JatinderPannu7ਗਵਰਨਰੀ ਰਾਜ ... ਭਗਵੇਂਕਰਨ ਦੇ ਨਾਗਪੁਰੀ ਤਜਰਬੇ ਦੀ ਇੱਦਾਂ ਦੀ ਮਿਸਾਲ ਹੋਵੇਗਾ, ਜਿਸ ਵਿੱਚ ...
(6 ਸਤੰਬਰ 2021)

 

ਕਰੀਬ ਦੋ ਹਫਤੇ ਪਹਿਲਾਂ ਜਦੋਂ ਇਨ੍ਹਾਂ ਸਤਰਾਂ ਦੇ ਲੇਖਕ ਨੇ ਇੱਕ ਟੀ ਵੀ ਪ੍ਰੋਗਰਾਮ ਵਿੱਚ ਇਹ ਗੱਲ ਕਹੀ ਸੀ ਕਿ ਜਿਸ ਪਾਸੇ ਨੂੰ ਹਾਲਾਤ ਵਧਦੇ ਜਾਂਦੇ ਹਨ, ਕੇਂਦਰ ਦੀ ਸਰਕਾਰ ਨੂੰ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦਾ ਮੌਕਾ ਮਿਲ ਸਕਦਾ ਹੈ ਤਾਂ ਕਈ ਲੋਕਾਂ ਨੇ ਮਜ਼ਾਕ ਉਡਾਇਆ ਸੀਕੁਝ ਲੋਕ ਇਸ ਗੱਲ ਦਾ ਬੁਰਾ ਮਨਾ ਰਹੇ ਸਨ ਕਿ ਇਹ ਕਿਹਾ ਹੀ ਕਿਉਂ ਹੈ, ਪਰ ਉਹ ਇਹ ਨਹੀਂ ਸੀ ਕਹਿੰਦੇ ਕਿ ਇੱਦਾਂ ਹੋ ਨਹੀਂ ਸਕਦਾਹਕੀਕਤ ਦਾ ਅਹਿਸਾਸ ਬਹੁਤ ਸਾਰੇ ਲੋਕਾਂ ਨੂੰ ਮੋਗਾ ਦੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਦੀ ਰੈਲੀ ਵਾਲੇ ਹਾਲਾਤ ਤੋਂ ਹੋਣ ਲੱਗਾ ਹੈ, ਜਿਸ ਪਿੱਛੋਂ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਕੁਝ ਅਗਲੇ ਰੱਖੇ ਹੋਏ ਪ੍ਰੋਗਰਾਮ ਰੱਦ ਕਰਨੇ ਅਤੇ ਤਿੰਨ ਮੈਂਬਰੀ ਕਮੇਟੀ ਬਣਾ ਕੇ ਕਿਸਾਨ ਆਗੂਆਂ ਦੇ ਨਾਲ ਗੱਲਬਾਤ ਦੀ ਪੇਸ਼ਕਸ਼ ਕਰਨੀ ਪਈ ਹੈਇਸ ਤੋਂ ਪਹਿਲਾਂ ਉਹ ਲਗਾਤਾਰ ਹਵਾ ਵਿੱਚ ਤਲਵਾਰਾਂ ਮਾਰਦੇ ਅਤੇ ਇਹੋ ਕਹਿੰਦੇ ਸਨ ਕਿ ਬਾਕੀ ਪਾਰਟੀਆਂ ਨੂੰ ਡਰ ਹੋਵੇਗਾ, ਅਕਾਲੀ ਦਲ ਕਿਸੇ ਦੀ ਪ੍ਰਵਾਹ ਨਹੀਂ ਕਰਦਾਉਹ ਅਗਲੀ ਗੱਲ ਇਹ ਵੀ ਕਹਿੰਦੇ ਸਨ ਕਿ ਅਕਾਲੀ ਦਲ ਮੁੱਢ ਤੋਂ ਕਿਸਾਨਾਂ ਦਾ ਸਹਿਯੋਗੀ ਰਿਹਾ ਹੈ, ਇਸ ਲਈ ਕਿਸਾਨ ਇਸਦਾ ਵਿਰੋਧ ਨਹੀਂ ਕਰਦੇ, ਉਨ੍ਹਾਂ ਦਾ ਨਾਂਅ ਵਰਤ ਕੇ ਕੁਝ ਸਿਆਸੀ ਪਾਰਟੀਆਂ ਇਸ ਵਿਰੋਧ ਦਾ ਡਰਾਮਾ ਕਰਾਉਂਦੀਆਂ ਹਨ

ਜਦੋਂ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਇਹ ਕਹਿੰਦਾ ਸੀ ਕਿ ਅਕਾਲੀ ਦਲ ਮੁੱਢਾਂ ਤੋਂ ਕਿਸਾਨਾਂ ਦੀ ਹਿਤੈਸ਼ੀ ਧਿਰ ਰਹੀ ਹੈ, ਉਸ ਨੂੰ ਇਹ ਗੱਲ ਯਾਦ ਨਹੀਂ ਸੀ ਕਿ ਉਸ ਦੇ ਪਿਤਾ ਜੀ ਨੇ ਕਦੀ ਕਿਸਾਨਾਂ ਦੀ ਜ਼ਮੀਨ ਖੋਹਣ ਦੇ ਕਾਨੂੰਨਾਂ ਦੀ ਉਸ ਤਰ੍ਹਾਂ ਹਾਮੀ ਨਹੀਂ ਸੀ ਭਰਨੀ, ਜਿਵੇਂ ਸੁਖਬੀਰ ਸਿੰਘ ਤੇ ਉਸ ਦੀ ਪਤਨੀ ਦਿੱਲੀ ਵਿੱਚ ਭਰ ਚੁੱਕੇ ਸਨਪੰਜਾਬ ਦੇ ਕਿਸਾਨਾਂ ਵਿੱਚ ਇਸ ਕਦਮ ਦੀ ਚਰਚਾ ਕਿਸੇ ਹੋਰ ਨੇ ਨਹੀਂ ਸੀ ਕਰਵਾਈ, ਖੁਦ ਸੁਖਬੀਰ ਸਿੰਘ ਨੇ ਪਿਛਲੇ ਸਾਲ ਪੰਜਾਬ ਦੀ ਸਰਬ ਪਾਰਟੀ ਮੀਟਿੰਗ ਦੌਰਾਨ ਨਰਿੰਦਰ ਮੋਦੀ ਸਰਕਾਰ ਦੇ ਬਿੱਲਾਂ ਦੀ ਹਿਮਾਇਤ ਵਿੱਚ ਇਹ ਸ਼ਬਦ ਕਹਿ ਕੇ ਕਰਵਾ ਲਈ ਸੀ ਕਿ ਐਵੇਂ ਕਿਸਾਨਾਂ ਨੂੰ ਗੁਮਰਾਹ ਨਾ ਕਰੋ, ਕੇਂਦਰ ਦੇ ਖੇਤੀ ਬਿੱਲ ਕਿਸਾਨਾਂ ਦਾ ਭਲਾ ਕਰਨ ਵਾਲੇ ਹਨਅੱਜ ਜਦੋਂ ਅਕਾਲੀ ਦਲ ਕਹਿੰਦਾ ਹੈ ਕਿ ਉਹ ਮੁੱਢ ਤੋਂ ਇਨ੍ਹਾਂ ਬਿੱਲਾਂ ਦੇ ਖਿਲਾਫ ਸੀ ਤਾਂ ਭੁੱਲ ਜਾਂਦਾ ਹੈ ਕਿ ਕੇਂਦਰੀ ਸਰਕਾਰ ਛੱਡਣ ਪਿੱਛੋਂ ਵੀ ਤਲਵੰਡੀ ਸਾਬੋ ਦੀ ਅਕਾਲੀ ਰੈਲੀ ਵਿੱਚ ਬੀਬੀ ਹਰਸਿਮਰਤ ਕੌਰ ਨੇ ਕਿਹਾ ਸੀ ਕਿ ਤੁਹਾਡੇ ਇਤਰਾਜ਼ ਕਾਰਨ ਮੈਂ ਕੇਂਦਰੀ ਮੰਤਰੀ ਦੀ ਕੁਰਸੀ ਛੱਡੀ ਹੈ, ਉਂਜ ਮੈਂ ਅੱਜ ਵੀ ਇਹ ਬਿੱਲ ਤੁਹਾਡੇ ਭਲੇ ਵਾਲੇ ਸਮਝਦੀ ਹਾਂਇਨ੍ਹਾਂ ਗੱਲਾਂ ਦੇ ਕਾਰਨ ਇਸ ਪਾਰਟੀ ਦੀ ਵੱਡੇ ਬਾਦਲ ਵਾਲੇ ਦੌਰ ਨਾਲ ਕੋਈ ਤੁਲਨਾ ਕੀਤੀ ਕਿਸਾਨਾਂ ਨੂੰ ਹਜ਼ਮ ਨਹੀਂ ਹੋ ਰਹੀ

ਭਾਰਤ ਸਰਕਾਰ ਦੇ ਤਿੰਨ ਵਿਵਾਦ ਵਾਲੇ ਬਿੱਲਾਂ ਦਾ ਜਦੋਂ ਕਿਸਾਨਾਂ ਨੇ ਵਿਰੋਧ ਸ਼ੁਰੂ ਕੀਤਾ ਸੀ, ਇਹ ਵਿਰੋਧ ਪੂਰੀ ਤਰ੍ਹਾਂ ਜਾਇਜ਼ ਮੰਨਦੇ ਹੋਏ ਵੀ ਅਸੀਂ ਉਦੋਂ ਤੋਂ ਕਹਿੰਦੇ ਰਹੇ ਸਾਂ ਕਿ ਵਿਰੋਧ ਦੇ ਬਾਕੀ ਸਭ ਤਰੀਕੇ ਜਾਇਜ਼ ਹਨ, ਕਿਸੇ ਦੇ ਗਲ਼ ਪੈਣਾ ਜਾਂ ਘੇਰਾਓ ਕਰਨ ਦੇ ਨਾਂਅ ਉੱਤੇ ਭੰਨ-ਤੋੜ ਕਰ ਦੇਣੀ ਠੀਕ ਨਹੀਂ ਹੁੰਦੀਜਿਹੜੇ ਲੋਕ ਵਿਰੋਧ ਦੇ ਨਾਂਅ ਉੱਤੇ ਇਹੋ ਜਿਹੇ ਵਿਹਾਰ ਨੂੰ ਮਾੜਾ ਨਹੀਂ ਸੀ ਮੰਨਦੇ, ਉਹ ਭੁੱਲ ਜਾਂਦੇ ਸਨ ਕਿ ਖੁਦ ਉਨ੍ਹਾਂ ਦੇ ਵਿਰੋਧ ਤਕ ਵੀ ਗੱਲ ਆ ਸਕਦੀ ਹੈਫਿਰ ਇਹ ਹੋਣ ਲੱਗ ਪਿਆਕਿਸਾਨਾਂ ਨੇ ਕਈ ਥਾਂਈਂ ਭਾਜਪਾ ਤੋਂ ਬਾਅਦ ਅਕਾਲੀ ਆਗੂ, ਫਿਰ ਕਾਂਗਰਸ ਵਾਲੇ ਅਤੇ ਅੰਤ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਵੀ ਘੇਰ ਕੇ ਬੇਇੱਜ਼ਤ ਕੀਤੇਅੱਜਕੱਲ੍ਹ ਉਹ ਕਿਸੇ ਵੀ ਧਿਰ ਦਾ ਕੋਈ ਆਗੂ ਕਿਤੇ ਜਾਂਦਾ ਸੁਣ ਲੈਣ ਤਾਂ ਘਿਰਾਓ ਕਰਨ ਲਈ ਉੱਠ ਤੁਰਦੇ ਹਨ ਤੇ ਕੁਝ ਥਾਂਈਂ ਉਹ ਜਿਸਦੇ ਘਰ ਗਏ ਹੋਏ ਸਨ, ਉਸ ਪਰਿਵਾਰ ਨੂੰ ਵੀ ਅਵਾਜ਼ਾਰ ਹੋਣਾ ਪਿਆ ਹੈਇਸ ਵਿਹਾਰ ਦੇ ਅੱਗੋਂ ਹੋਰ ਵਧਣ ਦੇ ਸੰਕੇਤਾਂ ਨਾਲ ਅਗਲੇ ਦਿਨਾਂ ਵਿੱਚ ਹੋਣ ਵਾਲੀ ਵਿਧਾਨ ਸਭਾ ਚੋਣ ਦਾ ਚੇਤਾ ਵੀ ਰੱਖਣਾ ਪੈਣਾ ਹੈ

ਮਸਾਂ ਛੇ ਮਹੀਨਿਆਂ ਨੂੰ ਚੋਣਾਂ ਹੋਣੀਆਂ ਹਨ ਅਤੇ ਹਰ ਕਿਸੇ ਦਾ ਘਿਰਾਓ ਕਰਨ ਦਾ ਜਿਹੜਾ ਰੁਖ ਚੱਲਦਾ ਪਿਆ ਹੈ, ਇਹੋ ਚੱਲਦਾ ਰਿਹਾ ਤਾਂ ਕਾਗਜ਼ ਪੇਸ਼ ਕਰਨ ਜਾਂਦੇ ਉਮੀਦਵਾਰਾਂ ਨੂੰ ਵੀ ਘੇਰਨ ਦਾ ਕੰਮ ਸ਼ੁਰੂ ਹੋ ਸਕਦਾ ਹੈਪੰਜਾਬ ਦੀਆਂ ਪਾਰਟੀਆਂ ਦੇ ਆਗੂ ਭਾਵੇਂ ਇਸ ਬਾਰੇ ਕੁਝ ਨਾ ਸੋਚਣ, ਜਿਹੜੀ ਧਿਰ ਇਸ ਦੇਸ਼ ਉੱਤੇ ਰਾਜ ਕਰਦੀ ਹੈ, ਉਹ ਉਸ ਵਕਤ ਦੀ ਉਡੀਕ ਵਿੱਚ ਹੈ, ਜਦੋਂ ਕਿਸਾਨ ਚੋਣਾਂ ਵੇਲੇ ਉਮੀਦਵਾਰਾਂ ਤੇ ਉਨ੍ਹਾਂ ਦੇ ਲਈ ਚੋਣ ਪ੍ਰਚਾਰ ਕਰਨ ਗਏ ਲੀਡਰਾਂ ਦਾ ਘਿਰਾਓ ਕਰਨ ਲਈ ਜਾਣਗੇਉਸ ਵਕਤ ਕੇਂਦਰ ਦਾ ਚੋਣ ਕਮਿਸ਼ਨ ਹੇਠੋਂ ਰਿਟਰਨਿੰਗ ਅਫਸਰਾਂ ਤੋਂ ਰਿਪੋਰਟ ਮੰਗੇ ਜਾਂ ਕੇਂਦਰ ਦਾ ਗ੍ਰਹਿ ਮੰਤਰੀ ਪੰਜਾਬ ਦੇ ਨਵੇਂ ਗਵਰਨਰ ਤੋਂ ਪੰਜਾਬ ਦੇ ਅਮਨ-ਕਾਨੂੰਨ ਬਾਰੇ ਰਿਪੋਰਟ ਮੰਗੇ, ਦੋਵਾਂ ਪਾਸਿਆਂ ਤੋਂ ਉਨ੍ਹਾਂ ਦੀ ਮਨ ਦੀ ਮੁਰਾਦ ਪੂਰੀ ਕਰਨ ਵਾਲੀ ਇਹੋ ਰਿਪੋਰਟ ਜਾਵੇਗੀ ਕਿ ਇਹੋ ਜਿਹੇ ਹਾਲਾਤ ਵਿੱਚ ਚੋਣ ਕਰਾਉਣਾ ਸੰਭਵ ਨਹੀਂਇਸ ਪਿੱਛੋਂ ਉਹੋ ਕੁਝ ਹੋਵੇਗਾ, ਜਿਸਦਾ ਜ਼ਿਕਰ ਅੱਜ ਕੋਈ ਵੀ ਨਹੀਂ ਕਰਨਾ ਚਾਹੁੰਦਾ ਤੇ ਪੰਜਾਬ ਇੱਕ ਵਾਰ ਫਿਰ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਦੀ ਥਾਂ ਕੇਂਦਰੀ ਸਰਕਾਰ ਦੇ ਸ਼ਿਕੰਜੇ ਵਿੱਚ ਜਾਵੇਗਾ ਅਤੇ ਗਵਰਨਰ ਨੂੰ ਅੱਗੇ ਲਾ ਕੇ ਭਾਜਪਾ ਦਾ ਸਿੱਕਾ ਇਸ ਰਾਜ ਵਿੱਚ ਚੱਲੇਗਾ

ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਜਦੋਂ ਅੱਗੇ ਗਵਰਨਰੀ ਰਾਜ ਹੁੰਦਾ ਸੀ, ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਹੋਣ ਕਰ ਕੇ ਜ਼ਿਲ੍ਹਿਆਂ ਦੇ ਸਾਰੇ ਸਿਵਲ ਤੇ ਪੁਲਿਸ ਅਫਸਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਹੁਕਮ ਮੁਤਾਬਕ ਚੱਲਦੇ ਹੁੰਦੇ ਸਨ ਤੇ ਜਿਹੜਾ ਉਨ੍ਹਾਂ ਦਾ ਕਿਹਾ ਨਹੀਂ ਸੀ ਮੰਨਦਾ, ਸ਼ਾਮ ਤਕ ਬਦਲ ਦਿੱਤਾ ਜਾਂਦਾ ਸੀਭਾਜਪਾ ਦੀ ਜੜ੍ਹ ਪੰਜਾਬ ਵਿੱਚ ਇੱਦਾਂ ਦੀ ਨਹੀਂ ਕਿ ਉਹ ਅਗਲੇ ਸਾਲਾਂ ਵਿੱਚ ਇੰਨੀ ਤੇਜ਼ੀ ਨਾਲ ਫੈਲ ਸਕੇ ਕਿ ਇਸ ਰਾਜ ਦੇ ਲੋਕ ਵੋਟਾਂ ਪਾ ਕੇ ਉਸ ਦੇ ਆਗੂਆਂ ਨੂੰ ਸਰਕਾਰ ਬਣਾਉਣ ਦਾ ਹੱਕ ਦੇ ਦੇਣਅਜੇ ਤਕ ਉਸ ਨਾਲ ਪੰਜਾਬ ਵਿੱਚੋਂ ਜਿੰਨੇ ਕੁ ਸਿੱਖ ਆਗੂ ਜੁੜੇ ਹਨ, ਉਨ੍ਹਾਂ ਵਿੱਚੋਂ ਬਹੁਤੇ ਇੱਦਾਂ ਦੇ ਹਨ ਕਿ ਉਨ੍ਹਾਂ ਨੂੰ ਲੋਕਾਂ ਨੇ ਛੇਤੀ ਕੀਤੇ ਆਗੂ ਨਹੀਂ ਮੰਨਣਾ, ਪਰ ਜਦੋਂ ਗਵਰਨਰੀ ਰਾਜ ਲਾਗੂ ਹੋ ਜਾਵੇਗਾ ਤਾਂ ਉਨ੍ਹਾਂ ਹੀ ਅਣਗੌਲੇ ਕਰਨ ਜੋਗੇ ਭਾਜਪਾ ਆਗੂਆਂ ਦੇ ਵਿਹੜਿਆਂ ਤੇ ਡਰਾਇੰਗ ਰੂਮਾਂ ਵਿੱਚ ਦਰਬਾਰ ਲੱਗਿਆ ਕਰਨਗੇ ਅਤੇ ਨਤੀਜੇ ਵਜੋਂ ਅਗਲੀਆਂ ਚੋਣਾਂ ਤਕ ਉਹ ਲੋਕਾਂ ਵਿੱਚ ਇੱਕ ਵੱਡੀ ਧਿਰ ਖੜ੍ਹੀ ਕਰਨ ਦਾ ਯਤਨ ਕਰਨਗੇਜੰਮੂ-ਕਸ਼ਮੀਰ ਵਿੱਚ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਇਹੋ ਕੁਝ ਹੁੰਦਾ ਪਿਆ ਹੈਜਿਹੜੇ ਆਗੂ ਚੋਣਾਂ ਲੜਦੇ ਅਤੇ ਜਿੱਤਦੇ ਹੁੰਦੇ ਸਨ, ਉਹ ਘਰਾਂ ਵਿੱਚ ਘੇਰ ਕੇ ਬਿਠਾ ਕੇ ਅਣਗੌਲੇ ਕੀਤੇ ਜਾਣ ਪਿੱਛੋਂ ਉਹੋ ਜਿਹੇ ਆਗੂ ਲੋਕਾਂ ਵਿੱਚ ਸਰਕਾਰੀ ਦਫਤਰਾਂ ਦੇ ਕੰਮਾਂ ਦੇ ਬਹਾਨੇ ਪ੍ਰਵਾਨ ਕਰਵਾਏ ਜਾ ਰਹੇ ਹਨ, ਜਿਹੜੇ ਕਿਸੇ ਮਹੱਲੇ ਦੀ ਚੋਣ ਜਿੱਤਣ ਜੋਗੇ ਨਹੀਂ ਸੀਪੰਜਾਬ ਵਿੱਚ ਵੀ ਇੱਦਾਂ ਦਾ ਤਜਰਬਾ ਦੁਹਰਾਇਆ ਜਾ ਸਕਦਾ ਹੈ ਅਤੇ ਇਹ ਤਜਰਬਾ ਅੰਦਰੋਂ ਖੋਖਲੀ ਕਾਂਗਰਸ ਪਾਰਟੀ ਦੇ ਸਮੇਂ ਲੱਗੇ ਗਵਰਨਰੀ ਰਾਜ ਦੇ ਤਜਰਬਿਆਂ ਵਰਗਾ ਨਹੀਂ ਹੋਣਾ, ਭਗਵੇਂਕਰਨ ਦੇ ਨਾਗਪੁਰੀ ਤਜਰਬੇ ਦੀ ਇੱਦਾਂ ਦੀ ਮਿਸਾਲ ਹੋਵੇਗਾ, ਜਿਸ ਵਿੱਚ ਆਮ ਲੋਕਾਂ ਤੋਂ ਪਹਿਲਾਂ ਅੱਧੇ ਤੋਂ ਵੱਧ ਸਿੱਖ ਸੰਤ ਉਨ੍ਹਾਂ ਦੀ ਜੀ-ਹਜ਼ੂਰੀ ਕਰਨ ਲਈ ਤੁਰ ਪੈਣਗੇਜਿਨ੍ਹਾਂ ਸੰਤਾਂ ਨੂੰ ਕੁੰਭ ਦੇ ਮੇਲੇ ਵਿੱਚ ਆਰ ਐੱਸ ਐੱਸ ਆਗੂਆਂ ਦੇ ਨਾਲ ਤੁਰਦੇ ਵੇਖਿਆ ਜਾ ਚੁੱਕਾ ਹੈ, ਜਿਹੜੇ ਅਖੌਤੀ ਵਿਦਵਾਨ ਅਯੁੱਧਿਆ ਕੇਸ ਵਿੱਚ ਇੱਕ ਵਾਰ ਸਿੱਖ ਪੰਥ ਨੂੰ ‘ਕਲਟ’ ਕਹਿਣ ਦੀ ਗਵਾਹੀ ਦੇ ਚੁੱਕੇ ਹਨ ਤੇ ਕਾਨੂੰਨੀ ਚੁਣੌਤੀ ਦੇਣ ਦੇ ਐਲਾਨ ਕਰਨ ਦੇ ਬਾਵਜੂਦ ਕਿਸੇ ਸਿੱਖ ਸੰਸਥਾ ਨੇ ਉਨ੍ਹਾਂ ਨੂੰ ਅੱਜ ਤਕ ਚੁਣੌਤੀਂ ਨਹੀਂ ਦਿੱਤੀ, ਉਹ ਝੱਟ ਭਾਜਪਾ ਨਾਲ ਜਾ ਖੜੋਣਗੇ

ਅਸੀਂ ਗਾਰੰਟੀ ਨਾਲ ਇਹ ਨਹੀਂ ਕਹਿ ਸਕਦੇ ਕਿ ਚੋਣਾਂ ਤੋਂ ਪਹਿਲਾਂ ਇਹ ਹੀ ਹੋਵੇਗਾ, ਪਰ ਘਟਨਾਵਾਂ ਜਿਸ ਵਹਿਣ ਵਿੱਚ ਵਗੀ ਜਾਂਦੀਆਂ ਹਨ, ਉਨ੍ਹਾਂ ਦਾ ਸਿੱਟਾ ਇਹ ਵੀ ਨਿਕਲ ਸਕਦਾ ਹੈਰਾਜਨੀਤੀ ਕਿਸੇ ਮਿਥੇ ਨਕਸ਼ੇ ਦੀ ਮੁਥਾਜ ਨਹੀਂ ਹੁੰਦੀ, ਇਹ ਕਿਸੇ ਪਾਸੇ ਜਾਂਦੀ ਦਿਸਦੀ ਤੇ ਕਿਸੇ ਹੋਰ ਥਾਂ ਨਿਕਲ ਜਾਂਦੀ ਹੈ, ਪਰ ਅੱਜ ਦੀ ਘੜੀ ਜਿਸ ਕਿਸਮ ਦੇ ਹਾਲਤ ਹਨ, ਉਹ ਕੂਕ-ਕੂਕ ਕਹਿ ਰਹੇ ਹਨ ਕਿ ਪੰਜਾਬ ਮੁੜ ਕੇ ਗਵਰਨਰੀ ਰਾਜ ਵੱਲ ਵਧ ਰਿਹਾ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2993)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਜਤਿੰਦਰ ਪਨੂੰ

ਜਤਿੰਦਰ ਪਨੂੰ

Jalandhar, Punjab, India.
Phone: (91 - 98140 - 68455)
Email: (pannu_jatinder@yahoo.co.in)

More articles from this author