀ ਫੌਜ ਖੜ੍ਹੀ ਕਰ ਕੇ ਸੰਸਾਰ ਮਹਾਂ-ਸ਼ਕਤੀਆਂ ਨੂੰ ਭਾਜੜਾਂ ਪਾ ਦਿੱਤੀਆਂ ਸਨਜਦੋਂ ਸੰਸਾਰ ਤਾਕਤਾਂ ਨਾਲ ਭੇੜ ਵਿੱਚ ਉਹ ਕਮਜ਼ੋਰ ਪਿਆ ਤਾਂ ਉਸ ਨੇ ਆਪਣੇ ਲੜਾਕੂਆਂ ਨੂੰ ਸਾਰੇ ਸੰਸਾਰ ਵਿੱਚ ਖਿੱਲਰ ਜਾਣ ਨੂੰ ਕਿਹਾ ਸੀ, ਪਰ ਬਹੁਤਾ ਕਰ ਕੇ ਉਸ ਦੀ ਧਾੜ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਰਾਜ ਵਿੱਚ ਆਣ ਵੜੀ ਸੀ, ਜਿੱਧਰ ਪਹਿਲਾਂ ਤਾਲਿਬਾਨ ਅੱਡੇ ਬਣਾ ਕੇ ਅਮਰੀਕਾ ਵਿਰੁੱਧ ਅਫਗਾਨਿਸਤਾਨ ਦੀ ਲੜਾਈ ਲੜਦੇ ਪਏ ਸਨਦਹਿਸ਼ਤਗਰਦਾਂ ਦੀਆਂ ਇਨ੍ਹਾਂ ਦੋਵਾਂ ਧਿਰਾਂ ਦਾ ਉੱਥੇ ਆਪਸ ਵਿੱਚ ਸਰਦਾਰੀ ਦਾ ਆਢਾ ਸ਼ੁਰੂ ਹੋ ਗਿਆ, ਜਿਹੜਾ ਅਜੇ ਵੀ ਚੱਲਦਾ ਹੈ ਤੇ ਕਾਬੁਲ ਦੇ ਬੰਬ ਧਮਾਕਿਆਂ ਦੀ ਵਾਰਦਾਤ ਤੀਕਰ ਵੀ ਆਣ ਪੁੱਜਾ ਹੈ ਇੱਥੇ ਆ ਕੇ ਤਾਲਿਬਾਨ ਤੇ ਅਮਰੀਕਾ ਦੀ ਸਾਂਝ ਦੇ ਚਰਚੇ ਸੁਣਨ ਲੱਗੇ ਹਨ

ਜਦੋਂ ਆਈ ਐੱਸ ਆਈ ਐੱਸ ਵਾਲੇ ਇਰਾਕ ਅਤੇ ਸੀਰੀਆ ਤੋਂ ਭੱਜ ਕੇ ਪਾਕਿਸਤਾਨੀ ਖੇਤਰ ਵਿੱਚ ਆ ਕੇ ਟਿਕਣ ਵਿੱਚ ਕਾਮਯਾਬ ਹੋ ਗਏ ਤਾਂ ਉਨ੍ਹਾਂ ਨੇ ਨਵੀਂ ਫੋਰਸ ‘ਆਈ ਐੱਸ ਕੇ’ (ਇਸਲਾਮਿਕ ਸਟੇਟ ਆਫ ਖੁਰਾਸਾਨ) ਬਣਾਈ ਸੀਖੁਰਾਸਾਨ ਇੱਕ ਬਹੁਤ ਲੰਮਾ ਇਲਾਕਾ ਹੈ, ਜਿਸ ਵਿੱਚ ਇਰਾਨ ਦਾ ਉੱਤਰ ਪੂਰਬ ਦਾ ਸਾਰਾ ਖੇਤਰ, ਅਫਗਾਨਿਸਤਾਨ ਦੇ ਹੇਰਾਤ, ਬਲਖ ਅਤੇ ਬੁਖਾਰਾ ਤੋਂ ਕਾਬੁਲ ਦੇ ਅਗਾਂਹ ਹਿੰਦੂਕੁਸ਼ ਪਰਬਤ ਤਕ ਅਤੇ ਤੁਰਕਮੇਨਿਸਤਾਨ, ਤਾਜਿਕਸਤਾਨ ਅਤੇ ਉਜ਼ਬੇਕਿਸਤਾਨ ਦਾ ਕੁਝ ਹਿੱਸਾ ਵੀ ਗਿਣਿਆ ਜਾਂਦਾ ਹੈਕਦੀ ਇਰਾਕ ਅਤੇ ਸੀਰੀਆ ਤੋਂ ਬਾਅਦ ਲੇਵਾਂਤ (ਜਿਸ ਵਿੱਚ ਇਰਾਕ ਤੇ ਸੀਰੀਆ ਦੇ ਨਾਲ ਲੇਬਨਾਨ, ਜਾਰਡਨ ਅਤੇ ਇਸਰਾਈਲ ਦੇ ਇਲਾਕੇ ਤਕ ਗਿਣੇ ਜਾਂਦੇ ਹਨ) ਵੱਲ ਮਾਰ ਕਰਨ ਦੀ ਸੋਚ ਵਾਲਾ ਆਈ ਐੱਸ ਆਈ ਐੱਸ ਆਪਣੇ ਨਵੇਂ ਰੂਪ ਆਈ ਐੱਸ ਕੇ ਵਾਲੇ ਝੰਡੇ ਹੇਠ ਪੁਰਾਣੇ ਜ਼ਮਾਨੇ ਦੇ ਖੁਰਾਸਾਨ ਉੱਤੇ ਇਸਾਲਾਮੀ ਝੰਡਾ ਝੁਲਾਉਣ ਦੇ ਐਲਾਨ ਕਰਨ ਲੱਗ ਪਿਆਆਈ ਐੱਸ ਦੇ ਖਲੀਫਾ ਅਬੂ ਬਕਰ ਅਲ ਬਗਦਾਦੀ ਦੇ ਬਾਅਦ ਇਸਦਾ ਨਵਾਂ ਆਗੂ ਹਾਫਿਜ਼ ਸਈਦ ਖਾਨ ਬਣਿਆ ਸੀ, ਜਿਹੜਾ ਸਾਲ 2015 ਵਿੱਚ ਮਾਰਿਆ ਗਿਆ ਸੁਣਿਆ ਸੀ ਅਤੇ ਉਸ ਤੋਂ ਬਾਅਦ ਇਸ ਗਰੁੱਪ ਦਾ ਸੁਪਰੀਮ ਲੀਡਰ ਅਸਲਮ ਫਾਰੂਕੀ ਦੱਸਿਆ ਜਾਂਦਾ ਹੈ

ਇੱਥੋਂ ਆਣ ਕੇ ਇੱਕ ਗੱਲ ਪਿਛਲੇ ਸਾਲ ਮਾਰਚ ਵਿੱਚ ਕਾਬੁਲ ਦੇ ਗੁਰਦੁਆਰਾ ਗੁਰੂ ਹਰ ਰਾਏ ਸਾਹਿਬ ਵਿੱਚ ਹੋਏ ਅੱਤਵਾਦੀ ਹਮਲੇ ਤੇ ਪੰਝੀ ਤੋਂ ਵੱਧ ਸਿੱਖਾਂ ਦੇ ਮਾਰੇ ਜਾਣ ਦੀ ਚੇਤੇ ਆਉਂਦੀ ਹੈਉਹ ਹਮਲਾ ਤਾਲਿਬਾਨ ਦੇ ਨੇੜਲਾ ਮੰਨੇ ਜਾਂਦੇ ਹੱਕਾਨੀ ਨੈੱਟਵਰਕ ਦਾ ਕੰਮ ਸਮਝਿਆ ਗਿਆ ਸੀ, ਪਰ ਪਿੱਛੋਂ ਪਤਾ ਲੱਗਾ ਕਿ ਇਸ ਹਮਲੇ ਦਾ ਮੁੱਖ ਸਾਜ਼ਿਸ਼ ਕਰਤਾ ਅਸਲਮ ਫਾਰੂਕੀ ਸੀ, ਜਿਹੜਾ ਕੁਝ ਸਮਾਂ ਬਾਅਦ ਫੜੇ ਜਾਣ ਪਿੱਛੋਂ ਉਦੋਂ ਤੋਂ ਜੇਲ ਵਿੱਚ ਸੀਇਹ ਗੱਲ ਲਗਾਤਾਰ ਸੁਣਨ ਨੂੰ ਮਿਲਦੀ ਰਹੀ ਕਿ ਅਸਲਮ ਫਾਰੂਕੀ ਜੇਲ ਵਿੱਚੋਂ ਵੀ ਆਪਣੇ ਆਈ ਐੱਸ ਕੇ ਗਰੁੱਪ ਨੂੰ ਕਮਾਂਡ ਕਰਦਾ ਤੇ ਭਾਰਤ ਵਿੱਚ ਜੰਮੂ-ਕਸ਼ਮੀਰ ਤਕ ਵਾਰਦਾਤਾਂ ਕਰਵਾਉਂਦਾ ਹੈਜਦੋਂ ਪਿਛਲੇ ਦਿਨੀਂ ਤਾਲਿਬਾਨ ਨੇ ਅਫਗਾਨਿਸਤਾਨ ਉੱਤੇ ਕਬਜ਼ਾ ਕੀਤਾ ਤਾਂ ਕਾਹਲੀ ਵਿੱਚ ਜੇਲਾਂ ਦੇ ਦਰਵਾਜ਼ੇ ਖੋਲ੍ਹ ਦਿੱਤੇ, ਪਰ ਇਹ ਚੇਤੇ ਨਹੀਂ ਰੱਖਿਆ ਕਿ ਉਨ੍ਹਾਂ ਦਾ ਕੱਟੜ ਵਿਰੋਧੀ ਅਸਲਮ ਫਾਰੂਕੀ ਵੀ ਨਿਕਲ ਸਕਦਾ ਹੈਤਾਲਿਬਾਨ ਨਾਲ ਸਰਦਾਰੀ ਦੀ ਜੰਗ ਵਿੱਚ ਹਰ ਹੱਦ ਪਾਰ ਕਰਨ ਲਈ ਤਿਆਰ ਸਮਝਿਆ ਜਾਂਦਾ ਅਸਲਮ ਫਾਰੂਕੀ ਜਦੋਂ ਜੇਲ ਤੋਂ ਨਿਕਲਿਆ ਤਾਂ ਅਫਗਾਨਿਸਤਾਨ ਦੀ ਹਕੂਮਤ ਤਾਲਿਬਾਨ ਦੇ ਪੱਕੇ ਪੈਰੀਂ ਸੰਭਾਲਣ ਤੋਂ ਪਹਿਲਾਂ ਕਾਬੁਲ ਏਅਰ ਪੋਰਟ ਦੀ ਵਾਰਦਾਤ ਕਰਵਾ ਕੇ ਤਾਲਿਬਾਨ ਦੇ ਨਾਲ ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਦੀ ਟੀਮ ਨੂੰ ਸੋਚੀਂ ਪਾ ਦਿੱਤਾ ਹੈ ਇਸਦੇ ਨਾਲ ਹੀ ਇਹ ਗੱਲ ਵੀ ਚੱਲ ਨਿਕਲੀ ਹੈ ਕਿ ਅਫਗਾਨਿਸਤਾਨ ਤੋਂ ਫੌਜ ਕੱਢਣ ਦਾ ਰਾਸ਼ਟਰਪਤੀ ਜੋਅ ਬਾਇਡੇਨ ਦਾ ਫੈਸਲਾ ਵੱਡੇ ਖਰਚਿਆਂ ਜਾਂ ਆਪਣੇ ਦੇਸ਼ ਦੇ ਫੌਜੀ ਜਵਾਨਾਂ ਦੀਆਂ ਜਾਨਾਂ ਬਚਾਉਣ ਦੀ ਕਾਹਲੀ ਦੇ ਕਾਰਨ ਨਹੀਂ ਸੀ ਲਿਆ ਗਿਆ, ਅਸਲ ਵਿੱਚ ਅੱਜਕੱਲ੍ਹ ਇੱਕ ਸਾਂਝਾ ਦੁਸ਼ਮਣ ਆਈ ਐੱਸ ਕੇ ਉੱਭਰਦਾ ਵੇਖ ਕੇ ਤਾਲਿਬਾਨ ਅਤੇ ਅਮਰੀਕਾ ਵਿਚਾਲੇ ਅੰਦਰ-ਖਾਤੇ ਗਿਟਮਿਟ ਹੋਣ ਪਿੱਛੋਂ ਚੁੱਕਿਆ ਗਿਆ ਕਦਮ ਸੀ

ਅਮਰੀਕਾ ਵੱਲ ਇਸ ਦੌਰਾਨ ਤਾਲਿਬਾਨ ‘ਸਾਫਟ’ (ਨਰਮ) ਹੋ ਗਿਆ ਜਾਂ ਤਾਲਿਬਾਨ ਵੱਲ ਅਮਰੀਕੀ ਹਕੂਮਤ ਦੇ ਆਗੂ ਡੋਨਾਲਡ ਟਰੰਪ ਅਤੇ ਜੋਅ ਬਾਇਡੇਨ ਦੋਬਾਰਾ ਇਰਾਕ ਅਤੇ ਸੀਰੀਆ ਵਰਗੀ ਉਲਝਵੀਂ ਜੰਗ ਵਿੱਚ ਫਸਣ ਦੇ ਡਰ ਕਾਰਨ ਸਾਫਟ ਹੋਏ ਸਨ, ਦੋਵੇਂ ਤਰ੍ਹਾਂ ਇਨ੍ਹਾਂ ਦੋਵਾਂ ਧਿਰਾਂ ਦੀ ਨਰਮੀ ਦੀ ਗੱਲ ਚਰਚਾ ਵਿੱਚ ਹੈਜਿਹੜੇ ਜੋਅ ਬਾਇਡੇਨ ਨੂੰ ਕਾਬੁਲ ਉੱਤੇ ਤਾਲਿਬਾਨ ਦੇ ਕਬਜ਼ੇ ਕਾਰਨ ਹਰ ਪਾਸੇ ਤੋਂ ਦੋਸ਼ੀ ਕਰਾਰ ਦਿੱਤਾ ਜਾ ਰਿਹਾ ਸੀ, ਅਚਾਨਕ ਉਸੇ ਬਾਇਡੇਨ ਦੇ ਇਸ ਕਦਮ ਨੂੰ ਇੱਕ ਵੱਡੀ ਜੰਗ ਖੁਦ ਪਾਸੇ ਹੋ ਕੇ ਤਾਲਿਬਾਨ ਤੇ ਉਨ੍ਹਾਂ ਦੇ ਪਿੱਛੇ ਖੜ੍ਹੇ ਪਾਕਿਸਤਾਨ ਦੇ ਗਲ਼ ਪਾ ਦੇਣ ਵਾਲਾ ਆਗੂ ਕਿਹਾ ਜਾਣ ਲੱਗਾ ਹੈਇਹ ਗੱਲ ਕਿਸੇ ਹੱਦ ਤਕ ਠੀਕ ਵੀ ਹੋ ਸਕਦੀ ਹੈ, ਨਹੀਂ ਵੀ, ਪਰ ਇੱਕ ਗੱਲ ਪੱਕੀ ਮੰਨਣ ਵਾਲੀ ਹੈ ਕਿ ਜੋਅ ਬਾਇਡੇਨ ਦੀ ਇਸ ਤਾਲਿਬਾਨੀ ਕਾਰਸਤਾਨੀ ਨੇ ਅਫਗਾਨੀ ਲੋਕਾਂ ਨੂੰ ਹੀ ਨਹੀਂ, ਹਿੰਦੁਸਤਾਨ ਦੇ ਲੋਕਾਂ ਤੇ ਆਗੂਆਂ ਨੂੰ ਵੀ ਚਿਤਵਣੀ ਲਾ ਦਿੱਤੀ ਹੈਅਗਲੇ ਸਾਲ ਇੱਧਰ ਦੇ ਦੇਸ਼ਾਂ ਲਈ ਫਿਕਰਮੰਦੀ ਵਾਲੇ ਹਨ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2979)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਜਤਿੰਦਰ ਪਨੂੰ

ਜਤਿੰਦਰ ਪਨੂੰ

Jalandhar, Punjab, India.
Phone: (91 - 98140 - 68455)
Email: (pannu_jatinder@yahoo.co.in)

More articles from this author