JatinderPannu7ਕੋਈ ਵੀ ਫੈਸਲਾ ਕਰਦੇ ਸਮੇਂ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਭਵਿੱਖ ਦੀ ਆਸ ਬਾਰੇ ਕਦਮ ...
(19 ਜੂਨ 2022)
ਮਹਿਮਾਨ: 737.

 

ਇਸ ਵਿੱਚ ਕੋਈ ਸ਼ੱਕ ਨਹੀਂ ਕਿ ਭਾਰਤ ਦੇ ਸਭ ਤੋਂ ਵੱਡੇ ਧਾਰਮਿਕ ਭਾਈਚਾਰੇ ਦੇ ਲੋਕਾਂ ਦਾ ਹੀਰੋ ਮੰਨਿਆ ਜਾਣ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੀਡਰੀ ਨੂੰ ਇਸ ਵੇਲੇ ਕਿਸੇ ਤਰ੍ਹਾਂ ਦੀ ਕੋਈ ਚੁਣੌਤੀ ਨਹੀਂਚੁਣੌਤੀ ਸਾਹਮਣੇ ਨਾ ਹੋਣ ਦੇ ਕਾਰਨਾਂ ਵਿੱਚੋਂ ਇੱਕ ਕਾਰਨ ਇਹ ਵੀ ਹੈ ਕਿ ਜਦੋਂ ਉਹਦੇ ਮੂਹਰੇ ਵਿਰੋਧੀ ਧਿਰ ਨਾ ਹੋਇਆਂ ਵਰਗੀ ਹੈ ਅਤੇ ਇਸ ਵਿਰੋਧੀ ਧਿਰ ਦੀ ਮੋਹਰੀ ਪਾਰਟੀ ਮਰਨਾਊ ਪਈ ਹੋਈ ਹੈ ਤਾਂ ਚੁਣੌਤੀ ਹੋ ਵੀ ਨਹੀਂ ਸਕਦੀਇਸ ਪੱਖ ਤੋਂ ਨਰਿੰਦਰ ਮੋਦੀ ਸਿਰਹਾਣੇ ਬਾਂਹ ਦੇ ਕੇ ਵੀ ਸੁੱਤਾ ਰਹੇ ਤਾਂ ਉਸ ਦਾ ਰਾਜ ਚੱਲੀ ਜਾਵੇਗਾ ਤੇ ਇਸ ਨੂੰ ਚਲਾਉਣ ਵਾਲਿਆਂ ਦੀ ਗਿਣਤੀ ਬਹੁਤ ਵੱਡੀ ਤੇ ਇਹੋ ਜਿਹੀ ਹੈ ਕਿ ਉਹ ਕੋਈ ਮਿਹਨਤਾਨਾ ਵੀ ਨਹੀਂ ਮੰਗਦੇ, ਸਿਰਫ ਨਜ਼ਰ ਸਵੱਲੀ ਰੱਖਣ ਦੀ ਆਸ ਨੂੰ ਸਭ ਤੋਂ ਵੱਡਾ ਮਿਹਨਤਾਨਾ ਮੰਨ ਸਕਦੇ ਹਨਭਾਰਤ ਵਿੱਚ ਲੰਮਾ ਸਮਾਂ ਰਾਜ ਕਰ ਚੁੱਕੀਆਂ ਵੱਖ-ਵੱਖ ਸਰਕਾਰਾਂ ਦੌਰਾਨ ਦੇਸ਼ ਨੂੰ ਚਲਾਉਣ ਅਤੇ ਦੁਨੀਆ ਤਕ ਦਾ ਤਜਰਬਾ ਹਾਸਲ ਕਰ ਚੁੱਕੇ ਰਿਟਾਇਰਡ ਅਫਸਰਾਂ ਦੀ ਫੌਜ ਉਸ ਕੋਲ ਚੋਖੀ ਤਕੜੀ ਹੈ ਅਤੇ ਅੱਗੋਂ ਰਿਟਾਇਰ ਹੋਣ ਵਾਲਿਆਂ ਵਿੱਚ ਵੀ ਇਸ ਗੱਲ ਦੀ ਹੋੜ ਲੱਗੀ ਦਿਸਦੀ ਹੈ ਕਿ ਦੂਜਿਆਂ ਤੋਂ ਪਹਿਲਾਂ ਇਸ ਦਰਬਾਰ ਵਿੱਚ ਖਿਦਮਤ ਦਾ ਮੌਕਾ ਹਾਸਲ ਕੀਤਾ ਜਾਵੇਇਸ ਲਈ ਸਰਕਾਰ ਨੂੰ ਕੋਈ ਚੁਣੌਤੀ ਨਹੀਂ

ਜਦੋਂ ਭਾਰਤ ਦੀ ਅਜੋਕੀ ਸਰਕਾਰ ਨੂੰ ਤੇ ਇਸਦੇ ਆਗੂ ਦੀ ਅਗਵਾਈ ਨੂੰ ਕੋਈ ਖਾਸ ਖਤਰਾ ਹੀ ਨਹੀਂ, ਇੱਦਾਂ ਦੇ ਸੁਖਾਵੇਂ ਸਮੇਂ ਵਿੱਚ ਵੀ ਇਹ ਸਰਕਾਰ ਇੱਕ ਪਿੱਛੋਂ ਦੂਸਰੇ ਇਹੋ ਜਿਹੇ ਕਦਮ ਚੁੱਕਦੀ ਪਈ ਹੈ, ਜਿਹੜੇ ਭਾਰਤ ਦੇ ਲੋਕਾਂ ਦੇ ਵੱਡੇ ਹਿੱਸੇ ਨੂੰ ਸਹੀ ਨਹੀਂ ਜਾਪਦੇਇਨ੍ਹਾਂ ਵਿੱਚੋਂ ਹੀ ਇੱਕ ਕਦਮ ਖੇਤੀ ਖੇਤਰ ਵਾਲੇ ਤਿੰਨ ਬਿੱਲ ਧੱਕੇ ਨਾਲ ਪਾਸ ਕਰ ਕੇ ਲਾਗੂ ਕਰਵਾਉਣ ਦਾ ਸੀ, ਜਿਸਦਾ ਇੰਨਾ ਤਿੱਖਾ ਵਿਰੋਧ ਹੋਇਆ ਕਿ ਸਵਾ ਸਾਲ ਤੋਂ ਵੱਧ ਸਮਾਂ ਕਿਸਾਨ ਭਾਈਚਾਰੇ ਦੇ ਸਿਰੜੀ ਸੰਘਰਸ਼ ਤੋਂ ਬਾਅਦ ਆਖਰ ਉਹ ਤਿੰਨੇ ਬਿੱਲ ਰੱਦ ਕਰਨ ਦਾ ਮਤਾ ਉਸੇ ਪਾਰਲੀਮੈਂਟ ਤੋਂ ਪਾਸ ਕਰਵਾਉਣ ਦੀ ਨੌਬਤ ਆ ਗਈ, ਜਿਸ ਤੋਂ ਪਾਸ ਕਰਵਾ ਕੇ ਲਾਗੂ ਕਰਨੇ ਚਾਹੇ ਸਨਓਦੋਂ ਤਕ ਇਹ ਕਿਹਾ ਜਾਂਦਾ ਸੀ ਕਿ ਦੇਸ਼ ਦੀ ਵਾਗ ਉਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਾਂ ਵਿੱਚ ਹੈ, ਜਿਸਦਾ ਪੁੱਟਿਆ ਕਦਮ ਕੋਈ ਵਾਪਸ ਨਹੀਂ ਕਰਵਾ ਸਕਦਾ ਅਤੇ ਜਿਹੜੀ ਗੱਲ ਉਸ ਨੇ ਕਹਿ ਦਿੱਤੀ, ਸਮਝ ਲਉ ਕਿ ਨਾਮੁਮਕਿਨ (ਨਾ ਹੋ ਸਕਣ ਵਾਲਾ) ਕੰਮ ਵੀ ’ਮੋਦੀ ਹੈ ਤਾਂ ਮੁਮਕਿਨ ਹੈ’ ਪੁੱਟਿਆ ਕਦਮ ਪਿੱਛੇ ਨਾ ਖਿਸਕਾਉਣ ਦੇ ਰਿਕਾਰਡ ਵਾਲੇ ਨਰਿੰਦਰ ਮੋਦੀ ਲਈ ਓਦੋਂ ਚੱਲੇ ਕਿਸਾਨਾਂ ਦੇ ਸੰਘਰਸ਼ ਨੇ ਪਹਿਲੀ ਵਾਰੀ ਆਪਣੇ ਕਦਮ ਉੱਤੇ ਟਿਕੇ ਰਹਿਣਾ ਔਖਾ ਕਰ ਦਿੱਤਾ ਅਤੇ ਪੈਰ ਪਿੱਛੇ ਖਿੱਚਣੇ ਪਏ ਸਨ

ਇੱਕ ਖਾਸ ਭਾਈਚਾਰੇ ਵਿਰੁੱਧ ਸੇਧੇ ਜਾਂਦੇ ਕਦਮਾਂ ਨੂੰ ਛੱਡ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਚੋਖਾ ਚਿਰ ਹੋਰ ਕੋਈ ਮੁੱਦਾ ਖੜ੍ਹਾ ਕਰਨ ਵਾਲਾ ਕਦਮ ਚੁੱਕਣ ਤੋਂ ਬਚਦੀ ਰਹੀ ਸੀਇਸ ਹਫਤੇ ਫਿਰ ਇਸ ਸਰਕਾਰ ਨੇ ਇਹੋ ਜਿਹਾ ਕਦਮ ਚੁੱਕਿਆ ਹੈ, ਜਿਸਦਾ ਸਾਰੇ ਦੇਸ਼ ਵਿੱਚ ਤਿੱਖਾ ਵਿਰੋਧ ਹੁੰਦਾ ਵੇਖਿਆ ਗਿਆ ਹੈਇਹ ਕਦਮ ਭਾਰਤੀ ਫੌਜਾਂ ਦੇ ਤਿੰਨਾਂ ਅੰਗਾਂ ਵਿੱਚ ਦੇਸ਼ ਦੇ ਨੌਜਵਾਨਾਂ ਨੂੰ ਕੱਚੀ ਉਮਰ ਵਿੱਚ ਭਰਤੀ ਕਰਨ ਦੇ ਨਵੇਂ ਨਿਯਮਾਂ ਨਾਲ ਸੰਬੰਧਤ ਹੈ, ਜਿਸ ਨੂੰ ‘ਅਗਨੀਪੱਥ’ ਯੋਜਨਾ ਕਿਹਾ ਗਿਆ ਹੈ ਤੇ ਭਰਤੀ ਹੋਣ ਵਾਲਿਆਂ ਨੂੰ ‘ਅਗਨੀਵੀਰ’ ਕਿਹਾ ਜਾਣਾ ਹੈਵਿਰੋਧ ਕਰ ਰਹੇ ਨੌਜਵਾਨਾਂ ਦੇ ਕੁਝ ਗੰਭੀਰ ਇਤਰਾਜ਼ ਇਸ ਯੋਜਨਾ ਦੀ ਭਰਤੀ ਲਈ ਰੱਖੀ ਮੁਢਲੀ ਉਮਰ ਦੀ ਹੱਦ ਬਾਰੇ ਅਤੇ ਕੁਝ ਹੋਰ ਇਤਰਾਜ਼ ਚਾਰ ਸਾਲਾਂ ਪਿੱਛੋਂ ਪੰਝੀ ਫੀਸਦੀ ਨੌਜਵਾਨਾਂ ਨੂੰ ਫੌਜ ਵਿੱਚ ਰੱਖਣ ਤੇ ਪੰਝੱਤਰ ਫੀਸਦੀ ਨੂੰ ਕੱਢ ਦੇਣ ਦੀ ਨੀਤੀ ਬਾਰੇ ਹਨਜਿਹੜੇ ਪੰਝੱਤਰ ਫੀਸਦੀ ਨੌਜਵਾਨ ਕੱਢੇ ਜਾਣਗੇ, ਉਨ੍ਹਾਂ ਦੇ ਭਵਿੱਖ ਦਾ ਸਵਾਲ ਵੀ ਖੜ੍ਹਾ ਹੋ ਰਿਹਾ ਹੈ ਤੇ ਅਜਿਹੇ ਮਾਹੌਲ ਵਿੱਚ ਭੜਕੇ ਹੋਏ ਨੌਜਵਾਨ ਉਨ੍ਹਾਂ ਸਰਕਾਰੀ ਜਾਇਦਾਦਾਂ ਦੀ ਸਾੜ-ਫੂਕ ਤੇ ਭੰਨ-ਤੋੜ ਕਰ ਰਹੇ ਹਨ, ਜਿਨ੍ਹਾਂ ਨੂੰ ਬਣਾਉਣ ਉੱਤੇ ਉਨ੍ਹਾਂ ਵਰਗੇ ਭਾਰਤੀ ਨਾਗਰਿਕਾਂ ਦੀ ਖੂਨ-ਪਸੀਨੇ ਦੀ ਕਮਾਈ ਵਿੱਚੋਂ ਆਏ ਟੈਕਸਾਂ ਦਾ ਪੈਸਾ ਲੱਗਦਾ ਹੈ ਅਤੇ ਉਨ੍ਹਾਂ ਦੀ ਲੋੜ ਹੋਣ ਕਾਰਨ ਇੰਨਾ ਪੈਸਾ ਲਾ ਕੇ ਫਿਰ ਬਣਾਉਣੇ ਪੈਣਗੇਕਈ ਸੱਜਣ ਇਸ ਸੰਘਰਸ਼ ਨੂੰ ਕਿਸਾਨਾਂ ਦੇ ਉਸ ਸੰਘਰਸ਼ ਨਾਲ ਬਰਾਬਰ ਤੋਲਦੇ ਹਨ, ਜਿਹੜਾ ਸਵਾ ਸਾਲ ਦੇ ਕਰੀਬ ਚੱਲਿਆ ਸੀ, ਪਰ ਕਿਸੇ ਥਾਂ ਹਿੰਸਾ ਦੀ ਪਹਿਲ ਉਨ੍ਹਾਂ ਨੇ ਨਹੀਂ ਸੀ ਕੀਤੀ। ਹਿੰਸਕ ਕੰਮ ਸਰਕਾਰ ਚਲਾਉਣ ਵਾਲਿਆਂ ਨੂੰ ਖੁਸ਼ ਕਰਨ ਲਈ ਮੌਕੇ ਦੇ ਅਫਸਰ ਤੇ ਸੰਬੰਧਤ ਥਾਂਵਾਂ ਦੇ ਇੱਕ ਖਾਸ ਪਾਰਟੀ ਨਾਲ ਜੁੜੇ ਲੀਡਰ ਕਰਦੇ ਅਤੇ ਕਰਾਉਂਦੇ ਰਹੇ ਸਨਇਨ੍ਹਾਂ ਦੋਵਾਂ ਲਹਿਰਾਂ ਦੀ ਇੱਕ ਸਾਂਝ ਜ਼ਰੂਰ ਹੈ ਕਿ ਦੋਵਾਂ ਦੀ ਚਿੰਤਾ ਭਵਿੱਖ ਬਾਰੇ ਹੈ। ਕਿਸਾਨ ਸੰਘਰਸ਼ ਨਸਲਾਂ ਅਤੇ ਫਸਲਾਂ ਬਚਾਉਣ ਵਸਤੇ ਸੀ ਅਤੇ ਇਨ੍ਹਾਂ ਭੜਕੇ ਹੋਏ ਨੌਜਵਾਨਾਂ ਦੀ ਚਿੰਤਾ ਆਪਣੇ ਰੁਜ਼ਗਾਰ ਬਾਰੇ ਹੈ, ਜਿਸਦੇ ਬਿਨਾਂ ਜ਼ਿੰਦਗੀ ਗੁਜ਼ਾਰਨੀ ਮੁਸ਼ਕਲ ਹੈ

ਦੂਸਰਾ ਪੱਖ ਕੁਝ ਸਿਆਸੀ ਸੂਝ ਵਾਲੇ ਲੀਡਰਾਂ ਤੇ ਫੌਜ ਦੇ ਸਾਬਕਾ ਜਰਨੈਲਾਂ ਦਾ ਹੈਉਨ੍ਹਾਂ ਨੂੰ ਪਹਿਲਾ ਇਤਰਾਜ਼ ਇਸ ਤਜਵੀਜ਼ ਬਾਰੇ ਹੈ ਕਿ ਵੱਖ-ਵੱਖ ਸ਼੍ਰੇਣੀਆਂ ਤੋਂ ਆਏ ਨੌਜਵਾਨਾਂ ਨੂੰ ਅੱਜ ਤਕ ਉਨ੍ਹਾਂ ਲਈ ਵਿਸ਼ੇਸ਼ ਯੂਨਿਟਾਂ ਵਿੱਚ ਹੀ ਭਰਤੀ ਕੀਤਾ ਜਾਂਦਾ ਸੀ, ਪਰ ਨਵੀਂ ਸਕੀਮ ਵਿੱਚ ਉਨ੍ਹਾਂ ਨੂੰ ਕਿਸੇ ਵੀ ਯੂਨਿਟ ਨਾਲ ਜੋੜਿਆ ਜਾ ਸਕਦਾ ਹੈਸੋਚਿਆ ਜਾ ਸਕਦਾ ਹੈ ਕਿ ਜਿਹੜੀਆਂ ਯੂਨਿਟਾਂ ਕਿਸੇ ਵਿਸ਼ੇਸ਼ ਭਾਈਚਾਰੇ ਜਾਂ ਕਿਸੇ ਖਾਸ ਰੇਸ ਨਾਲ ਜੁੜੀਆਂ ਸਨ, ਉਨ੍ਹਾਂ ਦੀ ਪਿਛਲੀ ਮਾਣ-ਮੱਤੀ ਵਿਰਾਸਤ ਉਨ੍ਹਾਂ ਨੂੰ ਪ੍ਰੇਰਤ ਕਰਦੀ ਸੀ ਤੇ ਦੂਸਰੀ ਗੱਲ ਇਹ ਕਿ ਕਿਸੇ ਖਾਸ ਸ਼੍ਰੇਣੀ ਵਿੱਚੋਂ ਆਏ ਨੌਜਵਾਨਾਂ ਨੂੰ ਉਸੇ ਕਿਸਮ ਦੇ ਸੱਭਿਆਚਾਰ ਵਾਲੀ ਯੂਨਿਟ ਵਿੱਚ ਐਡਜਸਟ ਕਰਨਾ ਸੌਖਾ ਹੁੰਦਾ ਸੀਨਵੀਂ ਸਕੀਮ ਵਿੱਚ ਪੰਜਾਬੀ ਗੱਭਰੂ ਕਿਸੇ ਹੋਰ ਵਰਗ ਦੇ ਬਹੁਤੇ ਜਵਾਨਾਂ ਵਾਲੀ ਯੂਨਿਟ ਵਿੱਚ ਗਿਆ ਤਾਂ ਉਨ੍ਹਾਂ ਦੇ ਸੱਭਿਆਚਾਰਕ ਜਾਂ ਧਾਰਮਿਕ ਵਖਰੇਵਿਆਂ ਕਾਰਨ ਓਥੇ ਮੁਢਲੇ ਦਿਨਾਂ ਵਿੱਚ ਚੋਖੀ ਔਖ ਮਹਿਸੂਸ ਕਰੇਗਾ ਅਤੇ ਇਹ ਵੀ ਹੋ ਸਕਦਾ ਹੈ ਕਿ ਉਨ੍ਹਾਂ ਦੇ ਮਾਮਲੇ ਸਮਝਦਾ ਨਾ ਹੋਇਆ ਤਾਂ ਨਾ ਕਹਿਣ ਵਾਲੀ ਕੋਈ ਗੱਲ ਬੋਲ ਬੈਠਾ ਤਾਂ ਕਿਸੇ ਨਵੇਂ ਰੱਫੜ ਦਾ ਕਾਰਨ ਬਣ ਜਾਵੇਗਾਇਸ ਕਰ ਕੇ ਇਹ ਸਮਝਿਆ ਜਾਂਦਾ ਹੈ ਕਿ ਪਿਛਲੇ ਪੌਣੇ ਦੋ ਸੌ ਸਾਲਾਂ ਤੋਂ ਜਿਹੜੀ ਪਿਰਤ ਵੱਖ-ਵੱਖ ਭਾਈਚਾਰਿਆਂ ਦੀ ਸੱਭਿਆਚਾਰ ਦੇ ਪੱਖੋਂ ਨਵੇਕਲੀ ਬਣਤਰ ਦਾ ਧਿਆਨ ਰੱਖ ਕੇ ਚੱਲ ਰਹੀ ਹੈ, ਉਸ ਨੂੰ ਛੇੜਨਾ ਨਹੀਂ ਚਾਹੀਦਾ ਇਸਦੇ ਨਾਲ ਨੇਪਾਲ ਦੇ ਪਿਛੋਕੜ ਵਾਲੇ ਸਾਬਕਾ ਜਰਨੈਲਾਂ ਨੇ ਵੀ ਕਿਹਾ ਹੈ ਕਿ ਉਨ੍ਹਾਂ ਨੇ ਭਾਰਤੀ ਫੌਜ ਵਿੱਚ ਭਰਤੀ ਹੋ ਕੇ ਸਿਰਫ ਤਨਖਾਹਾਂ ਨਹੀਂ ਲਈਆਂ, ਇਸ ਦੇਸ਼ ਲਈ ਜੰਗਾਂ ਵਿੱਚ ਸ਼ਹੀਦੀਆਂ ਵੀ ਪਾਈਆਂ ਹਨਉਨ੍ਹਾਂ ਦੇ ਇੱਕ ਨਵੇਕਲੇ ਸੱਭਿਆਚਾਰ ਅਤੇ ਜੰਗਾਂ ਵਿੱਚ ਅੱਗੇ ਹੋ ਕੇ ਜੂਝਣ ਦੀ ਮੁਹਾਰਤ ਕਾਰਨ ਬ੍ਰਿਟੇਨ ਵਰਗੇ ਮੁਲਕਾਂ ਦੀ ਫੌਜ ਵੀ ਉਚੇਚ ਨਾਲ ਉਨ੍ਹਾਂ ਨੂੰ ਆਪਣੇ ਦੇਸ਼ ਦੀ ਸੇਵਾ ਲਈ ਚੁਣਦੀ ਰਹਿੰਦੀ ਹੈਕਈ ਸਾਲ ਪਹਿਲਾਂ ਇਨ੍ਹਾਂ ਸਤਰਾਂ ਦਾ ਲੇਖਕ ਬ੍ਰਿਟੇਨ ਦੌਰੇ ਸਮੇਂ ਪੰਜਾਬੀ ਪਾਰਲੀਮੈਂਟ ਮੈਂਬਰ ਵਰਿੰਦਰ ਸ਼ਰਮਾ ਤੇ ਮੇਅਰ ਰਣਜੀਤ ਧੀਰ ਨਾਲ ਇਹੋ ਜਿਹੇ ਇੱਕ ਸਮਾਗਮ ਵਿੱਚ ਸ਼ਾਮਲ ਹੋਇਆ ਸੀ, ਜਿਹੜਾ ਕਿਸੇ ਮੋਰਚੇ ਉੱਤੇ ਗੋਰੇ ਬ੍ਰਿਟਿਸ਼ ਨੌਜਵਾਨ ਅਤੇ ਇੱਕ ਗੋਰਖੇ ਫੌਜੀ ਦੇ ਇਕੱਠੇ ਮਾਰੇ ਜਾਣ ਪਿੱਛੋਂ ਉਨ੍ਹਾਂ ਦੀ ਯਾਦ ਵਿੱਚ ਕਰਾਇਆ ਗਿਆ ਸੀਜਿਹੜੇ ਗੋਰਖੇ ਲੋਕ ਸਾਰੀ ਦੁਨੀਆ ਵਿੱਚ ਨਵੇਕਲੇ ਸੱਭਿਆਚਾਰ ਅਤੇ ਫੌਜੀ ਸੇਵਾ ਦੀ ਮੁਹਾਰਤ ਲਈ ਜਾਣੇ ਜਾਂਦੇ ਹਨ, ਉਹ ਵੀ ਭਾਰਤ ਸਰਕਾਰ ਦੀ ਨਵੀਂ ਸਕੀਮ ਤੋਂ ਸੰਤੁਸ਼ਟ ਨਹੀਂ ਹਨ

ਇੱਕ ਵਾਰ ਫਿਰ ਕਹਿ ਦਿਆਂ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੀਡਰੀ ਨੂੰ ਕਿਸੇ ਤਰ੍ਹਾਂ ਦਾ ਖਤਰਾ ਕੋਈ ਨਹੀਂ, ਪਰ ਜਿੱਦਾਂ ਦੇ ਕਦਮ ਇਹ ਸਰਕਾਰ ਚੁੱਕਣ ਲੱਗ ਪਈ ਹੈ, ਇਹ ਕਦਮ ਦੇਸ਼ ਦੇ ਲੋਕਾਂ ਵਿੱਚ ਕਈ ਤਰ੍ਹਾਂ ਦੇ ਭਰਮ ਪੈਦਾ ਕਰਨ ਵਾਲੇ ਹਨਪਹਿਲਾਂ ਪੁਰ-ਅਮਨ ਕਿਸਾਨੀ ਸੰਘਰਸ਼ ਅੱਗੇ ਝੁਕ ਕੇ ਸਰਕਾਰ ਨੂੰ ਆਪਣੇ ਬਣਾਏ ਹੋਏ ਤਿੰਨ ਬਿੱਲ ਆਪੇ ਵਾਪਸ ਲੈਣੇ ਪੈ ਗਏ ਸਨ, ਜਿਹੋ ਜਿਹੀ ਕੁੜੱਤਣ ਇਸ ਵਕਤ ਦੇਸ਼ ਦੇ ਨੌਜਵਾਨਾਂ ਵਿੱਚ ਭਰਦੀ ਜਾਂਦੀ ਹੈ, ਇਹ ਇਸ ਸਰਕਾਰ ਨੂੰ ਦੂਸਰੀ ਵਾਰੀ ਪਿੱਛੇ ਹਟਣ ਨੂੰ ਮਜਬੂਰ ਕਰ ਸਕਦੀ ਹੈਲੋਕਤੰਤਰ ਵਿੱਚ ਸਰਕਾਰਾਂ ਨੂੰ ਕੋਈ ਵੀ ਫੈਸਲਾ ਕਰਦੇ ਸਮੇਂ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਭਵਿੱਖ ਦੀ ਆਸ ਬਾਰੇ ਕਦਮ ਪੂਰੀ ਸੋਚ ਵਿਚਾਰ ਮਗਰੋਂ ਪੁੱਟਣਾ ਚਾਹੀਦਾ ਹੈ ਅਤੇ ਗਲਤ ਕਦਮ ਵੇਲੇ ਸਿਰ ਵਾਪਸ ਲੈਣਾ ਚਾਹੀਦਾ ਹੈਜ਼ਿਦ ਕਰ ਕੇ ਪਿੱਛੋਂ ਕਦਮ ਪਿੱਛੇ ਖਿੱਚਣ ਨਾਲੋਂ ਗੱਲਬਾਤ ਰਾਹੀਂ ਕਾਂਟਾ ਬਦਲ ਲਿਆ ਜਾਵੇ ਤਾਂ ਜ਼ਿਆਦਾ ਚੰਗਾ ਹੁੰਦਾ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।

(3637)

(ਸਰੋਕਾਰ ਨਾਲ ਸੰਪਰਕ ਲਈThis email address is being protected from spambots. You need JavaScript enabled to view it.)

About the Author

ਜਤਿੰਦਰ ਪਨੂੰ

ਜਤਿੰਦਰ ਪਨੂੰ

Jalandhar, Punjab, India.
Phone: (91 - 98140 - 68455)
Email: (pannu_jatinder@yahoo.co.in)

More articles from this author