GurmitPalahi7ਸਰਕਾਰੀ ਨੀਤੀਆਂ ਅਤੇ ਕਾਨੂੰਨ ਸਭ ਕਾਗਜ਼ੀ ਦਿਸ ਰਹੇ ਹਨ। ਇਕੱਲੇ ਇਕਹਿਰੇ ਯਤਨ ਪੰਜਾਬ ਦੇ ਵਿਗੜ ਰਹੇ ਵਾਤਾਵਰਣ ਨੂੰ ...
(17 ਜੁਲਾਈ 2024)
ਇਸ ਸਮੇਂ ਪਾਠਕ: 560.


ਪੰਜਾਬ ਵਿੱਚ ਵਾਤਾਵਰਣ ਦਾ ਨਿਘਾਰ ਲਗਾਤਾਰ ਜਾਰੀ ਹੈ
ਜੰਗਲਾਂ ਦੀ ਅੰਨ੍ਹੇਵਾਹ ਕਟਾਈ ਇਸਦਾ ਵੱਡਾ ਕਾਰਣ ਹੈਦੇਸ਼ ਦੀ ਵੰਡ ਵੇਲੇ ਪੰਜਾਬ ਵਿੱਚ ਜੰਗਲਾਤ ਤਹਿਤ ਰਕਬਾ 40 ਫੀਸਦੀ ਸੀ, ਜੋ ਹੁਣ ਘਟ ਕੇ 3.7 ਫੀਸਦੀ ਰਹਿ ਗਿਆ ਹੈਮਾਹਿਰਾਂ ਦੀ ਰਾਇ ਅਨੁਸਾਰ ਵਸੋਂ ਲਈ ਵਧੀਆ ਵਾਤਾਵਰਣ ਵਾਸਤੇ ਧਰਤੀ ਦੇ 33 ਫੀਸਦੀ ਹਿੱਸੇ ਉੱਪਰ ਜੰਗਲ ਹੋਣਾ ਜ਼ਰੂਰੀ ਹੈਫ਼ਿਕਰ ਵਾਲੀ ਗੱਲ ਤਾਂ ਇਹ ਹੈ ਕਿ ਪੰਜਾਬ ਦਾ ਜੋ ਜੰਗਲੀ ਰਕਬਾ ਬਚਿਆ-ਖੁਚਿਆ ਹੈ, ਉਹ ਮਕਾਨ ਉਸਾਰੀ ਅਤੇ ਉਦਯੋਗਿਕ ਪਸਾਰੇ ਦੀ ਮਾਰ ਹੇਠ ਹੈ

ਪੰਜਾਬ ਦੀ ਆਬੋ-ਹਵਾ ਪਲੀਤ ਹੋ ਰਹੀ ਹੈਸੂਬੇ ਵਿੱਚ ਪੀਣ ਵਾਲੇ ਪਾਣੀ ਦੀ ਘਾਟ ਹੋ ਗਈ ਹੈਗੰਦੇ ਪਾਣੀ ਨੇ ਸਾਡੇ ਸਾਫ਼-ਸੁਥਰੇ ਦਰਿਆਵਾਂ ਦਾ ਪਾਣੀ ਤਕ ਗਲੀਜ਼ ਕਰ ਦਿੱਤਾ ਹੈਇਹ ਪਾਣੀ ਕੈਂਸਰ ਆਦਿ ਭਿਆਨਕ ਬਿਮਾਰੀਆਂ ਨੂੰ ਜਨਮ ਦੇ ਰਿਹਾ ਹੈਕੋਇਲੇ ਨਾਲ ਚੱਲਣ ਵਾਲੇ ਬਿਜਲੀ ਕਾਰਖਾਨਿਆਂ ਵਿੱਚੋਂ ਨਿਕਲਦੇ ਰਸਾਇਣ, ਵਿਕੀਰਨ ਕਿਰਨਾਂ ਤੇ ਬਦਬੂਦਾਰ ਹਵਾ ਨੇ ਨਵਜੰਮੇ ਬੱਚਿਆਂ ਦੇ ਦਿਮਾਗ਼ ਅਤੇ ਜਿਸਮਾਂ ਵਿੱਚ ਨਿਰਯੋਗਤਾ ਲੈ ਆਂਦੀ ਹੈਪੰਜਾਬ ਦੀ ਹਵਾ ਦੂਸ਼ਿਤ ਹੈ, ਪੰਜਾਬ ਦਾ ਪਾਣੀ ਗੰਧਲਾ ਹੈ, ਪਾਣੀ ਦੀ ਥੁੜ ਪੰਜਾਬ ਨੂੰ ਚਿਤਾਵਨੀ ਦੇ ਰਹੀ ਹੈ - ਕੀ ਪੰਜਾਬ, ਹਵਾ, ਪਾਣੀ ਤੇ ਅੰਨ ਤੋਂ ਬਿਨਾਂ ਆਪਣੀ ਹੋਂਦ ਦੀ ਕਲਪਨਾ ਵੀ ਕਰ ਸਕਦਾ ਹੈ?

ਵੀਹਵੀਂ ਸਦੀ ਦੇ ਸ਼ੁਰੂ ਵਿੱਚ ਵਧਦੀ ਹੋਈ ਵਸੋਂ ਕਾਰਨ ਜਦੋਂ ਦੇਸ਼ ਭੁੱਖਮਰੀ ਦੇ ਕਿਨਾਰੇ ਸੀ, ਅੰਗਰੇਜ਼ੀ ਸ਼ਾਸਨ ਦੌਰਾਨ ਪੰਜਾਬ ਦੇ ਮਿਹਨਤਕਸ਼ ਕਿਸਾਨਾਂ-ਮਜ਼ਦੂਰਾਂ ਨੇ ਪਾਣੀ ਦੇ ਬਲਬੂਤੇ ਪੰਜਾਬ ਵਿੱਚ ਅੰਨ ਉਗਾ ਕੇ ਦੇਸ਼ ਦੀ ਬਾਂਹ ਫੜੀ ਸੀਅਜ਼ਾਦੀ ਤੋਂ ਬਾਅਦ ਫਿਰ ਇੱਕ ਵਾਰ ਹਰੇ ਇਨਕਲਾਬ ਦੌਰਾਨ ਪੰਜਾਬੀ ਕਿਸਾਨਾਂ ਨੇ ਧਰਤੀ ਦਾ ਸੀਨਾ ਪਾੜ ਕੇ ਤੇ ਪੰਜਾਬ ਦੀ ਧਰਤੀ ਹੇਠਲੇ ਪਾਣੀਆਂ ਦੀ ਇੰਤਹਾ ਵਰਤੋਂ ਕਰਕੇ ਦੇਸ਼ ਵਿੱਚ ਭੁੱਖੇ ਲੋਕਾਂ ਦੇ ਮੂੰਹ ਅਨਾਜ ਪਾਇਆ ਸੀਪਰ ਪੰਜਾਬ ਨੂੰ ਇਸਦੀ ਕੀਮਤ ਹੁਣ ਚੁਕਾਉਣੀ ਪੈ ਰਹੀ ਹੈਧਰਤੀ ਹੇਠਲਾ ਪਾਣੀ ਇਸ ਕਦਰ ਮੁੱਕਦਾ ਜਾ ਰਿਹਾ ਹੈ ਤੇ ਮਾਹਿਰਾਂ ਵੱਲੋਂ ਚਿਤਾਵਨੀ ਮਿਲ ਰਹੀ ਹੈ ਕਿ ਜੇਕਰ ਪੰਜਾਬ ਦੇ ਪੰਜ ਦਰਿਆਵਾਂ (ਢਾਈ ਦਰਿਆਵਾਂ) ਦੀ ਧਰਤੀ ਪੰਜਾਬ ਦੇ ਪਾਣੀ ਦੀ ਇੰਜ ਹੀ ਵਰਤੋਂ ਹੁੰਦੀ ਰਹੀ ਤਾਂ 21ਵੀਂ ਸਦੀ ਦੇ ਅੱਧ ਜਿਹੇ ਵਿੱਚ ਯਾਨਿ ਅਗਲੇ 20 ਵਰ੍ਹਿਆਂ ਵਿੱਚ ਹੀ ਪੰਜਾਬ ਦੀ ਧਰਤੀ ਮਾਰੂਥਲ ਬਣ ਜਾਏਗੀ

ਉਂਝ ਪੰਜਾਬ ਹੀ ਨਹੀਂ, ਪੂਰਾ ਦੇਸ਼ ਧਰਤੀ ਹੇਠਲੇ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈਸੰਨ 2021 ਦੀ ਇੱਕ ਸਰਕਾਰੀ ਰਿਪੋਰਟ ਅਨੁਸਾਰ 2004 ਤੋਂ 2017 ਦੇ ਵਿਚਕਾਰ ਭਾਰਤ ਵਿੱਚ ਧਰਤੀ ਹੇਠਲੇ ਪਾਣੀ ਦੀ ਵਰਤੋਂ 58 ਤੋਂ 63 ਫੀਸਦੀ ਵਧੀ ਹੈਜੇਕਰ ਧਰਤੀ ਹੇਠਲੇ ਪਾਣੀ ਦੀ ਸਥਿਤੀ ਇਹੋ ਜਿਹੀ ਹੀ ਰਹੀ ਤਾਂ ਪੀਣ ਵਾਲੇ ਪਾਣੀ ਦੀਆਂ ਪ੍ਰੇਸ਼ਾਨੀਆਂ 80 ਫੀਸਦੀ ਤਕ ਵਧ ਜਾਣਗੀਆਂਗਰਮੀਆਂ ਦੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਪਾਣੀ ਦੀ ਕਿੱਲਤ ਆ ਜਾਂਦੀ ਹੈਪਾਣੀ ਲਈ ਹਿੰਸਕ ਝਗੜੇ ਹੁੰਦੇ ਹਨਅਜਮੇਰ (ਰਾਜਸਥਾਨ) ਦੇ ਇੱਕ ਵਕੀਲ ਨੇ ਇਸ ਕਰਕੇ ਖੁਦਕੁਸ਼ੀ ਕਰ ਲਈ ਕਿ ਸਾਧਨ ਹੋਣ ਦੇ ਬਾਵਜੂਦ ਵੀ ਉਹ ਆਪਣੇ ਪਰਿਵਾਰ ਲਈ ਪਾਣੀ ਦਾ ਵਾਜਬ ਪ੍ਰਬੰਧ ਨਹੀਂ ਕਰ ਸਕਿਆ

ਹਾਲਾਤ ਪੰਜਾਬ ਵਿੱਚ ਵੀ ਚਿੰਤਾਜਨਕ ਹਨਪੰਜਾਬ ਵਿੱਚ ਸਿੰਚਾਈ ਦੇ ਸਾਧਨਾਂ ਦਾ ਮੁੱਖ ਸਰੋਤ ਧਰਤੀ ਹੇਠਲਾ ਪਾਣੀ ਹੈਨਹਿਰੀ ਪਾਣੀ ਦੀ ਵਰਤੋਂ ਪੂਰੀ ਤਰ੍ਹਾਂ ਨਹੀਂ ਹੋ ਰਹੀਬਰਸਾਤੀ ਪਾਣੀ ਨੂੰ ਸੰਭਾਲਿਆ ਨਹੀਂ ਜਾ ਰਿਹਾਪੰਜਾਬ ਦੀਆਂ ਝੀਲਾਂ ਤੇ ਜਲਗਾਹ ਦਿਨ-ਬ-ਦਿਨ ਘਟ ਰਹੇ ਹਨਵੰਡ ਤੋਂ ਬਾਅਦ ਇਹਨਾਂ ਦਾ ਰਕਬਾ ਅੱਧ ਫੀਸਦੀ ਤੋਂ ਵੀ ਘੱਟ ਹੈਹਰੀਕੇ, ਰੋਪੜ, ਕਾਂਜਲੀ, ਰਣਜੀਤ ਸਾਗਰ ਅਤੇ ਨੰਗਲ ਦੀਆਂ ਝੀਲਾਂ ਵੱਲ ਤਾਂ ਥੋੜ੍ਹਾ ਧਿਆਨ ਦਿੱਤਾ ਜਾਂਦਾ ਹੈ ਪਰ ਕਾਹਨੂੰਵਾਨ ਛੰਭ, ਬਰੋਟਾ, ਲਹਿਲ ਕਲਾਂ ਵਰਗੀਆਂ ਝੀਲਾਂ ਨਜ਼ਰਅੰਦਾਜ਼ ਹਨਪਿੰਡਾਂ ਵਿੱਚ ਛੱਪੜ, ਸ਼ਹਿਰਾਂ ਵਿੱਚ ਤਲਾਅ ਲਗਭਗ ਪੱਧਰੇ ਕਰ ਦਿੱਤੇ ਗਏ ਹਨ ਅਜੋਕੇ ਪੰਜਾਬ ਦੇ ਹਾਲਾਤ ਇਹ ਹਨ ਕਿ ਅਸੀਂ ਜਿੰਨਾ ਪਾਣੀ ਧਰਤੀ ਵਿੱਚੋਂ ਕੱਢਦੇ ਹਾਂ ਉਹਦਾ ਅੱਧਾ-ਕੁ ਹੀ ਧਰਤੀ ਨੂੰ ਵਾਪਸ ਕਰਦੇ ਹਾਂਰੀ-ਚਾਰਜਿੰਗ ਕਰਨਾ ਤਾਂ ਅਸੀਂ ਭੁੱਲ ਹੀ ਗਏ ਹਾਂਰੀ-ਚਾਰਜਿੰਗ ਤਾਂ ਮੀਂਹ ਜਾਂ ਦਰਿਆਵਾਂ ਦੇ ਪਾਣੀ ਦੇ ਜੀਰਣ ਨਾਲ ਹੁੰਦੀ ਹੈ, ਜਦੋਂ ਇਹ ਪਾਣੀ ਧਰਤੀ ਦੀਆਂ ਪਰਤਾਂ ਵਿੱਚ ਦੀ ਛਣਕੇ ਐਕੂਈਫ਼ਰਜ਼ ਨੂੰ ਫਿਰ ਤੋਂ ਲਬਰੇਜ ਕਰਦਾ ਹੈ, ਪਰ ਅਸੀਂ ਧਰਤੀ ਹੇਠਲੇ ਪਾਣੀ ਦੇ ਪੱਤਣਾਂ ਦੀ ਪ੍ਰਵਾਹ ਕਰਨੀ ਹੀ ਛੱਡ ਦਿੱਤੀ ਹੈਸਿੱਟਾ ਖੂਹਾਂ ਦਾ ਮਿੱਠਾ ਪਾਣੀ, ਜੋ ਤਿੰਨ-ਚਾਰ ਮੀਟਰ ’ਤੇ ਹੀ ਸਾਨੂੰ ਮਿਲ ਜਾਂਦਾ ਸੀ, ਹੁਣ ਉਸ ਲਈ ਤਾਂ ਅਸੀਂ ਜਿਵੇਂ ਤਰਸ ਹੀ ਗਏ ਹਾਂ

ਪੰਜਾਬ ਦੇ ਖੇਤਾਂ ਦੀ 75 ਫੀਸਦੀ ਸਿੰਚਾਈ ਦਰਿਆਵਾਂ ਜਾਂ ਨਹਿਰਾਂ ਦੀ ਬਜਾਇ ਧਰਤੀ ਹੇਠਲੇ ਪਾਣੀ ਜਾਂ ਟਿਊਬਵੈੱਲਾਂ ਰਾਹੀਂ ਹੋ ਰਹੀ ਹੈਬੇਕਾਬੂ ਘਰੇਲੂ ਖਪਤ ਤੇ ਅੰਨ੍ਹੇਵਾਹ ਪਾਣੀ ਦੀ ਸਨਅਤੀ ਵਰਤੋਂ ਵੀ ਨਿਘਾਰ ਦਾ ਕਾਰਨ ਹੈ, ਉੱਪਰੋਂ ਆਲਮੀ ਤਪਸ਼ ਤੇ ਜੰਗਲਾਂ ਦੀ ਕਟਾਈ ਨੇ ਮੀਹਾਂ ਦੀ ਕਿੱਲਤ ਪੈਦਾ ਕੀਤੀ ਹੈਹਾਲਾਤ ਇਹ ਹਨ ਕਿ 23 ਜ਼ਿਲ੍ਹਿਆਂ ਵਿੱਚੋਂ 18 ਜ਼ਿਲ੍ਹਿਆਂ ਵਿੱਚ ਧਰਤੀ ਹੇਠਲੇ ਪੀਣਯੋਗ ਪਾਣੀ ਦਾ ਪੱਧਰ ਹਰ ਸਾਲ ਇੱਕ ਮੀਟਰ ਦੇ ਕਰੀਬ ਘਟ ਰਿਹਾ ਹੈ

ਜਿੱਥੇ ਜੰਗਲਾਂ ਦੀ ਕਟਾਈ ਨੇ ਪੰਜਾਬ ਪਲੀਤ ਕੀਤਾ ਹੈ, ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਤੇ ਗੰਦੇ ਪਾਣੀ ਨੇ ਪੰਜਾਬ ਲਈ ਚੈਲਿੰਜ ਖੜ੍ਹੇ ਕੀਤੇ ਹੋਏ ਹਨ, ਉੱਥੇ ਮਸ਼ੀਨੀ ਖੇਤੀ ਤੋਂ ਪੈਦਾ ਹੋਣ ਵਾਲਾ ਪ੍ਰਦੂਸ਼ਣ ਪੰਜਾਬ ਨੂੰ ਤਬਾਹੀ ਦੇ ਕੰਢੇ ਲੈ ਜਾ ਰਿਹਾ ਹੈ

ਦੇਸ਼ ਵਿੱਚ ਕਣਕ ਦੀ ਪੈਦਾਵਾਰ ਦਾ 60 ਫੀਸਦੀ ਤੇ ਚੋਲਾਂ ਦਾ 40 ਫੀਸਦੀ ਪੰਜਾਬ ਵਿੱਚ ਰਿਸਾਇਣਾਂ ਦੀ ਖੁਰਾਕ ਨਾਲ ਪੈਦਾ ਹੁੰਦਾ ਹੈਰਿਸਾਇਣਕ ਖਾਦਾਂ, ਨਦੀਨ ਨਾਸ਼ਕਾਂ ਤੇ ਕੀਟਨਾਸ਼ਕਾਂ ਦੀ ਹੱਦੋਂ ਵੱਧ ਵਰਤੋਂ ਨੇ ਮਿੱਟੀ ਤੇ ਪਾਣੀ, ਦੋਵਾਂ ਨੂੰ ਜ਼ਹਿਰੀਲਾ ਬਣਾਉਣ ਦੇ ਨਾਲ-ਨਾਲ ਖੇਤੀ ਨੂੰ ਜੈਵਿਕ ਤੌਰ ’ਤੇ ਮਾਲਾ-ਮਾਲ ਕਰਨ ਵਾਲੇ ਜ਼ਰੂਰੀ ਤੱਤਾਂ ਤੋਂ ਮਹਿਰੂਮ ਕਰ ਦਿੱਤਾ ਹੈਹੁਣ ਮਿੱਟੀ ਦੀ ਤਾਸੀਰ ਪੌਸ਼ਟਿਕਤਾ ਤੋਂ ਇਸ ਕਦਰ ਵਾਂਝੀ ਹੋ ਗਈ ਹੈ ਕਿ ਬਿਨਾਂ ਰਸਾਇਣਾਂ ਦੇ ਸਹਾਰੇ ਤੋਂ ਇਹ ਆਪਣੇ ਬਲਬੂਤੇ ਕੁਝ ਵੀ ਉਪਜਾਉਣ ਜੋਗੀ ਨਹੀਂ ਰਹੀਫਸਲਾਂ ਦੀਆਂ ਬਿਮਾਰੀਆਂ ’ਤੇ ਵੀ ਹੁਣ ਰਸਾਇਣ ਅਸਰ ਕਰਨੋਂ ਹਟ ਗਏ ਹਨ, ਜਿਸ ਕਰਕੇ ਹੋਰ ਵੀ ਮਹਿੰਗੇ ਨਵੀਆਂ ਕਿਸਮਾਂ ਦੇ ਰਸਾਇਣਾਂ ਦੀ ਵਰਤੋਂ ਕਰਨੀ ਪੈਂਦੀ ਹੈਇਹਨਾਂ ਰਸਾਇਣਾਂ ਨੇ ਕਈ ਥਾਈਂ ਭੂਮੀਗਤ ਪਾਣੀ ਸਲੂਣਾ ਤੇ ਜ਼ਹਿਰੀਲਾ ਕਰ ਦਿੱਤਾ ਹੈਸਿੱਟਾ ਇਹ ਹੈ ਕਿ ਰਸਾਇਣਕ ਖੇਤੀ ਨੇ ਪਾਣੀ ਤੇ ਹਵਾ, ਦੋਵਾਂ ਦੇ ਪ੍ਰਦੂਸ਼ਣ ਕਾਰਨ ਕੈਂਸਰ ਦੀ ਬਿਮਾਰੀ ਭਿਆਨਕ ਰੂਪ ਵਿੱਚ ਪੰਜਾਬ ਵਿੱਚ ਧਾਰਨ ਕਰ ਗਈ ਹੈ

ਪੰਜਾਬ ਵਿੱਚ ਲੋਕਾਂ ਦੀ ਜੀਵਨ ਸ਼ੈਲੀ ਬਦਲ ਗਈ ਹੈਗੱਡੀਆਂ ਦੀ ਗਿਣਤੀ ਵਧ ਗਈ ਹੈ, ਆਵਾਜਾਈ ਵਧ ਗਈ ਹੈ, ਜਿਸ ਕਾਰਣ ਹਾਦਸੇ ਵਧ ਗਏ ਹਨਏਅਰ ਕੰਡੀਸ਼ਨਰ ਵਧੇ ਹਨ, ਪਲਾਸਟਿਕ ਦੇ ਲਫ਼ਾਫ਼ੇ, ਬੋਤਲਾਂ, ਥੈਲਿਆਂ ਦੀ ਵਰਤੋਂ ਖ਼ਤਰਨਾਕ ਹੱਦ ਤਕ ਹੋਈ ਹੈਪੱਛਮੀ ਤਰਜ਼ ਦੀਆਂ ਪੁਸ਼ਾਕਾਂ, ਡੱਬਾਬੰਦ ਭੋਜਨ, ਵਾਸ਼ਿੰਗ ਮਸ਼ੀਨਾਂ, ਡਰਾਇਰ ਆਦਿ ਨੇ ਸਾਡਾ ਰਹਿਣ ਸਹਿਣ ਬਦਲ ਦਿੱਤਾ ਹੈਕੋਠੀਆਂ ਵਿੱਚ ਪੱਥਰ ਦੀ ਵਰਤੋਂ ਨੇ ਹਰੇ-ਭਰੇ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹੇ ਤੋਰ ਦਿੱਤਾ ਹੈ

ਕਦੇ ਅਸੀਂ ਖੁਰਾਕੀ ਤੌਰ ’ਤੇ ਸਵੈ-ਨਿਰਭਰ ਸਾਂਸਬਜ਼ੀਆਂ ਖੇਤਾਂ ਵਿੱਚ ਉਗਾਉਂਦੇ ਸਾਂਫਲ਼ ਸਾਡੀ ਚੰਗੀ ਪੈਦਾਵਾਰ ਸੀਅੰਬਾਂ ਦੇ ਬਾਗ ਸਾਡੀ ਵਿਰਾਸਤ ਦਾ ਹਿੱਸਾ ਸਨਮੱਕੀ, ਜੌਂ, ਜਵਾਰ, ਬਾਜਰਾ, ਗੰਨਾ, ਨਰਮਾ, ਦਾਲਾਂ, ਛੋਲੇ ਅਸੀਂ ਆਪ ਉਗਾਉਂਦੇ ਸਾਂਅੱਜ ਅਸੀਂ ਮਹਿੰਗੇ ਭਾਅ ਇਹਨਾਂ ਦੀ ਖਰੀਦ ਕਰਦੇ ਹਾਂ ਕਿਉਂਕਿ ਅਸੀਂ ਫਸਲਾਂ ਅਤੇ ਬੀਜਾਂ ਲਈ ਦੂਸਰਿਆਂ ’ਤੇ ਨਿਰਭਰ ਹੋ ਗਏ ਹਾਂ

ਆਧੁਨਿਕ ਜੀਵਨ ਸ਼ੈਲੀ ਨੇ ਭਾਵੇਂ ਸਾਨੂੰ ਸਹੂਲਤਾਂ ਦਿੱਤੀਆਂ ਹਨ ਪਰ ਸਾਡੇ ਲਈ ਕਈ ਹੋਰ ਮੁਸੀਬਤਾਂ ਖੜ੍ਹੀਆਂ ਕਰ ਦਿੱਤੀਆਂ ਹਨਹਵਾ ਦੀ ਪਲੀਤਗੀ ਉਹਨਾਂ ਵਿੱਚੋਂ ਇੱਕ ਹੈਕਾਰਖਾਨਿਆਂ, ਭੱਠਿਆਂ ਅਤੇ ਬਿਜਲੀ ਇਕਾਈਆਂ ਵਿੱਚੋਂ ਨਿਕਲਦਾ ਕਾਲਾ ਧੂੰਆਂ ਹਵਾ ਪ੍ਰਦੂਸ਼ਣ ਵਿੱਚ ਜ਼ਿਆਦਾ ਯੋਗਦਾਨ ਪਾਉਂਦਾ ਹੈ ਇੱਥੇ ਹੀ ਬੱਸ ਨਹੀਂ, ਪੰਜਾਬ ਦੇ ਸ਼ਹਿਰ ਇੰਨਾ ਕੂੜਾ-ਕਚਰਾ ਪੈਦਾ ਕਰਦੇ ਹਨ ਕਿ ਸਾਂਭਿਆ ਨਹੀਂ ਜਾ ਰਿਹਾਮੱਖੀਆਂ-ਮੱਛਰਾਂ, ਕੀੜਿਆਂ-ਮਕੌੜਿਆਂ, ਚੂਹਿਆਂ ਦੀ ਭਰਮਾਰ ਹੋ ਗਈ ਹੈਪਲਾਸਟਿਕ ਦੇ ਲਿਫ਼ਾਫ਼ੇ ਤੇ ਬੋਤਲਾਂ ਉੱਤੇ ਭਾਵੇਂ ਪਾਬੰਦੀ ਹੈ, ਪਰ ਇਹਨਾਂ ਦੀ ਵਰਤੋਂ ਸ਼ਰੇਆਮ ਹੈ

ਸਾਡੇ ਪੁਰਖੇ ਸਾਡੇ ਲਈ ਖ਼ੂਬਸੂਰਤ ਜ਼ਮੀਨ ’ਤੇ ਪਾਣੀ ਦੀ ਵਿਰਾਸਤ ਛੱਡ ਕੇ ਗਏ ਪਰ ਅਸੀਂ ਆਪਣੀ ਅਗਲੀ ਪੀੜ੍ਹੀ ਪੱਲੇ ਬਦਬੂਦਾਰ ਵਿਗੜਿਆ ਵਾਤਾਵਰਣ ਪਾ ਰਹੇ ਹਾਂਸਾਡੇ ਵੱਲੋਂ ਕੀਤੀ ਜਾ ਰਹੀ ਅਜੀਬ ਜਿਹੀ ਅਲਗਰਜ਼ੀ ਸਾਡੀ ਜ਼ਿੰਦਗੀ, ਰੋਜ਼ੀ-ਰੋਟੀ ਤੇ ਮਾਂ-ਭੋਏਂ ਨੂੰ ਬਹੁਤ ਭਾਰੀ ਪੈ ਰਹੀ ਹੈਇਸ ਸਭ ਕੁਝ ਦੇ ਦੋਸ਼ੀ ਅਸੀਂ ਹਾਂਸਰਕਾਰ ਤੇ ਲੋਕਾਂ ਦਾ ਗ਼ੈਰ-ਜ਼ਿੰਮੇਵਾਰਾਨਾ ਰਵੱਈਆ ਪੰਜਾਬ ਦੇ ਵਾਤਾਵਰਣ ਦੇ ਵਿਗਾੜ ਦਾ ਵੱਡਾ ਕਾਰਨ ਹੈਅਸੀਂ ਸਭ ਕੁਝ ਸਮਝਦੇ ਹੋਏ ਵੀ ਅੱਖਾਂ ਮੀਟੀ ਬੈਠੇ ਹਾਂਵਿਅਕਤੀ ਅਤੇ ਸਮੂਹਿਕ ਪੱਧਰ ਦੇ ਵਾਤਾਵਰਣ ਸੁਧਾਰ ਦੇ ਯਤਨਾਂ ਦੀ ਘਾਟ ਸਾਨੂੰ ਅੱਖਰਦੀ ਹੈ

ਸਰਕਾਰੀ ਨੀਤੀਆਂ ਅਤੇ ਕਾਨੂੰਨ ਸਭ ਕਾਗਜ਼ੀ ਦਿਸ ਰਹੇ ਹਨਇਕੱਲੇ ਇਕਹਿਰੇ ਯਤਨ ਪੰਜਾਬ ਦੇ ਵਿਗੜ ਰਹੇ ਵਾਤਾਵਰਣ ਨੂੰ ਸੁਆਰ ਨਹੀਂ ਸਕਦੇਕਿਸੇ ਨੇ ਸੋਚਿਆ ਹੀ ਨਹੀਂ ਹੋਏਗਾ ਕਿ ਕਦੇ ਆਪਣੀ ਚੰਗੀ ਰਹਿਤਲ ਤੇ ਪਾਣੀਆਂ ਦੇ ਨਾਂ ’ਤੇ ਜਾਣੇ ਜਾਂਦੇ ਪੰਜਾਬ ਨੂੰ ਆਹ ਦਿਨ ਵੀ ਦੇਖਣੇ ਪੈਣਗੇਪਤਾ ਨਹੀਂ ਅਸੀਂ ਇਹ ਸਮਝ ਕਿਉਂ ਨਹੀਂ ਰਹੇ ਕਿ ਪੰਜਾਬ ਕੋਲ ਪਾਣੀ ਨੂੰ ਛੱਡ ਕੇ ਹੋਰ ਕੋਈ ਕੁਦਰਤੀ ਵਸੀਲਾ ਹੈ ਵੀ ਨਹੀਂਪਾਣੀ ਜਾਂ ਤਾਂ ਮੁੱਕ ਰਿਹਾ ਹੈ ਜਾਂ ਜ਼ਹਿਰੀਲਾ ਹੋ ਰਿਹਾ ਹੈ ਤੇ ਜਾਂ ਇਸ ’ਤੇ ਸਿਆਸੀ ਸੰਨ ਲਾਈ ਜਾ ਰਹੀ ਹੈਹਵਾ ਇਸ ਧਰਤੀ ਦੇ ਪ੍ਰਦੂਸ਼ਣੀ ਤੱਤਾਂ ਨਾਲ ਭਰੀ ਪਈ ਹੈਹਰ ਸਾਲ ਪੰਜਾਬ ਦਾ ਤਾਪਮਾਨ ਵਧਦਾ ਜਾ ਰਿਹਾ ਹੈ, ਪਤਾ ਨਹੀਂ ਕਿਉਂ ਫਿਰ ਵੀ ਅਸੀਂ ਇਸ ਸਥਿਤੀ ਤੋਂ ਭੈ-ਭੀਤ ਕਿਉਂ ਨਹੀਂ ਹੋ ਰਹੇ?

ਸਰਕਾਰਾਂ, ਸੰਸਥਾਵਾਂ ਹਰ ਵਰ੍ਹੇ ਲੱਖਾਂ ਪੌਦੇ ਲਾਉਣ ਦਾ ਦਾਅਵਾ ਕਰਦੀਆਂ ਹਨ, ਪਰ ਇਹਨਾਂ ਵਿੱਚੋਂ ਬਚਦੇ ਕਿੰਨੇ ਹਨ? ਜਿਸ ਢੰਗ ਨਾਲ ਪੰਜਾਬ ਤਬਾਹ ਹੋ ਰਿਹਾ ਹੈ, ਇਸਦਾ ਵਾਤਾਵਰਣ ਪਲੀਤ ਹੋ ਰਿਹਾ ਹੈ, ਇਹ ਵੱਡੀ ਚਿੰਤਾ ਦਾ ਵਿਸ਼ਾ ਹੈਕਿੰਨੇ ਕੁ ਯਤਨ ਪੰਜਾਬ ਨੂੰ ਹਰਿਆ-ਭਰਿਆ ਰੱਖਣ ਲਈ ਸਾਡੀਆਂ ਧਾਰਮਿਕ, ਸਮਾਜਿਕ ਸੰਸਥਾਵਾਂ ਕਰਦੀਆਂ ਹਨ? ਬਿਨਾਂ ਸ਼ੱਕ ਪਾਣੀ, ਹਵਾ, ਅਵਾਜ਼ ਪ੍ਰਦੂਸ਼ਣ ਵਰਗੇ ਪ੍ਰਦੂਸ਼ਣ ਦੇ ਨਾਲ-ਨਾਲ ਮਨਾਂ ਦੇ ਪ੍ਰਦੂਸ਼ਣ ਨੂੰ ਡੱਕਾ ਲਾਉਣ ਦੀ ਲੋੜ ਹੈਨਰੋਇਆ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੇ ਨਾਅਰੇ ਪੰਜਾਬ ਦਾ ਕੁਝ ਸੁਆਰ ਨਹੀਂ ਸਕਦੇ, ਸਿਆਸੀ ਇੱਛਾ ਸ਼ਕਤੀ ਨਾਲ ਨਿੱਠ ਕੇ ਕੀਤੇ ਸਮੂਹਿਕ ਯਤਨ ਉੱਜੜ ਰਹੇ ਪੰਜਾਬ ਦੇ ਮੁੜ ਵਸੇਬੇ ਲਈ ਸਾਰਥਿਕ ਹੋ ਸਕਦੇ ਹਨ

   *   *   *   *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(5141)
ਰਚਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ: This email address is being protected from spambots. You need JavaScript enabled to view it.

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author