“ਆਰ.ਐੱਸ.ਐੱਸ. ਸਿਆਸੀ ਪਾਰਟੀ ਨਾ ਹੋ ਕੇ ਵੀ ਲਗਾਤਾਰ ਪਿੱਛੇ ਰਹਿ ਕੇ ਸਿਆਸੀ ਖੇਡ ਖੇਡਦੀ ਹੈ ਅਤੇ ਹਿੰਦੂ ਰਾਸ਼ਟਰ ...”
(19 ਜੂਨ 2024)
ਇਸ ਸਮੇਂ ਪਾਠਕ: 80.
ਆਪਣੇ ਆਪ ਨੂੰ ਸਮਾਜਿਕ ਅਤੇ ਸੰਸਕ੍ਰਿਤਕ ਸੰਸਥਾ ਕਹਾਉਂਦੀ ਲਗਭਗ 100 ਵਰ੍ਹਿਆਂ ਦੀ ਰਾਸ਼ਟਰੀ ਸਵੈਂ-ਸੇਵਕ ਸੰਘ (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਪਿਛਲੇ ਹਫ਼ਤੇ ਕਿਹਾ ਕਿ ਜੋ ਅਸਲੀ ਸੇਵਕ ਹੈ, ਉਹ ਮਰਯਾਦਾ ਦਾ ਪਾਲਣ ਕਰਦਾ ਹੈ, ਉਹ ਦੰਭ ਨਹੀਂ ਕਰਦਾ, ਉਸ ਵਿੱਚ ਹੰਕਾਰ ਨਹੀਂ ਆਉਂਦਾ ਕਿ ਇਹ ਮੈਂ ਕੀਤਾ ਹੈ।
ਇਹ ਸ਼ਬਦ ਸਿੱਧੇ ਤੌਰ ’ਤੇ ਨਾਮ ਲੈ ਕੇ ਨਹੀਂ ਪਰ ਅਸਿੱਧੇ ਤੌਰ ’ਤੇ ਭਾਜਪਾ ਨੂੰ ਪਿੱਛੇ ਤੋਂ ਚਲਾਉਣ ਵਾਲੀ ਆਰ.ਐੱਸ.ਐੱਸ., ਜੋ ਇੱਕ ਪਾਰਦਰਸ਼ਿਕ ਸੰਸਥਾ ਨਹੀਂ ਹੈ, ਸਗੋਂ ਇੱਕ ਖੁਫੀਆਂ ਸੰਸਥਾ ਵਜੋਂ ਕੰਮ ਕਰਦੀ ਹੈ, ਨੇ ਆਪਣੇ ਮੁਖੀ ਰਾਹੀਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਸ ਕਰਕੇ ਕਹੇ ਹਨ ਕਿ ਉਹ ਆਪਣੇ ਵਿਚਾਰ ਨੂੰ ਬਦਨਾਮ ਹੋਇਆ ਨਹੀਂ ਵੇਖਣਾ ਚਾਹੁੰਦੇ। ਉਸ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਜਿਹੜਾ ਆਪਣੇ ਬਾਰੇ ਕਹਿੰਦਾ ਹੈ ਕਿ ਮੈਨੂੰ ਦੇਸ਼ ਉੱਤੇ ਰਾਜ-ਭਾਗ ਚਲਾਉਣ ਲਈ ਪ੍ਰਮਾਤਮਾ ਨੇ ਭੇਜਿਆ ਹੈ। ਤੇ ਉਹ ਇਹ ਵੀ ਕਹਿੰਦਾ ਹੈ “ਮੋਦੀ ਹੈ ਤਾਂ ਮੁਮਕਿਨ ਹੈ।”
ਆਰ.ਐੱਸ.ਐੱਸ. ਦੀ ਇਹ ਨਰੇਂਦਰ ਮੋਦੀ ਨੂੰ ਨਸੀਹਤ ਹੈ, ਜਾਂ ਮੋਦੀ ਤੋਂ ਆਰ.ਐੱਸ.ਐੱਸ. ਵੱਲੋਂ ਪਾਸਾ ਵੱਟਣ ਦਾ ਇੱਕ ਕਦਮ? ਨਤੀਜਿਆਂ ਤੋਂ ਬਾਅਦ ਆਰ.ਐੱਸ.ਐੱਸ. ਤੇ ਭਾਜਪਾ ਵਿੱਚ ਆਈ ਇਸ ਤਰੇੜ ਨੇ ਸਿਆਸੀ ਭੁਚਾਲ ਲੈ ਆਂਦਾ ਹੈ। ਜਿੱਥੇ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਨੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਪ੍ਰਦਰਸ਼ਨ ਤੇ ਸਵਾਲ ਉਠਾਏ ਹਨ, ਉੱਥੇ ਆਰ.ਐੱਸ.ਐੱਸ. ਦੇ ਪ੍ਰਮੁੱਖ ਆਗੂ ਇੰਦਰੇਸ਼ ਕੁਮਾਰ ਨੇ ਵੀ ਭਾਜਪਾ ਦੀ ਕਾਰਗੁਜ਼ਾਰੀ ’ਤੇ ਸ਼ੱਕ ਪ੍ਰਗਟ ਕੀਤਾ ਹੈ। ਭਾਜਪਾ ਦੇ ਪ੍ਰਦਰਸ਼ਨ ਨੂੰ ਲੈ ਕੇ ਇਸ ਸੰਸਥਾ ਵੱਲੋਂ ਛਾਪੇ ਜਾਂਦੇ ਮੈਗਜ਼ੀਨ ਨੇ ਵੀ ਟਿੱਪਣੀਆਂ ਕੀਤੀਆਂ ਹਨ।
ਇਹ ਬਿਆਨ ਆਉਣ ਤੋਂ ਬਾਅਦ ਸਿਆਸੀ ਅਤੇ ਸਮਾਜਿਕ ਤੌਰ ’ਤੇ ਇੱਕ ਬਹਿਸ ਛਿੜ ਗਈ ਹੈ। ਵਿਰੋਧੀ ਧਿਰ ਨੂੰ ਇਹਨਾਂ ਟਿੱਪਣੀਆਂ ਕਾਰਨ ਸੱਤਾ ਧਿਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਦਾ ਮੌਕਾ ਮਿਲ ਗਿਆ ਹੈ। ਕਿਹਾ ਜਾਣ ਲੱਗ ਪਿਆ ਹੈ ਕਿ ਆਰ.ਐੱਸ.ਐੱਸ. ਨੇ ਮੋਦੀ ਨੂੰ ਫਿਟਕਾਰ ਲਗਾਈ ਹੈ। ਇਹ ਵੀ ਕਿ ਆਰ.ਐੱਸ.ਐੱਸ. ਵਿੱਚ ਧੜੇ ਬਣ ਗਏ ਹਨ। ਉਂਜ ਇਹ ਕਿਸੇ ਤਰ੍ਹਾਂ ਵੀ ਸੰਭਵ ਨਹੀਂ ਕਿਉਂਕਿ ਇਹ ਸੰਸਥਾ ਇੱਕ ਖੋਲ ਦੀ ਤਰ੍ਹਾਂ ਹੈ, ਜਿਸਦੀ ਭਾਫ ਤਕ ਵੀ ਬਾਹਰ ਨਹੀਂ ਨਿਕਲਦੀ। ਇਹ ਵੀ ਕਿ ਪਿਛਲੇ ਦਸ ਸਾਲ ਜਦੋਂ ਨਰੇਂਦਰ ਮੋਦੀ ਅਤੇ ਹਿੰਦੂ ਰਾਸ਼ਟਰ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪ੍ਰਯਤਨਸ਼ੀਲ ਰਿਹਾ ਅਤੇ ਜ਼ਿਆਦਤੀਆਂ ਵੀ ਕਰਦਾ ਰਿਹਾ ਤਾਂ ਆਰ.ਐੱਸ.ਐੱਸ. ਚੁੱਪ ਰਹੀ, ਪਰ ਜਦੋਂ ਇਹ ਸੁਪਨਾ ਟੁੱਟਣ ਲੱਗਾ ਹੈ ਤਾਂ ਆਪਣੀ ਸਾਖ਼ ਬਚਾਉਣ ਲਈ ਆਰ.ਐੱਸ.ਐੱਸ. ਆਪਣੀ ਹੀ ਸਿਆਸੀ ਪਾਰਟੀ ਭਾਜਪਾ ਨਾਲੋਂ ਅਲਹਿਦਗੀ ਬਣਾਉਂਦਾ ਨਜ਼ਰ ਆ ਰਿਹਾ ਹੈ। ਭਾਰਤ ਦੇ ਲੋਕਾਂ ਵੱਲੋਂ ਚੋਣਾਂ ਵਿੱਚ ਦਿੱਤੇ ਸਪਸ਼ਟ ਸੰਕੇਤਾਂ ਤੋਂ ਉਹ ਮੂੰਹ ਛੁਪਾਉਂਦਾ ਨਜ਼ਰ ਆ ਰਿਹਾ ਹੈ।
ਕਿਹਾ ਤਾਂ ਇਹ ਵੀ ਜਾ ਰਿਹਾ ਹੈ ਕਿ ਆਰ.ਐੱਸ.ਐੱਸ. ਜਵਾਬਦੇਹੀ ਅਤੇ ਬਦਨਾਮੀ ਤੋਂ ਬਚਣ ਲਈ ਇਹ ਪੈਂਤੜਾ ਅਪਣਾ ਰਿਹਾ ਹੈ ਅਤੇ ਇਹ ਕਹਿੰਦਾ ਨਹੀਂ ਥੱਕਦਾ ਕਿ ਉਸਦਾ ਸਿਆਸਤ ਨਾਲ ਕੋਈ ਲੈਣ ਦੇਣ ਨਹੀਂ ਹੈ, ਉਹ ਤਾਂ ਇੱਕ ਸਮਾਜਿਕ, ਸੰਸਕ੍ਰਿਤਕ ਸੰਸਥਾ ਹੈ ਜੋ ਦੇਸ਼ ਦੇ ਭਲੇ ਹਿਤ ਕੰਮ ਕਰ ਰਹੀ ਹੈ।
ਸਵਾਲ ਉੱਠਦਾ ਹੈ ਕਿ ਜੇਕਰ ਆਰ.ਐੱਸ.ਐੱਸ. ਦਾ ਸਿਆਸਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਤਾਂ ਮੋਦੀ, ਜੋ ਆਰ.ਐੱਸ.ਐੱਸ. ਦਾ ਵਰਕਰ ਰਿਹਾ ਹੈ, ਉਸਦੇ ਸਿਰ ਉੱਤੇ ਪਿਛਲੇ ਕਈ ਵਰ੍ਹਿਆਂ ਤੋਂ ਆਰ.ਐੱਸ.ਐੱਸ. ਦਾ ਹੱਥ ਕਿਉਂ ਹੈ? ਦੇਸ਼ ਵਿੱਚ ਵੱਡੀ ਗਿਣਤੀ ਸੂਬਿਆਂ ਦੇ ਗਵਰਨਰ, ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਉਹਨਾਂ ਦੀ ਸੋਚ ਵਾਲੇ ਅਤੇ ਉਹਨਾਂ ਦੇ ਬੰਦੇ ਹੀ ਕਿਉਂ ਨਿਯੁਕਤ ਹੁੰਦੇ ਹਨ? ਕਿਉਂ ਦੇਸ਼ ਦੇ ਸੰਸਕ੍ਰਿਤਕ ਅਤੇ ਸਿੱਖਿਆ ਮਹਿਕਮੇ ਉੱਤੇ ਆਰ.ਐੱਸ.ਐੱਸ. ਦੇ ਖਾਸਮ-ਖਾਸ ਹੀ ਬੈਠੇ ਹਨ ਅਤੇ ਉਹ ਆਰ.ਐੱਸ.ਐੱਸ. ਦੇ ਹਿੰਦੂਤਵੀ ਅਜੰਡੇ ਨੂੰ ਸਿੱਖਿਆ, ਸੰਸਕ੍ਰਿਤੀ ਗਤੀਵਿਧੀਆਂ ਰਾਹੀਂ ਲਾਗੂ ਕਰ ਰਹੇ ਹਨ? ਹੁਣ ਵੀ ਉੜੀਸਾ ਵਿੱਚ ਭਾਜਪਾ ਦੀ ਜਿੱਤ ਉਪਰੰਤ ਆਰ.ਐੱਸ.ਐੱਸ. ਦਾ ਵਰਕਰ ਮੋਹਨ ਚਰਨ ਮਾਝੀ ਉੜੀਸਾ ਸਰਕਾਰ ਦਾ ਮੁੱਖ ਮੰਤਰੀ ਬਣਿਆ ਹੈ।
ਇੱਕ ਮਖੌਟਾ ਹੈ, ਜੋ ਆਰ.ਐੱਸ.ਐੱਸ. ਨੇ ਪਹਿਨਿਆ ਹੋਇਆ ਹੈ, ਉਹ ਅੰਦਰੋਂ-ਅੰਦਰੀ ਸਰਕਾਰ ਦੇ ਕੰਮ ਵਿੱਚ ਡੂੰਘਾ ਦਖ਼ਲ ਦਿੰਦਾ ਹੈ। ਪਰ ਅੱਜ ਜਦੋਂ ਨਰੇਂਦਰ ਮੋਦੀ “ਮੋਦੀ ਦੀਆਂ ਗਰੰਟੀਆਂ” ਦੇ ਨਾਅਰੇ ਅਤੇ ਤਾਨਾਸ਼ਾਹ ਸੋਚ ਅਤੇ ਹਊਮੈ ਕਾਰਨ ਚੋਣਾਂ ਵਿੱਚ ਆਪਣੀ ਪਾਰਟੀ ਦੀ ਨਿਰੀ-ਪੁਰੀ ਸਰਕਾਰ ਨਹੀਂ ਬਣਾ ਸਕਿਆ ਤੇ ਲੋਕਾਂ ਨੇ ਉਸਦੀ ਸੋਚ ਨੂੰ ਨਕਾਰਿਆ ਹੈ ਤਾਂ ਆਰ.ਐੱਸ.ਐੱਸ. ਸਮਝੌਤੀਆਂ ਦੇਣ ਦੇ ਰਾਹ ਤੁਰ ਪਿਆ ਹੈ। ਪਰ ਕੀ ਇਹ ਸਮਝੌਤੀਆਂ ਸੱਚੀਂ ਮੁੱਚੀਂ ਨਰੇਂਦਰ ਮੋਦੀ ਨਾਲੋਂ ਰਾਹ ਵੱਖਰਾ ਕਰਨ ਵਾਲੀਆਂ ਹਨ, ਇੰਜ ਕਿਧਰੇ ਵੀ ਨਹੀਂ ਜਾਪਦਾ। ਇਹ ਸਮਝੌਤੀਆਂ ਤਾਂ ਬੱਸ ਥੋੜ੍ਹਾ ਸਮਾਂ ਦੂਰੀਆਂ ਬਣਾਉਣ ਦਾ ਦਿਖਾਵਾ ਹੈ।
ਲੋਕ ਸਭਾ ਚੋਣਾਂ ਵੇਲੇ ਭਾਜਪਾ ਵਰਕਰਾਂ, ਭਾਜਪਾ ਨੇਤਾਵਾਂ, ਮੋਦੀ-ਸ਼ਾਹ ਜੋੜੀ ਵਿੱਚ ਇੱਕ ਘੁਮੰਡ ਨਜ਼ਰ ਆ ਰਿਹਾ ਸੀ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ ਪੀ ਨੱਢਾ ਦਾ ਉਸ ਵੇਲੇ ਦਾ ਇੱਕ ਬਿਆਨ ਵੀ ਸਮਝਣ ਵੇਖਣ ਵਾਲਾ ਸੀ ਕਿ ਭਾਜਪਾ ਆਪਣਾ ਬਲਬੂਤੇ ’ਤੇ ਚੋਣ ਲੜੇਗੀ, ਉਸ ਨੂੰ ਆਰ.ਐੱਸ.ਐੱਸ. ਦੀ ਲੋੜ ਨਹੀਂ ਹੈ। ਪਰ ਕੀ ਚੋਣ ਵਿੱਚ ਅੱਧੀ ਅਧੂਰੀ ਜਿੱਤ ਤੋਂ ਬਾਅਦ ਜੇਪੀ ਨੱਡਾ ਹੁਣ ਵੀ ਇਹ ਹੀ ਸੋਚਦੇ ਹੋਣਗੇ ਕਿ ਉਹਨਾਂ ਦੀ ਪਾਰਟੀ ਦਾ ਆਰ.ਐੱਸ.ਐੱਸ. ਤੋਂ ਬਿਨਾਂ ਗੁਜ਼ਾਰਾ ਹੈ। ਅਸਲ ਵਿੱਚ ਦੋਵੇਂ ਧਿਰਾਂ ਇੱਕ-ਦੂਜੇ ਦੀਆਂ ਪੂਰਕ ਹਨ। ਪਿਛਲੇ ਦਸ ਵਰ੍ਰਿਆਂ ਦੌਰਾਨ ਭਾਜਪਾ, ਆਰ.ਐੱਸ.ਐੱਸ. ਨੇ ਰਾਜ ਭਾਗ ਦਾ ਅਨੰਦ ਮਾਣਿਆ ਹੈ। ਕੀ ਆਰ.ਐੱਸ.ਐੱਸ. ਕੋਲ ਇਸ ਗੱਲ ਦਾ ਕੋਈ ਜਵਾਬ ਹੈ ਕਿ ਉਸਦੇ ਮੁੱਖ ਹੈੱਡਕੁਆਰਟਰ ਅਤੇ ਹੋਰ ਸ਼ਾਖਾਵਾਂ ਉੱਤੇ ਵੱਡੀਆਂ ਇਮਾਰਤਾਂ ਕਿਹੜੇ ਫੰਡ ਨਾਲ ਬਣੀਆਂ? ਆਰ.ਐੱਸ.ਐੱਸ. ਦੇ ਮੁਖੀਆਂ ਤੇ ਵੱਡੇ ਚੌਧਰੀਆਂ ਨੇ ਕਿਹੜੇ ਤੇ ਕਿਸਦੇ ਹੈਲੀਕਾਪਟਰਾਂ ਦਾ ਅਨੰਦ ਯਾਤਰਾਵਾਂ ਕਰਨ ਤੇ ਸ਼ਾਖਾ ਮੀਟਿੰਗਾਂ ਲਗਾਉਣ ਲਈ ਲਿਆ।
ਕੀ ਆਰ.ਐੱਸ.ਐੱਸ. ਇਹ ਦੱਸ ਸਕੇਗੀ ਕਿ ਆਯੋਧਿਆ ਪ੍ਰਤੀਸ਼ਟਾ ਸਮਾਗਮ ਸੰਬੰਧੀ ਜਦੋਂ ਹਿੰਦੂ ਸ਼ੰਕਰਾਚਾਰੀਆ ਮੋਦੀ ਦੇ ਅਣਉਚਿਤ ਕਾਰਜਾਂ ’ਤੇ ਸਵਾਲ ਉਠਾ ਰਹੇ ਸਨ ਤਾਂ ਉਹ ਚੁੱਪ ਕਿਉਂ ਸਨ?
ਅੱਜ ਮੋਹਨ ਭਾਗਵਤ ਮਨੀਪੁਰ ਵਿੱਚ ਹਿੰਸਾ ਦੀ ਗੱਲ ਕਰਦੇ ਹਨ, ਉੱਥੋਂ ਦੇ ਲੋਕਾਂ ਦੀ ਬੇਚੈਨੀ ਅਤੇ ਸਰਕਾਰ ਦੀ ਚੁੱਪੀ ’ਤੇ ਸਵਾਲ ਉਠਾ ਰਹੇ ਹਨ ਪਰ ਉਹਨਾਂ ਨੇ ਉਹਨਾਂ ਸਮਿਆਂ ਵਿੱਚ ਚੁੱਪ ਕਿਉਂ ਵੱਟੀ ਰੱਖੀ ਜਦੋਂ ਮਨੀਪੁਰ ਵਿੱਚ ਔਰਤਾਂ ਦੀ ਬੇਹੁਰਮਤੀ ਹੋ ਰਹੀ ਸੀ ਤੇ ਦੇਸ਼ ਵਿੱਚ ਕੁਹਰਾਮ ਮਚਿਆ ਹੋਇਆ ਸੀ ਅਤੇ ਨਰੇਂਦਰ ਮੋਦੀ ਨੇ ਆਪਣੇ ਮੁਖਾਰਬਿੰਦ ਤੋਂ ਇੱਕ ਵੀ ਸ਼ਬਦ ਨਹੀਂ ਸੀ ਉਚਾਰਿਆ। ਜਦਕਿ ਦੇਸ਼ ਦੀ ਵਿਰੋਧੀ ਧਿਰ ਨੇ ਲੋਕ ਸਭਾ ਵਿੱਚ ਇਸ ਸੰਬੰਧੀ ਕੰਮ ਰੋਕੂ ਮਤਾ ਲਿਆਂਦਾ ਸੀ ਤਾਂ ਕਿ ਚਰਚਾ ਹੋਵੇ, ਪਰ ਸਰਕਾਰ ਦੜ ਵੱਟਕੇ ਬੈਠੀ ਰਹੀ।
ਮੋਦੀ ਦੇ ਸ਼ਾਸਨ-ਪ੍ਰਸ਼ਾਸਨ ਸੰਬੰਧੀ ਮੋਹਨ ਭਾਗਵਤ ਤੇ ਆਰ.ਐੱਸ.ਐੱਸ. ਉਦੋਂ ਤਕ ਚੁੱਪ ਬੈਠੇ ਰਹੇ, ਜਦੋਂ ਤਕ ਨਰੇਂਦਰ ਮੋਦੀ ਉਹਨਾਂ ਦੇ ਆਸ਼ਿਆਂ ਅਨੁਸਾਰ ਕੰਮ ਕਰਦਾ ਰਿਹਾ। ਅੱਜ ਜਦੋਂ ਲੋਕਾਂ ਨੇ ਨਰੇਂਦਰ ਮੋਦੀ ਦੀ ਤਾਨਾਸ਼ਾਹੀ ਸੋਚ ਦਾ ਜਵਾਬ ਦਿੱਤਾ ਹੈ ਤਾਂ ਆਰ.ਐੱਸ.ਐੱਸ. ਸੁਤ ਉਨੀਂਦੀ ਉੱਠ ਬੈਠੀ ਹੈ ਅਤੇ ਸਾਰਾ ਦੋਸ਼ ਨਰੇਂਦਰ ਮੋਦੀ ’ਤੇ ਮੜ੍ਹਨ ਦਾ ਯਤਨ ਹੋ ਰਿਹਾ ਹੈ।
ਪਰ ਕੀ ਇਹ ਸੱਚ ਹੈ? ਸ਼ਾਇਦ ਇਹ ਇੰਜ ਨਹੀਂ ਹੈ। ਇਹ ਪਿਉ (ਆਰ.ਐੱਸ.ਐੱਸ.) ਵੱਲੋਂ ਆਪਣੇ ਪੁੱਤ (ਨਰੇਂਦਰ ਮੋਦੀ) ਲਈ ਮਿੱਠੀਆਂ ਘੂਰੀਆਂ ਹਨ।
ਪ੍ਰਧਾਨ ਮੰਤਰੀ ਮੋਦੀ ਨਿਰੰਕੁਸ਼ ਰੁਚੀਆਂ ਦਾ ਮਾਲਕ ਹੈ। ਉਸਦੀਆਂ ਨੀਤੀਆਂ ਇਸਦੀ ਤਾਈਦ ਕਰਦੀਆਂ ਹਨ। ਉਸ ਨੂੰ ਕੇਂਦਰੀਕਰਨ ਅਤੇ ਗਲਬਾ ਪਾਉਣ ਦੀ ਲਤ ਲੱਗੀ ਹੋਈ ਹੈ ਤੇ ਦੋ ਦਹਾਕਿਆਂ (ਜਾਂ ਉਸ ਤੋਂ ਵੱਧ) ਤੋਂ ਉਸਨੇ ਜੋ ਨਿਰੰਕੁਸ਼ ਤਾਕਤ ਮਾਣੀ ਹੈ, ਜਿਸਨੇ ਉਸਦੀ ਇਸ ਰੁਚੀ ਨੂੰ ਪਕੇਰਾ ਕੀਤਾ ਹੈ। ਅਸਲ ਵਿੱਚ ਕਈ ਸਾਲਾਂ ਤੋਂ ਉਹ ਬਿੱਗ ਬੌਸ, ਟੌਪ ਬੌਸ, ਇਕਮਾਤਰ ਤੇ ਸੁਪਰੀਮ ਬੌਸ ਦੀ ਭੂਮਿਕਾ ਨਿਭਾਉਂਦਾ ਆ ਰਿਹਾ ਹੈ। ਚੋਣਾਂ ਵਿੱਚ ਉਸਨੇ ਵਿਰੋਧੀਆਂ ਵਿਰੁੱਧ ਪ੍ਰਚੰਡ ਪ੍ਰਚਾਰ ਕੀਤਾ, ਮੁਸਲਮਾਨਾਂ ਖਿਲਾਫ ਬੇਹੱਦ ਸਖਤ ਟਿੱਪਣੀਆਂ ਕੀਤੀਆਂ। ਪਿਛਲੇ ਪੰਜ ਸਾਲ ਤਾਂ ਮੋਦੀ ਵਿੱਚ ਹੰਕਾਰ ਐਨਾ ਵਧਿਆ ਕਿ ਉਹ ਆਪਣੀ ਪਾਰਟੀ ਭਾਜਪਾ ਨਾਲੋਂ ਵੀ ਵੱਧ ਆਪਣੇ ਆਪ ਨੂੰ ਲੋਕਾਂ ਸਾਹਮਣੇ ਉੱਤਮ ਪੇਸ਼ ਕਰਦਾ ਨਜ਼ਰ ਆਇਆ। ਕੋਵਿਡ ਦੇ ਟੀਕਿਆਂ ਤੋਂ ਲੈ ਕੇ, ਬੱਸ ਅੱਡੇ ਤੋਂ ਹਵਾਈ ਅੱਡਿਆਂ ਤਕ ਮੋਦੀ ਜੀ, ਮੋਦੀ ਜੀ ਹੀ ਦਿਸੇ। ਹੰਕਾਰ ਦੀ ਹੱਦ ਤਾਂ ਉਦੋਂ ਹੋਈ ਜਦੋਂ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਟਾ ਉਹਨਾਂ ਨੇ ਖੁਦ ਕੀਤੀ, ਜਦਕਿ ਇਹ ਕੰਮ ਪੁਜਾਰੀਆਂ ਮਹੰਤਾਂ ਦਾ ਹੁੰਦਾ ਹੈ। ਇਸ ਸਮੇਂ ਦੌਰਾਨ ਹਿੰਦੂਆਂ, ਮੁਸਲਮਾਨਾਂ ਵਿੱਚ ਦਰਾੜ ਪਈ। ਨਾਗਰਿਕਤਾ ਕਾਨੂੰਨ ਸੋਧ ਨੂੰ ਲੈ ਕੇ ਮੁਸਲਮਾਨ ਸਮਾਜ ਵਿੱਚ ਇੰਨਾ ਡਰ ਪੈਦਾ ਹੋਇਆ ਕਿ ਦੇਸ਼ ਦੇ ਸ਼ਹਿਰਾਂ ਵਿੱਚ ਜਲਸੇ ਜਲੂਸ ਨਿਕਲੇ, ਪਰ ਪ੍ਰਧਾਨ ਮੰਤਰੀ ਜੀ ਦਾ ਕੋਈ ਬਿਆਨ ਨਹੀਂ ਆਇਆ। ਦੇਸ਼ ਵਿੱਚ ਬੁੱਲਡਜ਼ੋਰ ਨੀਤੀ ਚੱਲੀ, ਮੁਸਲਮਾਨਾਂ ਦੇ ਘਰ ਢਾਹੇ ਗਏ। ਇਸ ਸਭ ਕੁਝ ਦੇ ਕਾਰਨ ਮੋਦੀ ਦਾ ਅਕਸ ਲੋਕਾਂ ਵਿੱਚ ਵਿਗੜਿਆ। ਪਰ ਹੈਰਾਨੀ ਹੈ ਕਿ ਆਰ.ਐੱਸ.ਐੱਸ. ਜੋ ਆਮ ਲੋਕਾਂ ਵਿੱਚ ਵਿਚਰਦੀ ਹੈ, ਉਹ ਨਰੇਂਦਰ ਮੋਦੀ ਨੂੰ ਸ਼ੀਸ਼ਾ ਨਾ ਵਿਖਾ ਸਕੀ। ਉਹ ਮੋਦੀ ਦੀ ਤਾਕਤ ਤੋਂ ਡਰਦੀ ਸੀ ਅਤੇ ਹੁਣ ਜਦੋਂ ਉਹ ਕਮਜ਼ੋਰ ਹੋਏ ਹਨ ਤਾਂ ਆਰ.ਐੱਸ.ਐੱਸ ਬੋਲ ਰਹੀ ਹੈ। ਜਾਪਦਾ ਹੈ ਆਰ.ਐੱਸ.ਐੱਸ. ਉਸ ਸਮੇਂ ਤਕ ਚੁੱਪੀ ਧਾਰੀ ਬੈਠੀ ਰਹੀ, ਅਤੇ ਆਸ ਲਾਈ ਬੈਠੀ ਰਹੀ ਕਿ ਮੋਦੀ ਮੁੜ ਚੰਗੇਰੀ ਸੱਤਾ ਵਿੱਚ ਆ ਜਾਣਗੇ ਤੇ ਹਿੰਦੂ ਰਾਸ਼ਟਰ ਦਾ ਸੰਕਲਪ ਅਤੇ ਆਰ.ਐੱਸ.ਐੱਸ. ਵਿਚਾਰਧਾਰਾ ਜੋ ਉਹ ਦੇਸ਼ ਵਿੱਚ ਲਾਗੂ ਕਰਨਾ ਚਾਹੁੰਦੇ ਹਨ, ਉਹ ਪੂਰਾ ਹੋ ਜਾਏਗਾ।
ਸ਼ਾਇਦ ਉਹ ਇਸ ਸੰਬੰਧੀ ਉਂਵੇ ਹੀ ਗਲਤ ਫਹਿਮੀ ਵਿੱਚ ਰਹੇ ਜਿਵੇਂ ਕਿ ਨਰੇਂਦਰ ਮੋਦੀ ਆਪ ਸਨ ਕਿ ਉਹ 400 ਲੋਕ ਸਭਾ ਸੀਟਾਂ ਹਥਿਆ ਲੈਣਗੇ। ਉਹ ਅੰਤਰਰਾਸ਼ਟਰੀ ਪੱਧਰ ’ਤੇ ਹੁੰਦੀਆਂ ਇਹਨਾਂ ਚਰਚਾਵਾਂ ਤੋਂ ਅੱਖਾਂ ਮੀਟੀ ਬੈਠੇ ਰਹੇ ਕਿ ਭਾਰਤ ਹੁਣ ਅਲੋਕਤੰਤਰਿਕ ਬਣ ਗਿਆ ਹੈ, ਜਿੱਥੇ ਸੈਕੂਲਰ ਅਤੇ ‘ਲੋਕਤੰਤਰ’ ਦੇ ਅਰਥ ਹੀ ਬਦਲ ਗਏ ਹਨ।
ਕੀ ਆਰ.ਐੱਸ.ਐੱਸ. ਇਸ ਗੱਲ ਤੋਂ ਜਾਣੂ ਨਹੀਂ ਸੀ ਕਿ ਪ੍ਰਧਾਨ ਮੰਤਰੀ ਆਪਣੇ ਸਾਥੀ ਮੰਤਰੀਆਂ ਦੀ ਅਣਦੇਖੀ ਕਰਦਾ ਹੈ, ਵਿਰੋਧੀ ਧਿਰ ਦਾ ਅਪਮਾਨ ਕਰਦਾ ਹੈ। ਪ੍ਰੈੱਸ ਨੂੰ ਨੱਥ ਪਾਕੇ ਨਚਾਉਂਦਾ ਹੈ ਅਤੇ ਸੰਸਥਾਵਾਂ ਦੀ ਖੁਦਮੁਖ਼ਤਾਰੀ ਨੂੰ ਭੰਗ ਕਰਦਾ ਹੈ ਅਤੇ ਇਹੀ ਨਹੀਂ, ਉਹ ਸੂਬਿਆਂ ਦੇ ਹੱਕਾਂ ਅਤੇ ਹਿਤਾਂ ਦਾ ਵੀ ਤ੍ਰਿਸਕਾਰ ਕਰਦਾ ਹੈ, ਖਾਸਕਰ ਉਹਨਾਂ ਸੂਬਿਆਂ ਦੇ ਜਿਹਨਾਂ ਵਿੱਚ ਪ੍ਰਧਾਨ ਮੰਤਰੀ ਦੀ ਪਾਰਟੀ ਤੋਂ ਬਿਨਾਂ ਕੋਈ ਹੋਰ ਪਾਰਟੀ ਰਾਜ ਕਰ ਰਹੀ ਹੁੰਦੀ ਹੈ।
ਆਰ.ਐੱਸ.ਐੱਸ. ਦੀ ਚੁੱਪੀ ਅਸਲ ਵਿੱਚ ਪ੍ਰਧਾਨ ਮੰਤਰੀ ਨੂੰ ਥਾਪੀ ਸੀ। ਇਸੇ ਥਾਪੀ ਦੇ ਸਿਰ ’ਤੇ ਨਰੇਂਦਰ ਮੋਦੀ ਤਾਕਤਾਂ ਦੀ ਵਰਤੋਂ, ਦੁਰਵਰਤੋਂ ਕਰਦਾ ਰਿਹਾ ਅਤੇ ਆਪਣੇ ਬੋਝੇ ਵਿੱਚ ਸੱਭੋ ਕੁਝ ਸਮੇਟਦਾ ਰਿਹਾ। ਆਰ.ਐੱਸ.ਐੱਸ. ਦੀ ਸ਼ਹਿ ’ਤੇ ਉਸ ਆਪਣਾ ਵਿਰਾਟ ਜਨੂੰਨੀ ਅਕਸ ਉਸਾਰਿਆ, ਖੁਦ ਨੂੰ ਇੱਕ ਆਜਿਹੇ ਵਿਅਕਤੀ ਜਾਂ ਆਗੂ ਵਜੋਂ ਪੇਸ਼ ਕੀਤਾ ਜੋ ਇਕੱਲਾ ਹੀ ਪਹਿਲਾਂ ਆਪਣੇ ਰਾਜ ਤੇ ਫਿਰ ਆਪਣੇ ਦੇਸ਼ ਨੂੰ ਖੁਸ਼ਹਾਲੀ ਤੇ ਮਹਾਨਤਾ ਵੱਲ ਲੈ ਜਾ ਸਕਦਾ ਹੈ। ਸਾਰੇ ਪ੍ਰਾਜੈਕਟਾਂ ਦਾ ਸਿਹਰਾ ਵੀ ਉਸ ਆਪਣੇ ਸਿਰ ਬੰਨ੍ਹਿਆ।
ਆਰ.ਐੱਸ.ਐੱਸ. ਨੇਤਾਵਾਂ ਦੇ ਦਿੱਤੇ ਹੋਏ ਇਹ ਬਿਆਨ ਨਰੇਂਦਰ ਮੋਦੀ ਦੀ ਨਖੇਧੀ ਨਹੀਂ, ਨਾ ਹੀ ਆਰ.ਐੱਸ.ਐੱਸ. ਵਿੱਚ ਪਣਪ ਰਹੀ ਕਿਸੇ ਧੜੇਬੰਦੀ ਦਾ ਸੰਕੇਤ ਹਨ, ਇਹ ਬਿਆਨ ਤਾਂ ਆਲੋਚਨਾਤਮਕ ਘੱਟ ਸਗੋਂ ਉਸਾਰੂ ਸਲਾਹ ਵੱਧ ਹਨ। ਇਹ ਤਾਂ ਇੱਕ ਨੂਰਾ ਕੁਸ਼ਤੀ ਹੈ, ਰਲ ਕੇ ਲੜੀ ਜਾ ਰਹੀ ਸੰਕੇਤਕ ਕੁਸ਼ਤੀ।
ਸਹੀ ਗੱਲ ਤਾਂ ਇਹ ਹੇ ਕਿ ਆਰ.ਐੱਸ.ਐੱਸ. ਅਤੇ ਭਾਜਪਾ ਦਾ ਤਾਣਾਬਾਣਾ ਇੱਕ ਦੂਜੇ ਨਾਲ ਬੱਝਿਆ ਹੋਇਆ ਹੈ, ਜਿਹਨਾਂ ਦੀਆਂ ਨੀਤੀਆਂ ਅਤੇ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਸੋਚ ਵਿੱਚ ਨਾ ਕੋਈ ਵਖਰੇਵਾਂ ਹੈ ਅਤੇ ਨਾ ਹੀ ਕੋਈ ਅਸਪਸ਼ਟਤਾ। ਨਰੇਂਦਰ ਮੋਦੀ ਆਰ.ਐੱਸ.ਐੱਸ. ਦਾ ਅਜੰਡਾ ਲਾਗੂ ਕਰਨ ਲਈ ਇੱਕ ਸਫ਼ਲ ਕਾਰਕ ਸਾਬਤ ਹੋ ਰਿਹਾ ਹੈ। ਉਸ ਵਿਰੁੱਧ ਆਰ.ਐੱਸ.ਐੱਸ. ਇੱਕ ਕਦਮ ਵੀ ਨਹੀਂ ਤੁਰ ਸਕਦਾ, ਸਗੋਂ ਸਮੇਂ-ਸਮੇਂ ਜਿੱਥੇ ਉਸਦੀ ਤਾਕਤ ਘਟੇਗੀ, ਉੱਥੇ ਉੱਥੇ ਆਰ.ਐੱਸ.ਐੱਸ. ਉਸ ਨਾਲ ਇੱਕ ਸਹਿਯੋਗੀ ਵਜੋਂ ਦਿਸੇਗਾ।
ਅੰਤਿਕਾ
ਦੇਸ਼ ਵਿੱਚ ਤਿੰਨ ਪ੍ਰਮੁੱਖ ਸੰਸਥਾਵਾਂ/ਜਥੇਬੰਦੀਆਂ ਨੇ ਆਪਣਾ ਇੱਕ ਸਦੀ ਜਾਂ ਇਸ ਤੋਂ ਵੱਧ ਸਫ਼ਰ ਤੈਅ ਕਰ ਲਿਆ ਹੈ, ਇਹ ਹਨ: ਇੰਡੀਅਨ ਨੈਸ਼ਨਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਰ.ਐੱਸ.ਐੱਸ.।
ਆਰ.ਐੱਸ.ਐੱਸ. ਦੀ ਗੈਰ-ਲਾਭਕਾਰੀ ਗ਼ੈਰ-ਸਿਆਸੀ ਸੰਸਥਾ ਦੇ ਤੌਰ ’ਤੇ 27 ਸਤੰਬਰ 1925 ਨੂੰ ਸਥਾਪਨਾ ਹੋਈ ਜਿਸਦਾ ਮੁੱਖ ਅਜੰਡਾ ਹਿੰਦੂ ਰਾਸ਼ਟਰਵਾਦ ਅਤੇ ਹਿੰਦੂਤਵ ਸੀ। ਇਸ ਸੰਸਥਾ ਦੇ 50 ਤੋਂ 60 ਲੱਖ ਮੈਂਬਰ ਹਨ ਅਤੇ 56859 ਸ਼ਖਾਵਾਂ ਹਨ। ਜਨਸੰਘ ਅਤੇ ਭਾਜਪਾ ਨੂੰ ਇਸ ਸੰਸਥਾ ਨੇ ਸਿਆਸੀ ਉਭਾਰ ਦਿੱਤਾ।
ਇੰਡੀਅਨ ਨੈਸ਼ਨਲ ਕਾਂਗਰਸ 28 ਦਸੰਬਰ 1885 ਨੂੰ ਸਥਾਪਿਤ ਹੋਈ। ਇਸਦੇ 5 ਕਰੋੜ 50 ਲੱਖ ਮੈਂਬਰ ਹਨ। ਇਹ ਦੇਸ਼ ਦੀ ਪਹਿਲੀ ਪੁਰਾਣੀ ਸਿਆਸੀ ਪਾਰਟੀ ਹੈ। ਸਮਾਨਤਾ ਅਤੇ ਸਮਾਜਿਕ ਲੋਕਤੰਤਰ ਇਸਦੇ ਮੁੱਖ ਮੰਤਵ ਹਨ। ਦੇਸ਼ ਦੀ ਆਜ਼ਾਦੀ ਵਿੱਚ ਇਸਦੀ ਪ੍ਰਮੁੱਖ ਭੂਮਿਕਾ ਰਹੀ।
ਸ਼੍ਰੋਮਣੀ ਅਕਾਲੀ ਦਲ 14 ਦਸੰਬਰ 1920 ਨੂੰ ਸਥਾਪਿਤ ਹੋਇਆ। ਇਸ ਸੰਸਥਾ ਦਾ ਮੁੱਖ ਉਦੇਸ਼ ਸਿੱਖ ਧਰਮ ਅਤੇ ਸਿੱਖਾਂ ਦੇ ਹੱਕਾਂ ਦੀ ਰਾਖੀ ਮਿਥਿਆ ਗਿਆ। ਇਹ ਦੇਸ਼ ਦੀ ਦੂਜੀ ਪੁਰਾਣੀ ਸਿਆਸੀ ਪਾਰਟੀ ਹੈ। ਇਸ ਨੂੰ ਦੇਸ਼ ਵਿੱਚ ਕੁਰਬਾਨੀਆਂ ਕਰਨ ਵਾਲੀ ਪਾਰਟੀ ਵਜੋਂ ਵੀ ਜਾਣਿਆ ਗਿਆ।
ਦੇਸ਼ ਦੀ ਪਹਿਲੀ ਤੇ ਦੂਜੀ ਸਿਆਸੀ ਪਾਰਟੀ ਪਿਛਲੇ ਦਹਾਕੇ ਵਿੱਚ ਲਗਾਤਾਰ ਨਿਘਾਰ ਵੱਲ ਗਈਆਂ ਪਰ ਇਹਨਾਂ ਦੀਆਂ ਦੇਸ਼ ਦਾ ਆਜ਼ਾਦੀ ਲਈ ਅਤੇ ਦੇਸ਼ ਕੁਰਬਾਨੀਆਂ ਨਿਰਮਾਣ ਵਿੱਚ ਪ੍ਰਾਪਤੀਆਂ ਵੱਡੀਆਂ ਰਹੀਆਂ।
ਆਰ.ਐੱਸ.ਐੱਸ. ਸਿਆਸੀ ਪਾਰਟੀ ਨਾ ਹੋ ਕੇ ਵੀ ਲਗਾਤਾਰ ਪਿੱਛੇ ਰਹਿ ਕੇ ਸਿਆਸੀ ਖੇਡ ਖੇਡਦੀ ਹੈ ਅਤੇ ਹਿੰਦੂ ਰਾਸ਼ਟਰ ਨਿਰਮਾਣ ਵਿੱਚ ਗਤੀਸ਼ੀਲਤਾ ਨਾਲ ਕੰਮ ਕਰਨ ਲਈ ਜਾਣੀ ਜਾਂਦੀ ਹੈ।
* * * * *
ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(5065)
ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)