GurmitPalahi7ਕਿਸਾਨ ਅੰਦੋਲਨ ਇੱਕ ਇਤਿਹਾਸਕ ਜਿੱਤ ਹੈ ਜਿਸਨੇ ਨਵੇਂ ਦਿਸਹੱਦੇ ਸਿਰਜੇ ਹਨ, ਹਾਕਮਾਂ ਨੂੰ ਸਬਕ ...
(7 ਦਸੰਬਰ 2021)

 

ਮੋਦੀ ਸਰਕਾਰ ਨੇ ਜਿਸ ਗੈਰ-ਲੋਕਤੰਤਰੀ ਢੰਗ ਤਰੀਕੇ ਨਾਲ ਸੂਬਿਆਂ ਦੀਆਂ ਸਰਕਾਰਾਂ ਦੀ ਸੰਘੀ ਘੁੱਟਕੇ ਤਿੰਨ ਕਾਲੇ ਕਾਨੂੰਨਾਂ ਦਾ ਆਰਡੀਨੈਸ ਕੋਵਿਡ ਮਹਾਂਮਾਰੀ ਦੇ ਦਿਨਾਂ ਵਿੱਚ ਲਿਆਂਦਾ, ਫਿਰ ਧੱਕੇ ਨਾਲ ਬਿੱਲ ਪਾਰਲੀਮੈਂਟ ਦੇ ਦੋਹਾਂ ਘਰਾਂ ਵਿੱਚ ਬਿਨਾਂ ਬਹਿਸ ਪਾਸ ਕਰਵਾਏ, ਦਿਨਾਂ ਵਿੱਚ ਹੀ ਰਾਸ਼ਟਰਪਤੀ ਤੋਂ ਮੋਹਰ ਲੁਆਕੇ ਕਾਨੂੰਨ ਬਣਾਏ, ਉਸੇ ਡਿਕਟੇਟਰਾਨਾ ਢੰਗ ਨਾਲ ਆਪਣੇ ਸੁਭਾਅ ਮੁਤਾਬਕ ਇਹ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ, ਵਿਰੋਧੀ ਧਿਰ ਨੂੰ ਬਹਿਸ ਦਾ ਮੌਕਾ ਹੀ ਨਹੀਂ ਦਿੱਤਾਵਿਰੋਧੀ ਧਿਰ ਦੇ ਰੌਲੇ-ਰੱਪੇ ਨੂੰ ਠੱਲ੍ਹਣ ਲਈ 12 ਰਾਜ ਸਭਾ ਮੈਂਬਰ ਸਭਾ ਵਿੱਚੋਂ ਮੁਅੱਤਲ ਕਰ ਦਿੱਤੇ ਗਏ

ਗੈਰ-ਲੋਕਤੰਤਰੀ ਵਰਤਾਰਾ

ਅਸਲ ਵਿੱਚ ਤਾਂ 2014 ਤੋਂ 2021 ਤਕ ਜਿੰਨੇ ਵੀ ਬਿੱਲ ਪਾਰਲੀਮੈਂਟ ਵਿੱਚ ਲਿਆਂਦੇ ਗਏ, ਲਗਭਗ 95 ਫ਼ੀਸਦੀ ਬਿਨਾਂ ਕਿਸੇ ਬਹਿਸ, ਬਿਨਾਂ ਪਾਰਲੀਮਾਨੀ ਕਮੇਟੀਆਂ ਦੇ ਵੇਖਣ-ਪਰਖਣ ਤੋਂ ਕਾਨੂੰਨ ਬਣਾ ਦਿੱਤੇ ਗਏ

ਇੱਕ ਸੁਪਨੇ ਵਾਂਗ ਦੇਸ਼ ਦੇ ਬਾਦਸ਼ਾਹ “ਨੇ ਨੋਟਬੰਦੀ ਕੀਤੀ, ਦੇਸ਼ ਦੀ ਆਰਥਿਕਤਾ ਦਾ ਬੇੜਾ ਗਰਕ ਕੀਤਾ‘ਇੱਕ ਦੇਸ਼ ਇੱਕ ਟੈਕਸ’ ਦੀ ਬਾਤ ਪਾਉਂਦਿਆਂ ਜੀ.ਐੱਸ.ਟੀ. ਰਾਤੋ-ਰਾਤ ਲਿਆ ਕੇ ਵਪਾਰੀਆਂ ਦਾ ਗੱਲ ਘੁੱਟਿਆ। ਇਸ ਕਾਨੂੰਨ ਵਿੱਚ ਬਾਅਦ ਵਿੱਚ 150 ਸੋਧਾਂ ਕਰਨੀਆਂ ਪਈਆਂਸੰਵਿਧਾਨ ਦੀ 370 ਧਾਰਾ ਖਤਮ ਕਰਕੇ ਕਸ਼ਮੀਰੀ ਲੋਕਾਂ ਦੇ ਹੱਕਾਂ ਦਾ ਘਾਣ ਕੀਤਾਜੰਮੂ-ਕਸ਼ਮੀਰ ਦੇ ਟੋਟੇ-ਟੋਟੇ ਕਰਕੇ ਇੱਕ ਵੱਖਰਾ ਸੰਦੇਸ਼ ਦਿੱਤਾ ਕਿ ਹਾਕਮਾਨਾ ਢੰਗ ਨਾਲ ਇਹ ਸਰਕਾਰ ਕਿਸੇ ’ਤੇ ਵੀ ਜ਼ੁਲਮ-ਜਬਰ ਢਾਹ ਸਕਦੀ ਹੈ ਅਤੇ ਇਹ ਵੀ ਕਿ ਹਿੰਦੋਸਤਾਨ ਵਿੱਚ ਘੱਟ ਗਿਣਤੀਆਂ ਸੁਰੱਖਿਅਤ ਨਹੀਂ ਹਨ

ਕੀ ਕਹਿੰਦਾ ਹੈ ਭਾਰਤੀ ਸੰਵਿਧਾਨ?

ਭਾਰਤੀ ਸੰਵਿਧਾਨ ਅਨੁਸਾਰ ਖੇਤੀਬਾੜੀ ਸੂਬਿਆਂ ਦਾ ਵਿਸ਼ਾ ਹੈਸੰਵਿਧਾਨ ਦੇ ਆਰਟੀਕਲ 246 ਦੀ ਧਾਰਾ 14 ਅਨੁਸਾਰ ਖੇਤੀਬਾੜੀ ਸਬੰਧੀ ਕਾਨੂੰਨ ਬਣਾਉਣਾ ਸੂਬਿਆਂ ਦਾ ਅਧਿਕਾਰ ਹੈ ਪਰ ਕੇਂਦਰ ਸਰਕਾਰ ਨੇ ਧੱਕੇ ਨਾਲ ਸੂਬਿਆਂ ਦੇ ਹੱਕਾਂ ਦਾ ਹਨਨ ਕਰਕੇ, ਉਹਨਾਂ ਦੇ ਹੱਕਾਂ ਉੱਤੇ ਡਾਕਾ ਮਾਰਕੇ ਪਾਰਲੀਮੈਂਟ ਵਿੱਚ ਬਿੱਲ ਲਿਆਕੇ ਖੇਤੀ ਕਾਨੂੰਨ ਪਾਸ ਕਰਵਾ ਲਏਭਾਰਤੀ ਸੰਵਿਧਾਨ ਦੇ ਆਰਟੀਕਲ 246 ਅਨੁਸਾਰ ਕਾਨੂੰਨ ਬਣਾਉਣ ਲਈ ਕੇਂਦਰੀ ਲਿਸਟ, ਸੂਬਿਆਂ ਦੀ ਲਿਸਟ ਅਤੇ ਤੀਸਰੀ ਸੂਬਿਆਂ ਅਤੇ ਕੇਂਦਰ ਦੀ ਸਾਂਝੀ ਕਾਨਕਰੰਟ ਲਿਸਟ ਤੈਅ ਕੀਤੀ ਗਈ ਹੈ ਇਹਨਾਂ ਤਿੰਨਾਂ ਲਿਸਟਾਂ ਵਿੱਚ ਖੇਤੀਬਾੜੀ ਦਾ ਜ਼ਿਕਰ ਸ਼ਡਿਊਲਡ 7 ਅਧੀਨ 12 ਵੇਰ ਕੀਤਾ ਗਿਆ ਹੈਪਰ ਪਾਰਲੀਮੈਂਟ ਦੀ ਧਾਰਾ 245, 246 ਅਨੁਸਾਰ ਪਾਰਲੀਮੈਂਟ ਨੂੰ ਖੇਤੀ ਖੇਤਰ, ਖੇਤੀਬਾੜੀ ਸਬੰਧੀ ਕਾਨੂੰਨ ਵਿਵਸਥਾ ਦਾ ਕੋਈ ਹੱਕ ਨਹੀਂ ਹੈ

ਪਾਰਲੀਮੈਂਟ ਵਿੱਚ ਬਹਿਸ ਤੋਂ ਭੱਜੀ ਸਰਕਾਰ

‘ਚਿੜੀਓ ਜੀ ਪਓ, ਚਿੜੀਓ ਮਰ ਜਾਓ’ ਦਾ ਵਰਤਾਰਾ ਮੋਦੀ ਸਰਕਾਰ ਨੇ ਸਿਰਫ਼ ਖੇਤੀ ਕਾਨੂੰਨ ਕਾਹਲੀ ਨਾਲ ਪਾਸ ਕਰਨ ’ਤੇ ਰੱਦ ਕਰਨ ਸਬੰਧੀ ਹੀ ਨਹੀਂ ਕੀਤਾ ਸਗੋਂ ਹੋਰ ਮਾਮਲਿਆਂ ਅਤੇ ਦੇਸ਼ ਦੀਆਂ ਖ਼ੁਦਮੁਖਤਿਆਰ ਸੰਸਥਾਵਾਂ ਦਾ ਗੱਲ ਘੁੱਟ ਕੇ ਉਹਨਾਂ ਨੂੰ ਆਪਣੇ ਤੋਤੇ ਦਾ ਪਿੰਜਰਾ ਬਣਾ ਕੇ ਵੀ ਕੀਤਾ ਹੈਹੁਣ ਵੀ ਭਾਵੇਂ ਪ੍ਰਧਾਨ ਮੰਤਰੀ ਨੇ ਦੇਸ਼ ਦੇ ਕਿਸਾਨਾਂ ਤੋਂ ਮੁਆਫ਼ੀ ਮੰਗੀ ਹੈ ਪਰ ਉਸ ਦੇ ਇਹ ਸ਼ਬਦ ਕਿ ਉਹਨਾਂ ਨੇ ਤਾਂ ਖੇਤੀ ਕਾਨੂੰਨ ਕਿਸਾਨਾਂ ਦੇ ਭਲੇ ਲਈ ਲਾਗੂ ਕੀਤੇ ਸਨ, ਜਿਸਨੂੰ ਕੁਝ ਕਿਸਾਨਾਂ ਪ੍ਰਵਾਨ ਨਹੀਂ ਕੀਤਾਉਸਦੇ ਖੇਤੀ ਮੰਤਰੀ ਨੇ ਪਾਰਲੀਮੈਂਟ ਦੇ ਵਿੱਚ ਖੇਤੀ ਕਾਨੂੰਨਾਂ ’ਤੇ ਬਹਿਸ ਹੀ ਨਹੀਂ ਹੋਣ ਦਿੱਤੀ, ਕਿਉਂਕਿ ਉੱਥੇ ਇਹ ਮਸਲਾ ਉੱਠਣਾ ਸੀ ਕਿ ਇੱਕ ਸਾਲ ਦੇ ਸਮੇਂ ਦੇ ਕਿਸਾਨ ਸੰਘਰਸ਼ ਦੌਰਾਨ ਲਗਭਗ 700 ਸ਼ਹੀਦ ਹੋਏ ਕਿਸਾਨਾਂ ਦਾ ਜ਼ਿੰਮੇਵਾਰ ਕੌਣ ਹੈ? ਹੈਰਾਨੀ ਦੀ ਗੱਲ ਹੈ ਕਿ ਦੇਸ਼ ਦਾ ਖੇਤੀ ਮੰਤਰੀ ਦੇਸ਼ ਦੀ ਪਾਰਲੀਮੈਂਟ ਵਿੱਚ ਐਲਾਨ ਕਰਦਾ ਹੈ ਕਿ ਸਰਕਾਰ ਕੋਲ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਸਬੰਧੀ ਅੰਕੜੇ ਹੀ ਨਹੀਂ ਹਨਇਸ ਸਮੇਂ ਦੌਰਾਨ ਜੋ ਸਰਕਾਰੀ ਸਾਜ਼ਿਸ਼ਾਂ ਇਸ ਅੰਦੋਲਨ ਨੂੰ ਖ਼ਤਮ ਕਰਨ ਲਈ ਹੋਈਆਂ, ਪੰਜਾਬ, ਹਰਿਆਣਾ, ਯੂ.ਪੀ. ਦੀ ਆਰਥਿਕਤਾ ਦਾ ਜੋ ਉਜਾੜਾ ਇਸ ਅੰਦੋਲਨ ਕਾਰਨ ਹੋਇਆ ਅਤੇ ਜਿਸ ਕਿਸਮ ਦਾ ਅਣ-ਮਨੁੱਖੀ ਵਰਤਾਰਾ ਅਤੇ ਜ਼ਿੱਦੀ ਵਤੀਰਾ ਅੰਦੋਲਨ ਦੌਰਾਨ ਸਰਕਾਰ ਵੱਲੋਂ ਅਪਣਾਇਆ ਗਿਆ ਉਸ ਲਈ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹੇ ਹੋਣਾ ਪੈਣਾ ਸੀਦੇਸ਼ ਦੇ ਵੱਡੀ ਗਿਣਤੀ ਕਿਸਾਨ ਸਿੰਘੂ ਅਤੇ ਟਿਕਰੀ ਅਤੇ ਹੋਰ ਬਾਰਡਰਾਂ ’ਤੇ ਜਿਵੇਂ ਖੁੱਲ੍ਹੀ ਜੇਲ੍ਹ ਵਿੱਚ ਡੱਕ ਦਿੱਤੇ ਗਏ ਸਨ, ਉਹ ਮਨੁੱਖੀ ਅਧਿਕਾਰਾਂ ਦੀ ਸਰੇਆਮ ਉਲੰਘਣਾ ਸੀ, ਜਿਸਦੀ ਚਰਚਾ ਅੰਤਰਰਾਸ਼ਟਰੀ ਪੱਧਰ ’ਤੇ ਵੀ ਹੋਈ ਅਤੇ ਕਈ ਦੇਸ਼ਾਂ ਦੀਆਂ ਪਾਰਲੀਮੈਂਟਾਂ ਅਤੇ ਯੂ.ਐੱਨ.ਓ. ਵਿੱਚ ਵੀ ਹੋਈਅੰਦੋਲਨ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਵਿਰੁੱਧ ਕੇਸ ਦਰਜ਼ ਕੀਤੇ ਗਏ, ਜਿਸਦੀ ਸਰਕਾਰ ਨੇ ਕਦੇ ਪ੍ਰਵਾਹ ਨਹੀਂ ਕੀਤੀ ਪਰ ਅੰਤ ਵਿੱਚ ਵੋਟਾਂ ਦੀ ਰਾਜਨੀਤੀ ਕਰਦਿਆਂ ਬਹੁਤ ਹੀ ਕਲਹਿਣੇ ਅਤੇ ਸ਼ਾਤਰ ਢੰਗ ਨਾਲ ਮੋਦੀ ਸਰਕਾਰ ਨੇ ਪੰਜਾਬ, ਯੂ.ਪੀ. ਦੀਆਂ ਚੋਣਾਂ ਜਿੱਤਣ ਲਈ ਇਸ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਨੂੰ ਵਰਤਣ ਦਾ ਯਤਨ ਕੀਤਾ ਹੈ, ਉਹ ਸ਼ਰਮਨਾਕ ਹੈ

ਕਾਰਪੋਰੇਟਾਂ ਹੱਥ ਕੁੰਜੀ

ਦੇਸ਼ ਦੇ ਕਾਰਪੋਰੇਟ ਸੈਕਟਰ ਦੀਆਂ ਝੋਲੀਆਂ ਭਰਨ ਅਤੇ ਕਿਸਾਨਾਂ ਨੂੰ ਜ਼ਮੀਨੋਂ ਨਿਹੱਥੇ ਕਰਨ ਦੀਆਂ ਸਾਜ਼ਿਸ਼ਾਂ ਚਿਰਾਂ ਤੋਂ ਹੀ ਮੌਜੂਦਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਹਨਬੀਜ-ਬਿੱਲ 2019, ਖੇਤੀ ਦੀ ਬੁਨਿਆਦ ਬੀਜਾਂ ਉੱਤੇ, ਕਾਰਪੋਰੇਟ ਦਾ ਏਕਾਧਿਕਾਰ ਸਾਧਿਆ ਗਿਆ ਹੈ, ਜਿਸ ਨਾਲ ਕਿਸਾਨਾਂ ਦੇ ਅਧਿਕਾਰ ਕਮਜ਼ੋਰ ਹੋਏ ਹਨ ਅਤੇ ਕਾਰਪੋਰੇਟ ਦਾ ਕੰਟਰੋਲ ਬੀਜਾਂ ਉੱਤੇ ਵਧਿਆ ਹੈਚਾਰ ਮੁੱਖ ਐਗਰੋ ਕੈਮੀਕਲ ਕਾਰਪੋਰੇਸ਼ਨਾਂ ਦਾ ਬੀਜਾਂ ’ਤੇ ਕਬਜ਼ਾ ਕਰਵਾ ਦਿੱਤਾ ਗਿਆ ਹੈਵੱਡੀਆਂ ਕੈਮੀਕਲ ਕੰਪਨੀਆਂ ਨੇ ਛੋਟੀਆਂ ਕੰਪਨੀਆਂ ਨੂੰ ਖ਼ਰੀਦ ਕੇ ਆਪਣੇ ਅੰਦਰ ਜਜ਼ਬ ਕਰ ਲਿਆ ਹੈਕਾਰਪੋਰੇਸ਼ਨ ਕੰਪਨੀਆਂ ਦਾ ਕੰਟਰੋਲ ਵਧਣ ਨਾਲ ਬੀਜਾਂ ਦੀਆਂ ਕੀਮਤਾਂ ਅਸਮਾਨੇ ਛੋਹ ਗਈਆਂ ਹਨ ਅਤੇ ਉਹਨਾਂ ਜੈਵ ਵੰਨ-ਸੁਵੰਨਤਾ ਅਤੇ ਕਿਸਾਨਾਂ ਦੀ ਬੀਜ ਸੰਪੂਰਣਤਾ ਤਬਾਹ ਕਰ ਦਿੱਤੀ ਹੈਕਿਸਾਨਾਂ ਨੂੰ ਹਰ ਸੀਜ਼ਨ ਵਿੱਚ ਮਹਿੰਗੇ ਬੀਜ ਖਰੀਦਣੇ ਪੈਂਦੇ ਹਨਇੰਜ ਖੇਤੀ ਨਿੱਤ ਮਹਿੰਗੀ ਹੋਣਾ ਕਿਸਾਨਾਂ ਦੀ ਆਰਥਿਕਤਾ ਵਿੱਚ ਨਿਘਾਰ ਦਾ ਵਿਸ਼ੇਸ਼ ਕਾਰਨ ਬਣਿਆ ਹੈ

ਆਰਥਿਕਤਾ ਵਿੱਚ ਨਿਘਾਰ

ਇੱਕ ਸਰਵੇਖਣ ਦੇਸ਼ ਦੇ ਕਿਸਾਨਾਂ ਦੀ ਨਿੱਘਰ ਰਹੀ ਆਰਥਿਕਤਾ ਨੂੰ ਉਜਾਗਰ ਕਰਦਾ ਹੈ ਅਤੇ ਦਰਸਾਉਂਦਾ ਹੈ ਕਿ

(ੳ) ਫ਼ਸਲਾਂ ਦੀ ਉਤਪਾਦਕਤਾ ਵਿੱਚ ਤਕਰੀਬਨ ਖੜੋਤ ਅਤੇ ਜਿਣਸਾਂ ਦੇ ਅਣਲਾਹੇਬੰਦ ਭਾਅ ਕਾਰਨ ਖੇਤੀ ਦੀ ਵਿਵਹਾਰਕਤਾ ਖ਼ਤਮ ਹੋ ਰਹੀ ਹੈ

(ਅ) ਛੋਟੇ ਕਿਸਾਨ ਆਪਣੀ ਜ਼ਮੀਨ ਠੇਕੇ ਤੇ ਦੇ ਰਹੇ ਹਨ ਅਤੇ ਖੇਤ ਮਜ਼ਦੂਰਾਂ ਵਿੱਚ ਤਬਦੀਲ ਹੋ ਰਹੇ ਹਨ

(ੲ) ਪਸ਼ੂ ਪਾਲਣ ਅਤੇ ਗੈਰ-ਖੇਤੀ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਕਮਾਈ ਦੇ ਸਾਧਨਾਂ ਵਿੱਚ ਵਿਭਿੰਨਤਾ ਲਿਆਉਣ ਦੇ ਯਤਨਾਂ ਦੀ ਸਫ਼ਲਤਾ ਸੀਮਤ ਰਹੀ ਹੈ

(ਸ) ਛੋਟੇ ਜ਼ਿਮੀਦਾਰਾਂ ਨੂੰ ਸੰਸਥਾਗਤ ਕ੍ਰੈਡਿਟ ਪ੍ਰਵਾਹ ਘਟ ਗਿਆ ਹੈ

ਰਿਪੋਰਟ ਨੇ ਸੁਝਾਅ ਦਿੱਤਾ ਹੈ ਕਿ ਸਰਕਾਰ ਨੂੰ ਹੁਣ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਬਿਆਨਬਾਜ਼ੀ ਨੂੰ ਪਾਸੇ ਰੱਖਕੇ ਫ਼ਸਲਾਂ ਦੀ ਉਤਪਾਦਕਤਾ, ਲਾਹੇਬੰਦ ਭਾਅ ਅਤੇ ਖੇਤੀ ਦੀ ਵਿਵਹਾਰਕਤਾ ਨੂੰ ਸੁਧਾਰਨ ’ਤੇ ਧਿਆਨ ਕੇਂਦਰਤ ਕਰਨ ਦੀ ਲੋੜ ਹੈਅਤੇ ਇਹ ਵੀ ਕਿ ਇਕੱਤਰ ਅੰਕੜਿਆਂ ਦੇ ਅਧਾਰ ’ਤੇ ਸਰਕਾਰ ਨੂੰ ਸਥਾਨ ਵਿਸ਼ੇਸ਼ ਅਤੇ ਛੋਟੇ ਅਤੇ ਸੀਮਾਂਤ ਕਿਸਾਨ ਵਿਸ਼ੇਸ਼ ਨੀਤੀਆਂ ਬਣਾਉਣ ਦੀ ਲੋੜ ਹੈਲੋੜ ਇਸ ਗੱਲ ਦੀ ਵੀ ਹੈ ਕਿ ਛੋਟੀਆਂ ਜੋਤਾਂ ਦੀ ਖੇਤੀ ਨੂੰ ਲਾਹੇਬੰਦ ਕਿਵੇਂ ਬਣਾਇਆ ਜਾਵੇ? ਇਹ ਵੀ ਵੇਖਿਆ ਜਾਵੇ ਕਿ ਵਿਸ਼ਵ ਵਪਾਰ ਸੰਗਠਨ ਅਧੀਨ ਪ੍ਰਤੀਬੱਧਤਾਵਾਂ ਦੀ ਉਲੰਘਣਾ ਕੀਤੇ ਬਗੈਰ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਕਿਵੇਂ ਦਿੱਤੀ ਜਾ ਸਕਦੀ ਹੈ? ਤੇ ਕਿਵੇਂ ਡਾ. ਐੱਸ.ਐੱਸ, ਸਵਾਮੀਨਾਥਨ ਦੀ ਘੱਟੋ-ਘੱਟ ਸਮਰਥਨ ਮੁੱਲ ਲਾਗੂ ਕਰਨ ਦੀ ਰਿਪੋਰਟ ਲਾਗੂ ਕੀਤੀ ਜਾ ਸਕਦੀ ਹੈ ਅਤੇ ਨਾਲ ਹੀ ਰਿਵਾਇਤੀ ਖੇਤੀ ਦੇ ਗਿਆਨ ਅਤੇ ਉਪਲਬਧ ਜੈਵਿਕ ਵੰਨ-ਸੁਵੰਨਤਾ ਦਾ ਇਸਤੇਮਾਲ ਕਰਕੇ, ਖੇਤੀ ਦੇ ਉਤਪਾਦਕ ਢਾਂਚੇ ਵਿੱਚ ਕਿਵੇਂ ਵਾਧਾ ਕੀਤਾ ਜਾ ਸਕਦਾ ਹੈ ਤੇ ਕਿਹੜੇ ਢੰਗ ਤਰੀਕੇ ਅਪਣਾਏ ਜਾ ਸਕਦੇ ਹਨ, ਜੋ ਵਾਤਾਵਰਣ ਨੂੰ ਕੋਈ ਨੁਕਸਾਨ ਨਾ ਪਹੁੰਚਾਉਣ

ਕਾਨੂੰਨਾਂ ਦੇ ਸਮਾਜ ’ਤੇ ਪ੍ਰਭਾਵ

ਇਹਨਾਂ ਖੇਤੀ ਕਾਨੂੰਨਾਂ ਦੀ ਸਮੱਸਿਆ ਸਿਰਫ਼ ਕਿਸਾਨਾਂ ਦੀ ਨਹੀਂ ਸੀਸਗੋਂ ਇਹ ਸਧਾਰਨ ਜਨ-ਮਾਨਸ ਉੱਤੇ ਵੀ ਪ੍ਰਭਾਵ ਪਾਉਣ ਵਾਲੇ ਸਨ ਅਤੇ ਉਹਨਾਂ ਲਈ ਵੱਡੀ ਚੁਣੌਤੀ ਸਨ

ਅਸਲ ਵਿੱਚ ਇਹ ਤਿੰਨੇ ਕਾਨੂੰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਬਹੁਤ ਫਾਇਦਾ ਦੇਣ ਵਾਲੇ ਨਹੀਂ ਸਨ, ਨਾ ਤਾਂ ਕੋਈ ਸਧਾਰਨ ਆਰਥਿਕ ਪੱਖੋਂ ਇੰਨਾ ਤਕੜਾ ਹੈ ਕਿ ਉਹ ਵੱਡੇ ਗੋਦਾਮ ਬਣਾਵੇ, ਫ਼ਸਲਾਂ ਦਾ ਭੰਡਾਰਣ ਕਰੇ ਅਤੇ ਨਾ ਹੀ ਭੂਮੀਹੀਣ ਕਿਸਾਨ ਇੰਨਾ ਮਜ਼ਬੂਤ ਹੈ ਕਿ ਉਹ ਇੱਕ ਲੰਮੇ ਸਮੇਂ ਲਈ ਖੇਤਾਂ ਦੀ ਕਾਨੂੰਨੀ ਰਾਖੀ ਕਰ ਸਕੇਇਹ ਤਾਂ ਪੂੰਜੀਪਤੀ, ਜੋ ਪੂੰਜੀ ਨਾਲ ਭਰੇ ਪਏ ਹਨ ਹੀ ਕਰ ਸਕਦੇ ਹਨਕਾਨੂੰਨ ਲਾਗੂ ਹੋਣ ’ਤੇ ਕਿਸਾਨ ਤਾਂ ਆਪਣੀ ਜ਼ਮੀਨ ਹੀ ਹੱਥੋਂ ਗੁਆ ਬਹਿੰਦਾ

ਵਿਸ਼ਵ ਪੱਧਰ ’ਤੇ ਮੰਡੀ ਸੁਧਾਰ ਫੇਲ੍ਹ

ਮੋਦੀ ਸਰਕਾਰ ਦਾ ਵਿਵਾਦ ਵਾਲੇ ਤਿੰਨੋਂ ਖੇਤੀ ਕਾਨੂੰਨ ਮਨਸੂਖ਼ ਕਰਨ ਦਾ ਅਚਨਚੇਤੀ ਫ਼ੈਸਲਾ ਭਾਰਤੀ ਖੇਤੀ ਦੇ ਭਵਿੱਖ ਬਾਰੇ ਨਵੇਂ ਸਿਰਿਓਂ ਸੋਚਣ ਲਈ ਮਜਬੂਰ ਕਰਦਾ ਹੈਮੋਦੀ ਸਰਕਾਰ ਵੱਲੋਂ ਖੇਤੀਬਾੜੀ ਵਿੱਚ ਤਜਵੀਜ਼ਸ਼ੁਦਾ ਮੰਡੀ ਸੁਧਾਰ ਪਹਿਲਾਂ ਹੀ ਦੁਨੀਆ ਭਰ ਦੇ ਮੁਲਕਾਂ ਤੇ ਮਹਾਂਦੀਪਾਂ ਵਿੱਚ ਨਾਕਾਮਯਾਬ ਹੋ ਚੁੱਕੇ ਹਨਅਮਰੀਕਾ ਤੋਂ ਲੈਕੇ ਅਸਟਰੇਲੀਆ ਤਕ ਅਤੇ ਦਿੱਲੀ ਤੋਂ ਲੈ ਕੇ ਫਿਲਪੀਨਜ਼ ਤਕ ਬਜ਼ਾਰ ਨੇ ਮੌਜੂਦਾ ਖੇਤੀ ਸੰਕਟ ਵਿੱਚ ਬੇਤਹਾਸ਼ਾ ਵਾਧਾ ਕੀਤਾ ਹੈਅਮਰੀਕਾ ਅਤੇ ਕੈਨੇਡਾ ਵਰਗੇ ਮੁਲਕਾਂ ਵਿੱਚ ਭਾਰੀ ਨਿਵੇਸ਼ ਦੇ ਬਾਵਜੂਦ ਤਕਨੀਕੀ ਵਿਕਾਸ, ਉਚੇਰੀ ਉਤਪਾਦਕਤਾ ਅਤੇ ਬਹੁਤ ਹੀ ਮਹੀਨ ਕੌਮਾਂਤਰੀ ਕੀਮਤ ਲੜੀਆਂ ਦੇ ਬਾਵਜੂਦ ਖੇਤੀਬਾੜੀ ਤੋਂ ਆਮਦਨ ਵਿੱਚ ਬੀਤੇ 150 ਸਾਲਾਂ ਤੋਂ ਭਾਰੀ ਗਿਰਾਵਟ ਹੀ ਆ ਰਹੀ ਹੈਤਾਂ ਫਿਰ ਕਿਸਾਨਾਂ ਦੀ ਆਮਦਨ ਪੰਜਾਂ ਵਰ੍ਹਿਆਂ ਵਿੱਚ ਮੋਦੀ ਸਰਕਾਰ ਦਾ ਐਲਾਨਨਾਮਾ ਕੀ ਸ਼ੇਖਚਿਲੀ ਦੇ ਸੁਪਨਿਆਂ ਵਾਂਗ ਨਹੀਂ ਹੈ?

ਕਾਰਪੋਰੇਟ ਤੇ ਖੇਤੀ ਖੇਤਰ

ਇਸ ਵੇਲੇ ਦੇਸ਼ ਵਿੱਚ ਕਾਰਪੋਰੇਟ ਸੈਕਟਰ ਖੇਤੀ ਸੈਕਟਰ ਨੂੰ ਝਪਟ ਰਿਹਾ ਹੈ ਅਤੇ ਸਰਕਾਰ ਦੀ ਖੇਤੀ ਸੈਕਟਰ ਪ੍ਰਤੀ ਬੇਰੁਖ਼ੀ ਹੈਖੇਤੀ ਸੈਕਟਰ ਦੇਸ਼ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਰੁਜ਼ਗਾਰ ਦੇਣ ਦੇ ਸਮਰੱਥ ਹੈਸਰਕਾਰੀ ਨਿਵੇਸ਼ ਖੇਤੀ ਉਤਪਾਦਨ ਵਿੱਚ ਵਧਣ, ਫ਼ਸਲਾਂ ਦੇ ਯੋਗ ਭੰਡਾਰਨ ਹੋਣ, ਐਗਰੋ-ਉਦਯੋਗ ਰਾਹੀਂ ਫ਼ਸਲਾਂ ਦੀ ਪ੍ਰੋਸੈੱਸਿੰਗ ਅਤੇ ਮੁੱਲ-ਵਾਧੇ ਨਾਲ ਖੇਤੀ ਅਰਥਚਾਰੇ ਦਾ ਵਿਕਾਸ ਹੋ ਸਕਦਾ ਹੈਪਰ ਸਰਕਾਰ ਅੱਖਾਂ ਮੀਟ ਜਿਵੇਂ ਦੇਸ਼ ਦੇ ਨਾਗਰਿਕਾਂ ਨੂੰ ਵਾਜਬ ਸਿੱਖਿਆ ਸਿਹਤ, ਸਹੂਲਤਾਂ ਦੇਣ ਤੋਂ ਕਿਨਾਰਾ ਕਰੀ ਬੈਠੀ ਹੈ, ਉਵੇਂ ਹੀ ਖੇਤੀ ਸੈਕਟਰ ਪ੍ਰਤੀ ਉਸਦੀ ਰੁਚੀ ਜੱਗ ਜ਼ਾਹਰ ਹੋਈ ਹੈ, ਜਿਸਨੇ ਸਰਕਾਰ ਦਾ ਨਿੱਜੀਕਰਨ, ਕਾਰਪੋਰੇਟਾਂ ਹੱਥ ਜ਼ਮੀਨ ਗਿਰਵੀ ਕਰਨ ਦਾ ਹੀਜ-ਪਿਆਜ਼ ਨੰਗਾ ਕੀਤਾ ਹੈ

ਮੋਦੀ ਸਰਕਾਰ ਵਿਰੁੱਧ ਕਿਸਾਨ ਸੰਘਰਸ਼

ਮੋਦੀ ਸਰਕਾਰ ਜ਼ਬਰੀ ਪਾਸ ਕੀਤੇ ਕਾਨੂੰਨਾਂ ਸਬੰਧੀ ਇਹ ਢੰਡੋਰਾ ਪਿੱਟਦੀ ਰਹੀ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਫ਼ਾਇਦੇ ਵਾਲੇ ਹਨਇਸ ਨਾਲ ਕਿਸਾਨਾਂ ਦੀ ਆਮਦਨ ਵਧੇਗੀ, ਕਿਸਾਨਾਂ ਨੂੰ ਘੋਰ ਸੰਕਟ ਵਿੱਚੋਂ ਕੱਢੇਗੀ, ਕਿਸਾਨਾਂ ਨੂੰ ਕਰਜ਼ੇ ਦੀ ਪੰਡ ਤੋਂ ਮੁਕਤੀ ਮਿਲੇਗੀ, ਕਿਸਾਨ ਖ਼ੁਦਕੁਸ਼ੀਆਂ ਦੇ ਵਰਤਾਰੇ ਤੋਂ ਨਿਜਾਤ ਪਾਉਣਗੇਪਰ ਮੋਦੀ ਸਰਕਾਰ ਦਾ ਕਾਰਪੋਰੇਟਾਂ ਹੱਥ ਕਿਸਾਨੀ ਜ਼ਮੀਨ ਫੜਾਉਣ ਦਾ ਏਜੰਡਾ ਕਿਸਾਨਾਂ ਦੀ ਸਮਝ ਵਿੱਚ ਆ ਗਿਆ, ਅਤੇ ਉਹ ਸੰਘਰਸ਼ ਦੇ ਰਾਹ ਪੈ ਗਏ, ਉਹਨਾਂ ਕਾਰਪੋਰੇਟ ਵਿਕਾਸ ਮਾਡਲ ਨੂੰ ਚੁਣੌਤੀ ਦਿੱਤੀਕਿਸਾਨਾਂ ਨੇ ਆਪਣੀ ਸ਼ਕਤੀ ਅਤੇ ਊਰਜਾ ਤੋਂ ਬਿਨਾਂ ਪੇਂਡੂ, ਸ਼ਹਿਰੀ ਇਲਾਕਿਆਂ ਵਿੱਚ ਕਿਰਤੀਆਂ, ਛੋਟੇ ਵਪਾਰੀਆਂ, ਵਿਦਿਆਰਥੀਆਂ, ਅਧਿਆਪਕਾਂ, ਬੁੱਧੀਜੀਵੀਆਂ, ਕਲਾਕਾਰਾਂ, ਰਿਟਾਇਰਡ ਪੁਲਿਸ ਤੇ ਸਿਵਲ ਅਧਿਕਾਰਾਂ ਦਾ ਸਮਰਥਨ ਪ੍ਰਾਪਤ ਕੀਤਾ ਅਤੇ ਕਿਸਾਨ ਅੰਦੋਲਨ ਨੂੰ ਜਨ ਅੰਦੋਲਨ ਬਣਾ ਦਿੱਤਾ ਅਤੇ ਲੋਕ-ਆਜ਼ਾਦੀ ਦਾ ਇੱਕ ਨਵਾਂ ਬਿਰਤਾਂਤ ਸਿਰਜ ਦਿੱਤਾਭਾਵੇਂ ਇਸ ਅੰਦੋਲਨ ਕਾਰਨ ਅੰਦੋਲਨਕਾਰੀਆਂ ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਹੋਰ ਅੰਦੋਲਨਕਾਰੀਆਂ ਤੇ ਉਹਨਾਂ ਦੇ ਪਰਿਵਾਰਾਂ ਨੇ ਵੱਡੇ ਦਰਦ ਝੱਲੇਆਰਥਿਕ ਘਾਟਾ ਸਿਹਾ, ਮਾਨਸਿਕ ਦਬਾਅ ਝੱਲਿਆ, ਸਰਕਾਰ ਦਾ ਤਸ਼ੱਦਦ ਸਿਹਾ ਪਰ ਤਸੱਲੀ ਵਾਲੀ ਗੱਲ ਇਹ ਕਿ ਉਹ ਸਮਾਜ ਦੇ ਹਰ ਵਰਗ ਦੇ ਲੋਕਾਂ ਦਾ ਸਮਰਥਨ ਪਰਾਪਤ ਕਰਕੇ ਇਸ ਅੰਦੋਲਨ ਵਿੱਚ, ਭਾਰਤ ਦੇ ਮੁੱਖ ਕਿਸਾਨ ਅੰਦੋਲਨਾਂ-ਚੰਪਾਰਕ ਲਹਿਰ 1917-18, ਖੇੜਾ ਲਹਿਰ 1918-19, ਬਰਡੋਲੀ ਸਤਿਆਗ੍ਰਹਿ 1928, ਮੋਪਲਹਾ ਵਿਦਰੋਹ 1921, ਤਿਲੰਗਾਨਾ ਕਿਸਾਨ ਲਹਿਰ-1945-46, ਪੰਜਾਬ ਕਿਰਸਾਨੀ ਅੰਦੋਲਨ 1907 ਤੇ 1930 ਆਦਿ ਵਾਂਗ ਮੁਸ਼ਕਲਾਂ ਦੇ ਬਾਵਜੂਦ, ਕਿਸਾਨ ਲੀਡਰਸ਼ਿੱਪ ਦੀ ਸੂਝਬੂਝ ਨਾਲ ਸਫ਼ਲ ਹੋਏ

ਕਿਸਾਨਾਂ ਦੀ ਅਧੂਰੀ ਜਿੱਤ?

ਐੱਸ.ਐੱਸ.ਪੀ. ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਉਣਾ ਹੀ ਅਜਿਹਾ ਹਕੀਕੀ ਸੁਧਾਰ ਹੈ ਜਿਸਦੀ ਭਾਰਤੀ ਖੇਤੀ ਨੂੰ ਲੋੜ ਹੈਇਸਦਾ ਭਾਵ ਹੋਵੇਗਾ ਕਿ ਐੱਮ.ਐੱਸ.ਪੀ. ਤਹਿਤ ਮਿਥੀ ਕੀਮਤ ਤੋਂ ਘੱਟ ਕੀਮਤ ਉੱਤੇ ਖੇਤੀ ਜਿਣਸਾਂ ਦੀ ਕੋਈ ਖ਼ਰੀਦ ਨਹੀਂ ਹੋਵੇਗੀਇਹ ਸੁਧਾਰ ਮੁਖੀ ਖੇਤੀ ਦੀ ਦਿਸ਼ਾ ਵਿੱਚ ਦੂਜਾ ਕਦਮ ਹੋਏਗਾਸਰਕਾਰ ਵੱਲੋਂ 23 ਖੇਤੀ ਜਿਣਸਾਂ ਲਈ ਐਲਾਨੇ ਜਾਂਦੇ ਘੱਟੋ-ਘੱਟ ਸਮਰਥਨ ਮੁੱਲ ਦੇ ਮੁਕਾਬਲੇ ਕਿਸਾਨਾਂ ਨੂੰ ਬਾਜ਼ਾਰ ਵਿੱਚ ਔਸਤ ਕੀਮਤ 40 ਫ਼ੀਸਦੀ ਘੱਟ ਮਿਲਦੀ ਹੈਇਹ ਗੱਲ ਆਰਥਿਕ ਸਰਵੇ 2016 ਨੇ ਵੀ ਮੰਨੀ ਹੈ ਕਿ ਦੇਸ਼ ਦੇ 17 ਸੂਬਿਆਂ, ਜੋ ਕੁਲ ਮਿਲਾਕੇ ਦੇਸ਼ ਦਾ ਅੱਧਾ ਹਿੱਸਾ ਬਣਦਾ ਹੈ, ਵਿੱਚ ਔਸਤ ਖੇਤੀ ਆਮਦਨ ਮਹਿਜ਼ 20, 000 ਰੁਪਏ ਸਲਾਨਾ ਹੈਮੁਲਾਂਕਣ ਸਰਵੇ 2019 ਅਨੁਸਾਰ ਫ਼ਸਲਾਂ ਦੇ ਝਾੜ ਤੋਂ ਖੇਤੀ ਆਮਦਨ ਮਹਿਜ਼ 27 ਰੁਪਏ ਰੋਜ਼ਾਨਾ ਬਣਦੀ ਹੈ ਐੱਮ.ਐੱਸ.ਪੀ. ਨੂੰ ਕਾਨੂੰਨੀ ਹੱਕ ਮਿਲਣ ’ਤੇ ਕਿਸਾਨਾਂ ਦੀਆਂ ਜੇਬਾਂ ਵਿੱਚ ਪੈਸੇ ਅਉਣਗੇਦੇਸ਼ ਦੀ ਜੀ.ਡੀ.ਪੀ. ਨੂੰ ਹੁਲਾਰਾ ਮਿਲੇਗਾਪੇਂਡੂ ਅਰਥਚਾਰੇ ਦੀ ਕਾਇਆ ਕਲਪ ਹੋਏਗਾਅੱਜ ਤਾਂ ਸਨੱਅਤਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਖੇਤੀ ਦੀ ਕੀਮਤ ਉੱਤੇ ਆਰਥਿਕ ਢਾਂਚਾ ਉਸਾਰਿਆ ਗਿਆ ਹੈਇਸ ਨੂੰ ਇਹੋ ਜਿਹੇ ਅਰਥਚਾਰੇ ਵਿੱਚ ਬਦਲਿਆ ਜਾਣਾ ਲੋੜੀਂਦਾ ਹੈ, ਜਿਹੜਾ ਲੋਕਾਂ ਲਈ ਕੰਮ ਕਰੇ ਅਤੇ ਜਿਸ ਵਿੱਚ ਮਨੁੱਖੀ ਪੂੰਜੀ ਦਾ ਨਿਵੇਸ਼ ਹੋਵੇ ਐੱਮ.ਐੱਸ.ਪੀ. ਕਾਨੂੰਨੀ ਗਰੰਟੀ ਬਿਨਾਂ ਕਿਸਾਨਾਂ ਦੀ ਕਿਸਾਨ ਸੰਘਰਸ਼ ਜਿੱਤ ਅਧੂਰੀ ਹੈ

ਕੀ ਫ਼ਸਲਾਂ ਦੀ ਐੱਮ.ਐੱਸ.ਪੀ. ਕਾਨੂੰਨੀ ਗਰੰਟੀ ਹੋ ਸਕਦੀ ਹੈ?

ਵੇਖਣ ਵਾਲੀ ਗੱਲ ਹੈ ਕਿ ਐੱਮ.ਐੱਸ.ਪੀ. ਦਾ ਵਿਸਤ੍ਰਿਤ ਅਰਥ ਕੀ ਹੈ? ਐੱਮ.ਐੱਸ.ਪੀ. ਤੋਂ ਭਾਵ ਕਿਸਾਨਾਂ ਨੂੰ ਫ਼ਸਲ ਦੀ ਲਾਗਤ ਦੇ ਹਿਸਾਬ ਨਾਲ ਘੱਟੋ-ਘੱਟ ਕੀਮਤ ਮੁਹਈਆ ਕਰਨਾ ਹੈਸਾਲ 1964 ਵਿੱਚ ਐਲ਼ਕੇ. ਝਾਅ ਕਮੇਟੀ ਨੇ ਖੇਤੀ ਲਾਗਤ ਮੁੱਲ ਕਮਿਸ਼ਨ ਅਤੇ ਭਾਰਤੀ ਖਾਧ ਨਿਗਮ ਬਣਾਏ ਸਨਜਿਸ ਅਨੁਸਾਰ ਫ਼ਸਲਾਂ ਦੀ ਖ਼ਰੀਦ ਤੇ ਭੰਡਾਰਣ ਦਾ ਪ੍ਰਬੰਧ ਕਰਨਾ ਸ਼ੁਰੂ ਕੀਤਾ ਗਿਆਸ਼ੁਰੂ ਵਿੱਚ ਦੋ ਕੀਮਤਾਂ ਐਲਾਨੀਆਂ ਜਾਂਦੀਆਂ ਸਨ-ਐੱਮ.ਐੱਸ.ਪੀ. ਅਤੇ ਖ਼ਰੀਦ ਕੀਮਤ, ਲੇਕਿਨ 1973-74 ਤੋਂ ਬਾਅਦ ਖ਼ਰੀਦ ਕੀਮਤ ਜੋ ਐੱਮ.ਐੱਸ.ਪੀ. ਤੋਂ ਉੱਪਰ ਹੁੰਦੀ ਸੀ, ਉਸਦਾ ਐਲਾਨ ਬੰਦ ਕਰ ਦਿੱਤਾ ਗਿਆਮੌਜੂਦਾ ਦੌਰ ਵਿੱਚ ਫ਼ਸਲਾਂ ਦੀ ਖ਼ਰੀਦ ਕੀਮਤ ਤਾਂ ਕੀ ਐੱਮ.ਐੱਸ.ਪੀ. ਨੂੰ ਵੀ ਬੰਦ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨਪਰ ਕੇ ਅਸਲੀਅਤ ਵੇਖੀਏ ਤਾਂ ਭਾਰਤ ਦੇ 23 ਫ਼ਸਲਾਂ ਦੇ ਸਮੁੱਚੇ ਉਤਪਾਦਨ ਦਾ ਐੱਮ.ਐੱਸ.ਪੀ. ਉੱਪਰ ਮੁੱਲ 9 ਲੱਖ ਕਰੋੜ ਬਣਦਾ ਹੈ, ਪਰ ਸਾਰੇ ਦਾ ਸਾਰਾ ਉਤਪਾਦਨ ਮੰਡੀਆਂ ਵਿੱਚ ਨਹੀਂ ਜਾਂਦਾਜੇਕਰ ਪਰਿਵਾਰ ਦੀਆਂ ਖਾਧ ਲੋੜਾਂ, ਪਸ਼ੂਆਂ ਦੇ ਚਾਰੇ ਅਤੇ ਬੀਜ ਲਈ ਰੱਖਣ ਤੋਂ ਬਾਅਦ ਮੰਡੀ ਵਿੱਚ ਪਹੁੰਚੇ ਉਤਪਾਦਨ ਨੂੰ ਜੇ ਐੱਮ.ਐੱਸ.ਪੀ. ਉੱਤੇ ਖ਼ਰੀਦਣਾ ਹੋਵੇ ਤਾਂ ਕੁਲ 7.7 ਲੱਖ ਕਰੋੜ ਰੁਪਏ ਚਾਹੀਦੇ ਹਨਇਹ ਰਕਮ ਹਾੜ੍ਹੀ-ਸਾਉਣੀ ਵਿੱਚ ਵੱਖੋ-ਵੱਖਰੇ ਸਮੇਂ ਵਿੱਚ ਚਾਹੀਦੇ ਹਨਸਰਕਾਰ ਵੱਲੋਂ ਖ਼ਰੀਦੀ ਫ਼ਸਲ ਜੇ ਥੋਕ ਵਿੱਚ ਵੇਚੀ ਜਾਵੇ ਤਾਂ ਇਸ ਤੋਂ ਬਰਾਬਰ ਦੀ ਰਕਮ ਹਾਸਲ ਹੋ ਸਕਦੀ ਹੈਸਰਕਾਰ ਵੱਲੋਂ ਖ਼ਰਚ ਕੀਤੀ ਜਾਂਦੀ ਕੁਲ ਰਾਸ਼ੀ ਦਾ ਵੱਡਾ ਹਿੱਸਾ ਫ਼ਸਲਾਂ ਦੇ ਭੰਡਾਰਣ ਸਬੰਧੀ ਕਾਰਜਸ਼ੀਲ ਊਣਤਾਈਆਂ ਅਤੇ ਭ੍ਰਿਸ਼ਟਾਚਾਰ ਹੋਣ ਕਰਕੇ ਵਿਅਰਥ ਜਾਂਦਾ ਹੈ ਜਿਸਦੇ ਕੁਸ਼ਲ ਪ੍ਰਬੰਧ ਰਾਹੀਂ ਵੱਡੀ ਬੱਚਤ ਕੀਤੀ ਜਾ ਸਕਦੀ ਹੈ

ਗੁਰੂ ਨਾਨਕ ਖੇਤੀ ਮਾਡਲ ਸਮੇਂ ਦੀ ਲੋੜ

ਕਿਸਾਨੀ ਦੀ ਮੌਜੂਦਾ ਸਥਿਤੀ ਨੂੰ ਥਾਂ ਸਿਰ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਰਤਾਰਪੁਰ ਵਿੱਚ ਚਲਾਏ ਗਏ ਮਾਡਲ ਨੂੰ ਧੁਰਾ ਬਣਾਕੇ ਸੇਧ ਲਈ ਜਾ ਸਕਦੀ ਹੈਕਿਰਤ ਕਰੋ, ਵੰਡ ਛਕਣ ਦਾ ਇਹ ਮਾਡਲ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਹੋਰ ਸਾਰੇ ਪੇਂਡੂ ਕਿਰਤੀਆਂ ਨੂੰ ਆਰਥਿਕ ਵਿਕਾਸ ਅਤੇ ਗਤੀਵਿਧੀਆਂ ਵਿੱਚ ਸਾਮਲ ਕਰਨ ਦੀ ਸਮਰੱਥਾ ਰੱਖ ਸਕਦਾ ਹੈਪੰਜਾਬ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕਾਂਗੜੀ-ਲਾਬੜਾ ਦੇ ਪਿੰਡਾਂ ਵਿੱਚ ਚੱਲ ਰਹੇ ਸਹਿਕਾਰੀ ਖੇਤੀ ਮਾਡਲ ਉੱਤੇ ਮੰਡੀਕਰਨ ਵਿੱਚ ਮਿਲਕਫੈੱਡ ਪੰਜਾਬ ਤੇ ਅਮੂਲ ਡੇਅਰੀ ਦੇ ਸਹਿਕਾਰੀ ਮਾਡਲ ਨੂੰ ਵਿਚਾਰਿਆ ਜਾ ਸਕਦਾ ਹੈਕੇਰਲ ਪ੍ਰਾਂਤ ਵਿੱਚ ਕੁੰਟਮਬਸ਼ਰੀ (ਔਰਤਾਂ ਦੀ ਜਥੇਬੰਦੀ) ਦੇ ਗਰੁੱਪ ਖੇਤੀ ਵਾਲੇ ਮਾਡਲ ਤੋਂ ਵੀ ਸਿੱਖਿਆ ਜਾ ਸਕਦਾ ਹੈਪੰਜਾਬ ਵਿੱਚ ਜ਼ਮੀਨ ਪ੍ਰਾਪਤੀ ਕਮੇਟੀ ਦਾ ਸਾਂਝੀ ਖੇਤੀ ਮਾਡਲ ਵੀ ਵਿਚਾਰਿਆ ਜਾ ਸਕਦਾ ਹੈਸਾਂਝੀ ਖੇਤੀ ਦੇ ਮਾਡਲ ਦੇ ਇਲਾਵਾ ਸਰਕਾਰੀ ਮਦਦ ਨਾਲ ਚਲਾਏ ਜਾ ਰਹੇ ਫਾਰਮਰਜ਼ ਪ੍ਰੋਡਿਊਸਰ ਆਰਗੇਨਾਈਜ਼ੇਸ਼ਨਜ਼ ਨੂੰ ਵੀ ਵਿਚਾਰਨ ਦੀ ਲੋੜ ਹੈਇਸ ਸਮੇਂ ਖੇਤੀ ਢਾਂਚੇ ਨੂੰ ਨਵਾਂ ਰੂਪ ਦੇਣਾ, ਕਿਸਾਨਾਂ ਨੂੰ ਬਜ਼ਾਰਾਂ ਦੇ ਕਰੀਬ ਲਿਆਉਣਾ ਅੱਜ ਦੇ ਸਮੇਂ ਦੀ ਅਣ ਸਰਦੀ ਲੋੜ ਹੈ ਪਰ ਲੋੜ ਇਸ ਗੱਲ ਦੀ ਵੀ ਹੈ ਕਿ ਅਜਿਹੀ ਖ਼ੁਰਾਕ ਵੰਡ ਪ੍ਰਣਾਲੀ ਲਾਜ਼ਮੀ ਵਿਕਸਤ ਕੀਤੀ ਜਾਵੇ ਜੋ ਆਮ ਲੋਕਾਂ ਤੇ ਪਰਿਵਾਰਾਂ ਦੀ ਪੋਸ਼ਣ ਸੁਰੱਖਿਆ ਯਕੀਨੀ ਬਣਾਏ

ਗੈਰ-ਲੋਕਤੰਤਰੀ ਸ਼ਾਸਨ ਦਾ ਭਾਂਡਾ ਭੰਨਣ ਵਾਲਾ ਅੰਦੋਲਨ

ਭਾਰਤੀ ਕਿਸਾਨਾਂ ਅੰਦੋਲਨ ਸੰਭਵ ਤੌਰ ’ਤੇ ਦੁਨੀਆ ਭਰ ਵਿੱਚ ਅਜਿਹਾ ਅੰਦੋਲਨ ਹੋ ਨਿੱਬੜਿਆ ਜੋ ਸਭ ਤੋਂ ਲੰਮਾ ਸਮਾਂ ਚੱਲਣ ਵਾਲਾ ਸੀ ਤੇ ਦੁਨੀਆ ਭਰ ਦਾ ਧਿਆਨ ਇਸ ਅੰਦੋਲਨ ਨੇ ਖਿੱਚਿਆਇਸ ਅੰਦੋਲਨ ਨੇ ਸਦਾਬਹਾਰ ਇਨਕਲਾਬ ਦੇ ਬੀਜ ਬੀਜਣ ਦੀ ਸਮਰੱਥਾ ਹਾਸਲ ਕੀਤੀ ਹੈਇਸ ਅੰਦੋਲਨ ਨੇ ਮੋਦੀ ਸਰਕਾਰ ਦੇ ਲੋਕਤੰਤਰੀ ਸ਼ਾਸਨ ਦਾ ਭਾਂਡਾ ਚੌਰਾਹੇ ਵਿੱਚ ਭੰਨਿਆ ਹੈ

ਅਸਲ ਵਿੱਚ ਕਿਸਾਨ ਅੰਦੋਲਨ ਇੱਕ ਇਤਿਹਾਸਕ ਜਿੱਤ ਹੈ ਜਿਸਨੇ ਨਵੇਂ ਦਿਸਹੱਦੇ ਸਿਰਜੇ ਹਨ, ਹਾਕਮਾਂ ਨੂੰ ਸਬਕ ਸਿਖਾਇਆ ਹੈਸਾਂਝੀਵਾਲਤਾ, ਧਰਮ ਨਿਰਪੱਖਤਾ, ਭਾਈਚਾਰੇ ਦਾ ਇੱਕ ਨਵਾਂ ਸੰਦੇਸ਼ ਭਾਰਤ ਵਾਸੀਆਂ ਨੂੰ ਦਿੱਤਾ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।

(3189)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.) 

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author